Join WhatsApp

Join Now

ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

On: ਅਗਸਤ 28, 2026 12:26 ਬਾਃ ਦੁਃ

 

ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਮਾਨ

ਪਹਿਲਾਂ ਚੋਰਾਂ ਦੀ ਸਰਕਾਰ ਸੀ ਤਾਂ ਕੋਈ ਕੰਮ ਨਹੀਂ ਹੁੰਦਾ ਸੀ, ਅੱਜ ਇਮਾਨਦਾਰ ਸਰਕਾਰ ਹੈ, ਸਾਰੇ ਕੰਮ ਹੋ ਰਹੇ ਹਨ-ਭਗਵੰਤ ਸਿੰਘ ਮਾਨ

ਕਰਤਾਰਪੁਰ; 28 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ।

90 ਫ਼ੀਸਦੀ ਘਰਾਂ ਦੇ ਜ਼ੀਰੋ ਬਿਜਲੀ ਬਿੱਲਾਂ, ਕਿਸਾਨਾਂ ਲਈ ਦਿਨ ਵੇਲੇ ਨਹਿਰੀ ਪਾਣੀ ਅਤੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ 70,840 ਸਰਕਾਰੀ ਨੌਕਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵਾਲੀ “ਚੋਰਾਂ ਦੀ ਸਰਕਾਰ” ਅਤੇ ਮੌਜੂਦਾ “ਇਮਾਨਦਾਰ ਸਰਕਾਰ” ਵਿਚਕਾਰ ਦਾ ਫ਼ਰਕ ਸਾਫ਼ ਦੇਖ ਸਕਦੇ ਹਨ। ਉਨ੍ਹਾਂ ਨੇ ਪੂਰੇ ਸੂਬੇ ਵਿੱਚ ਨਸ਼ਾ ਫੈਲਾਉਣ ਲਈ ਅਕਾਲੀਆਂ ‘ਤੇ ਨਿਸ਼ਾਨਾ ਸਾਧਿਆ, ਜਦਕਿ ਇਹ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ‘ਤੇ ਕਾਬੂ ਪਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ, ਜੋ ਕਿ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦਾ ਇੱਕ ਮੁੱਖ ਕਾਰਨ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਇਤਿਹਾਸਕ ਫ਼ਤਵਾ ਦਿੱਤਾ ਅਤੇ ਪ੍ਰਕਾਸ਼ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਕਈ ਸਿਆਸੀ ਥੰਮ੍ਹਾਂ ਨੂੰ ਉਨ੍ਹਾਂ ਦੇ ਰਵਾਇਤੀ ਗੜ੍ਹਾਂ ਤੋਂ ਹਰਾਇਆ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕਾਂ ਨੇ ਆਪਣੀ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਲੋਕਾਂ ਨੂੰ ਹਰਾਇਆ ਜਿਨ੍ਹਾਂ ਨੇ ਉਨ੍ਹਾਂ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਨੇ ਵਾਗਡੋਰ ਸੰਭਾਲੀ। ਇਹਨਾਂ ਰਵਾਇਤੀ ਸਿਆਸੀ ਪਾਰਟੀਆਂ ਦਾ ਇੱਕੋ-ਇੱਕ ਏਜੰਡਾ ਪੰਜਾਬ ਨੂੰ ਬਦਨਾਮ ਕਰਨਾ ਹੈ। ਇਹ ਸਿਰਫ਼ ਲੋਕਾਂ ਨੂੰ ਲੁੱਟਣ ਲਈ ਸੱਤਾ ਚਾਹੁੰਦੇ ਹਨ।”

ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਆਗੂ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਕਿ ਇਕ ਆਮ ਪਰਿਵਾਰ ਦਾ ਵਿਅਕਤੀ ਸੂਬਾ ਚਲਾ ਰਿਹਾ ਹੈ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ, “ਉਹ ਮੇਰੇ ਤੋਂ ਈਰਖਾ ਕਰਦੇ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਆਉਂਦਾ ਹਾਂ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਇਹ ਆਗੂ ਹਮੇਸ਼ਾ ਮੰਨਦੇ ਸਨ ਕਿ ਪੰਜਾਬ ‘ਤੇ ਰਾਜ ਕਰਨਾ ਉਨ੍ਹਾਂ ਦਾ ਇਲਾਹੀ ਹੱਕ ਹੈ। ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਇੰਨੇ ਚੰਗੇ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਨੇ ਲੰਬੇ ਸਮੇਂ ਤੱਕ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਲੋਕ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਆਗੂਆਂ ਨੂੰ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਆਪਣੇ ਸੱਤਾ ਦੇ ਸਾਲਾਂ ਦੌਰਾਨ ਮਹਿਲਾਂ ਵਿੱਚ ਸਮਾਂ ਬਿਤਾਇਆ ਅਤੇ ਆਮ ਲੋਕਾਂ ਤੋਂ ਦੂਰ ਰਹੇ। ਉਨ੍ਹਾਂ ਅੱਗੇ ਕਿਹਾ, “ਜਿਹੜੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰਨਗੇ, ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ ਹੈ। ਅੱਜ ਉਨ੍ਹਾਂ ਨੂੰ ਕਮੇਟੀ ਬਣਾਉਣ ਲਈ ਪੰਜ ਬੰਦੇ ਵੀ ਨਹੀਂ ਮਿਲ ਰਹੇ। ਪੰਜਾਬ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇਹਨਾਂ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਦਾ ਕਰਾਰਾ ਸਬਕ ਸਿਖਾਇਆ ਹੈ।”

ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੇ ਲੰਬੇ ਕੁਸ਼ਾਸਨ ਦੌਰਾਨ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਪਾਪ ਕੀਤਾ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਿਰਦੋਸ਼ ਲੋਕਾਂ ‘ਤੇ ਗੋਲੀਆਂ ਚਲਵਾਈਆਂ। ਉਨ੍ਹਾਂ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਸੂਬੇ ਵਿੱਚ ਮਾਫ਼ੀਏ ਨੂੰ ਸ਼ਹਿ ਦਿੱਤੀ। ਅਕਾਲੀ ਦਲ ਨੂੰ ਪਾਇਆ ਗਿਆ ਹਰ ਵੋਟ ਬੇਅਦਬੀ ਦੇ ਹੱਕ ਵਿੱਚ ਫ਼ਤਵਾ ਹੋਵੇਗਾ। ਅਕਾਲੀ ਲੀਡਰਸ਼ਿਪ ਨੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ, ਉਸ ਲਈ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਨਸ਼ਾ ਤਸਕਰੀ ਦੀ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਨੇ ਪੈਰ ਪਸਾਰੇ।”

ਉਨ੍ਹਾਂ ਕਿਹਾ, “ਸੱਤਾ ਦੀ ਲਾਲਸਾ ਖਾਤਰ ਅਕਾਲੀ ਦਲ ਹੁਣ ਭਾਜਪਾ ਨਾਲ ਗਠਜੋੜ ਲਈ ਤਰਲੇ ਮਾਰ ਰਿਹਾ ਹੈ, ਜਿਸ ਦੇ ਹੱਥ 700 ਤੋਂ ਵੱਧ ਉਨ੍ਹਾਂ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਜੋ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਸ਼ਹੀਦ ਹੋ ਗਏ ਸਨ। ਇਸ ਅਕਾਲੀ-ਭਾਜਪਾ ਗਠਜੋੜ ਦੀ ਕੋਈ ਵਿਚਾਰਧਾਰਾ ਜਾਂ ਜਨਤਕ ਭਲਾਈ ਦੀ ਚਿੰਤਾ ਨਹੀਂ ਹੈ। ਇਸ ਦਾ ਇੱਕੋ-ਇੱਕ ਮਕਸਦ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਜਿਹੀਆਂ ਸਿਆਸੀ ਚਾਲਾਂ ਨਾਲ ਮੂਰਖ ਨਹੀਂ ਬਣਨਗੇ ਅਤੇ ਦੋਵਾਂ ਪਾਰਟੀਆਂ ਨੂੰ ਢੁਕਵਾਂ ਜਵਾਬ ਦੇਣਗੇ। “ਅਕਾਲੀ ਆਗੂਆਂ ਨੂੰ ਹਮੇਸ਼ਾ ਪੰਜਾਬ ਜਾਂ ਪੰਜਾਬੀਆਂ ਨਾਲੋਂ ਆਪਣੇ ਹਿੱਤਾਂ ਦੀ ਚਿੰਤਾ ਰਹਿੰਦੀ ਹੈ। ਜੇਕਰ ਪ੍ਰਧਾਨ ਮੰਤਰੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਫ਼ੋਨ ਵੀ ਕਰਦੇ ਹਨ ਤਾਂ ਉਹ ਪੰਜਾਬ ਨੂੰ ਲੁੱਟਣ ਲਈ ਦਿੱਲੀ ਨਾਲ ਗਠਜੋੜ ਦੇ ਸੁਫ਼ਨੇ ਦੇਖਣ ਲੱਗ ਪੈਂਦੇ ਹਨ। ‘ਆਪ’ ਸਿਰਫ਼ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ।”

ਕਾਂਗਰਸ ਦੀ ਅੰਦਰੂਨੀ ਫੁੱਟ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, “ਉਹ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੱਤਾ ਵਾਸਤੇ ਲੜ ਰਹੇ ਹਨ, ਜਦਕਿ ਅਸੀਂ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਅਸੀਂ ਆਪਸ ਵਿੱਚ ਨਹੀਂ ਲੜਦੇ; ਸਾਡੀ ਲੜਾਈ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਅਤੇ ਲੋਕਾਂ ਦੀ ਭਲਾਈ ਲਈ ਹੈ।”

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਅਤੇ ਉਸ ਦਾ ਇੱਕੋ-ਇੱਕ ਮਕਸਦ ਸੱਤਾ ਵਿੱਚ ਆ ਕੇ ਸੂਬੇ ਦੀ ਦੌਲਤ ਲੁੱਟਣਾ ਹੈ। “ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਏਜੰਡਾ ਨਹੀਂ ਹੈ। ਇਸ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਫ਼ਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਰਕੇ ਹੀ ਢਹਿ ਢੇਰੀ ਹੋ ਜਾਵੇਗਾ। ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਇੱਕਜੁੱਟ ਕਰਨ ਆਉਣ ਵਾਲੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਵੀ ਇਹ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਦੇ ਨਾਵਾਂ ਦਾ ਉਚਾਰਨ ਕਿਵੇਂ ਕਰਨਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਲੋਕਾਂ ਦਾ ਪੈਸਾ ਸਮਝਦਾਰੀ ਨਾਲ ਲੋਕ ਭਲਾਈ ‘ਤੇ ਖ਼ਰਚ ਹੋਵੇ। “ਮੈਂ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਬਹਾਇਆ ਹੈ। ਪਹਿਲੀਆਂ ਸਰਕਾਰਾਂ ਵਾਂਗ ਮੈਂ ਕਦੇ ਵੀ ਆਪਣੇ ਲਈ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ ਰੁਪਿਆ ਵੀ ਨਹੀਂ ਮੰਗਿਆ। ਇਸ ਦੀ ਬਜਾਏ, ਮੈਂ ਇਹ ਯਕੀਨੀ ਬਣਾਇਆ ਹੈ ਕਿ ਕਰਦਾਤਿਆਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਲੋਕ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕੀਤਾ ਜਾਵੇ।”

ਉਨ੍ਹਾਂ ਕਿਹਾ ਕਿ ਲੋਕਾਂ ਦਾ ਪੁੱਤ ਅਤੇ ਭਰਾ ਹੋਣ ਦੇ ਨਾਤੇ ਉਹ ਉਨ੍ਹਾਂ ਦੀਆਂ ਤਕਲੀਫ਼ਾਂ ਨੂੰ ਸਮਝਦੇ ਹਨ ਅਤੇ ਮਹਿਲਾਂ ਦੀ ਐਸ਼ੋ-ਆਰਾਮ ਵਾਲੀ ਜ਼ਿੰਦਗੀ ਜਿਊਣ ਦੀ ਬਜਾਏ ਲੋਕਾਂ ਦੀ ਪਹੁੰਚ ਵਿੱਚ ਰਹੇ ਹਨ। “ਪਹਿਲਾਂ ਕਿਸੇ ਵੀ ਹਾਕਮ ਨੇ ਲੋਕਾਂ ਦੀਆਂ ਤਕਲੀਫ਼ਾਂ ਬਾਰੇ ਵਿਸਥਾਰ ਨਾਲ ਗੱਲਬਾਤ ਕਰਨ ਅਤੇ ਸੇਵਾ ਭਾਵਨਾ ਨਾਲ ਉਨ੍ਹਾਂ ਦਾ ਹੱਲ ਕਰਨ ਲਈ ਇਸ ਤਰ੍ਹਾਂ ਲੋਕਾਂ ਵਿੱਚ ਆ ਕੇ ਕੰਮ ਨਹੀਂ ਕੀਤਾ। ਉਹ ਹੰਕਾਰੀ ਸਿਆਸਤਦਾਨ ਆਪਣੇ ਵੱਡੇ ਬੰਗਲਿਆਂ ਦੀਆਂ ਉੱਚੀਆਂ ਕੰਧਾਂ ਪਿੱਛੇ ਸੀਮਤ ਰਹੇ। ਮੈਂ ਹਮੇਸ਼ਾ ਮੈਦਾਨ ਵਿੱਚ ਰਿਹਾ ਹਾਂ, ਲੋਕਾਂ ਤੋਂ ਫ਼ੀਡਬੈਕ ਲੈਂਦਾ ਹਾਂ ਅਤੇ ਵਿਕਾਸਮੁਖੀ ਤੇ ਲੋਕ ਪੱਖੀ ਨੀਤੀਆਂ ਬਣਾਉਂਦਾ ਹਾਂ।”

 

More

ਭਗਵੰਤ ਮਾਨ ਸਰਕਾਰ ਨੇ ਸਾਨੂੰ ਹੜ੍ਹ ਪੀੜਤ ਕਿਸਾਨਾਂ ਦੀ ਨਹੀਂ ਦਿੱਤੀ ਲਿਸਟ, ਅਸੀਂ ਮੁਆਵਜ਼ਾ ਕਿਵੇਂ ਦਿੰਦੇ? ਸ਼ਿਵਰਾਜ ਚੌਹਾਨ ਦਾ ਵੱਡਾ ਦਾਅਵਾ

“ਵਾਅਦੇ ਕਰਕੇ ਭੁੱਲੀ ਸਰਕਾਰ”: ਪੂਰੇ ਲਾਭ ਨਾ ਮਿਲਣ ਤੋਂ ਖਫ਼ਾ ਸਿੱਖਿਆ ਪ੍ਰੋਵਾਈਡਰਾਂ ਨੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ; ਹੁਣ PSSSB ਦੇ ਲਿਖਤੀ ਪੇਪਰ ਲਈ ਮਿਲੇਗੀ ਮੁਫ਼ਤ ਕੋਚਿੰਗ

“ਨਾਲੇ ਚੋਰੀ, ਨਾਲੇ ਸੀਨਾਜ਼ੋਰੀ”! DA ਦੇ ਮੁੱਦੇ ‘ਤੇ ਜਾਖੜ ਨੇ ਪੰਜਾਬ ਸਰਕਾਰ ਨੂੰ ਘੇਰਿਆ, ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਲਾਇਆ ਦੋਸ਼

Punjab News: ਸਕੂਲ ਜਾ ਰਹੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਸੜਕ ਹਾਦਸਾ, ਇੱਕ ਵਿਦਿਆਰਥੀ ਦੀ ਮੌਤ

ਵੱਡੀ ਖ਼ਬਰ: ਪੰਜਾਬ ਦੇ ਹੜਤਾਲੀ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਅਗਲੇ ਸੰਘਰਸ਼ ਬਾਰੇ ਕਰ’ਤਾ ਵੱਡਾ ਐਲਾਨ

Leave a Comment