ਰੱਖੜ ਪੁੰਨਿਆ ਮੌਕੇ CM ਮਾਨ ਦੇ ਨਿਸ਼ਾਨੇ ‘ਤੇ ਰਿਹਾ ਅਕਾਲੀ ਦਲ; ਕਿਹਾ- ਪੰਜਾਬ ‘ਤੇ 25 ਸਾਲ ਰਾਜ ਕਰਨ ਵਾਲਿਆਂ ਨੂੰ ਹੁਣ ਕਮੇਟੀ ਬਣਾਉਣ ਲਈ 25 ਮੈਂਬਰ ਵੀ ਨਹੀਂ ਮਿਲ ਰਹੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ
ਬਾਬਾ ਬਕਾਲਾ, 28 ਅਗਸਤ 2026- ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ‘ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ੍ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ ‘ਸਤਿਕਾਰ ਸਖੀਆਂ’ ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।
ਰੱਖੜ ਪੁੰਨਿਆ ਦੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ-ਕੱਲ੍ਹ ਦੇ ਕਈ ‘ਮਸੰਦ’ ਧਰਮ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮੌਕੇ ਰੈਲੀਆਂ ਕਰ ਰਹੇ ਹਨ। ਇਹ ਗੁਨਾਹਗਾਰ ਲੋਕ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਧਰਮ ਦੀ ਵਰਤੋਂ ਕਰ ਰਹੇ ਹਨ, ਪਰ ਪੰਜਾਬੀ ਉਨ੍ਹਾਂ ਦੀਆਂ ਗੱਲਾਂ ‘ਚ ਨਹੀਂ ਆਉਣਗੇ। ਇਹ ਅਜੋਕੇ ਮਸੰਦ ਹਮਲੇ ਤੋਂ ਬਾਅਦ ਆਪਣੇ ਜ਼ਖ਼ਮ ਵਿਖਾ ਕੇ ਲੋਕਾਂ ਤੋਂ ਹਮਦਰਦੀ ਲੈਣ ਦੀ ਕੋਸ਼ਿਸ਼ ਕਰਕੇ ਹੇਠਲੇ ਪੱਧਰ ’ਤੇ ਡਿੱਗ ਰਹੇ ਹਨ।”
ਉਨ੍ਹਾਂ ਕਿਹਾ, “ਸੂਬੇ ਦੇ ਸੂਝਵਾਨ ਲੋਕਾਂ ਨੇ ਉਨ੍ਹਾਂ ਲੀਡਰਾਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ ਜੋ ਆਪਣੇ ਸੱਤਾ ਦੇ ਦਿਨਾਂ ‘ਚ ਮਹਿਲਾਂ ‘ਚ ਰਹਿੰਦੇ ਸਨ ਅਤੇ ਕਦੇ ਆਮ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ। 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁੰਮਨਾਮੀ ‘ਚ ਭੇਜ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਕਮੇਟੀ ਬਣਾਉਣ ਲਈ 25 ਮੈਂਬਰ ਵੀ ਨਹੀਂ ਮਿਲ ਰਹੇ। ਸੂਬੇ ਦੇ ਸਿਆਣੇ ਅਤੇ ਬਹਾਦਰ ਲੋਕਾਂ ਨੇ ਅਜਿਹੇ ਹੰਕਾਰੀ ਲੀਡਰਾਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ।”
ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਆਪਣੇ ਲੰਬੇ ਕੁਸ਼ਾਸਨ ਦੌਰਾਨ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਨਿਰਦੋਸ਼ ਲੋਕਾਂ ‘ਤੇ ਗੋਲੀਬਾਰੀ ਕਰਵਾਉਣ ਦਾ ਪਾਪ ਕੀਤਾ। ਅਕਾਲੀਆਂ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਕਈ ਮਾਫੀਏ ਨੂੰ ਸ਼ਹਿ ਦੇਣ ਤੋਂ ਇਲਾਵਾ ਸੂਬੇ ਨੂੰ ਬੇਰਹਮੀ ਨਾਲ ਲੁੱਟਿਆ। ਅਕਾਲੀਆਂ ਨੂੰ ਪਾਈ ਹਰ ਵੋਟ ਬੇਅਦਬੀ ਦੇ ਹੱਕ ‘ਚ ਫ਼ਤਵਾ ਹੋਵੇਗੀ। ਅਕਾਲੀ ਲੀਡਰਸ਼ਿਪ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੇ ਬਰਬਾਦ ਹੋਣ ਲਈ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਦੇ ਰਾਜ ‘ਚ ਨਸ਼ੇ ਦੇ ਵਪਾਰ ਨੂੰ ਸ਼ਹਿ ਮਿਲੀ।”
ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ, “ਜੇਕਰ ਪ੍ਰਧਾਨ ਮੰਤਰੀ ਅਕਾਲੀ ਨੇਤਾਵਾਂ ਦਾ ਹਾਲ-ਚਾਲ ਪੁੱਛਣ ਲਈ ਫ਼ੋਨ ਵੀ ਕਰ ਲੈਣ ਤਾਂ ਉਹ ਪੰਜਾਬ ਨੂੰ ਲੁੱਟਣ ਲਈ ਦਿੱਲੀ ਨਾਲ ਗੱਠਜੋੜ ਕਰਨ ਦੇ ਸੁਫ਼ਨੇ ਵੇਖਣ ਲੱਗ ਪੈਂਦੇ ਹਨ। ਇਹ ਸੱਚ ਹੈ ਕਿ ਅਕਾਲੀ ਨੇਤਾਵਾਂ ਨੂੰ ਹਮੇਸ਼ਾ ਪੰਜਾਬ ਜਾਂ ਪੰਜਾਬੀਆਂ ਨਾਲੋਂ ਆਪਣੇ ਹਿੱਤਾਂ ਦੀ ਚਿੰਤਾ ਹੁੰਦੀ ਹੈ, ਜਦਕਿ ਆਮ ਆਦਮੀ ਪਾਰਟੀ ਸਿਰਫ਼ ਪੰਜਾਬ ਲਈ ਵਚਨਬੱਧ ਹੈ।”
ਉਨ੍ਹਾਂ ਕਿਹਾ, “ਸੱਤਾ ਦੀ ਭੁੱਖ ਮਿਟਾਉਣ ਲਈ ਅਕਾਲੀ ਦਲ ਹੁਣ ਭਾਜਪਾ ਨਾਲ ਗੱਠਜੋੜ ਲਈ ਤਰਲੇ ਮਾਰ ਰਹਾ ਹੈ, ਜਿਸ ਦੇ ਹੱਥ 700 ਤੋਂ ਵੱਧ ਉਨ੍ਹਾਂ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਜੋ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਸਨ। ਅਕਾਲੀ-ਭਾਜਪਾ ਗੱਠਜੋੜ ਬਿਨਾਂ ਕਿਸੇ ਵਿਚਾਰਧਾਰਾ ਜਾਂ ਬਿਨਾਂ ਲੋਕ ਭਲਾਈ ਦੇ ਹੈ ਅਤੇ ਇਸ ਦਾ ਇੱਕੋ-ਇੱਕ ਮਕਸਦ ਸੂਬੇ ‘ਚ ਸੱਤਾ ਹਾਸਲ ਕਰਨਾ ਹੈ। ਲੋਕ ਇਹਨਾਂ ਪਾਰਟੀਆਂ ਦੇ ਗੁੰਮਰਾਹਕੁੰਨ ਦਾਅਵਿਆਂ ‘ਚ ਨਹੀਂ ਆਉਣਗੇ ਅਤੇ ਆਉਣ ਵਾਲੇ ਦਿਨਾਂ ‘ਚ ਇਹਨਾਂ ਨੂੰ ਸਬਕ ਸਿਖਾਉਣਗੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੇਸ਼ ਦੇ ਕਿਸੇ ਵੀ ਸੂਬੇ ‘ਚ ਜਿੱਤ ਸਕਦੀ ਹੈ ਪਰ ਇਸ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ- ਪੈਗੰਬਰਾਂ ਅਤੇ ਸ਼ਹੀਦਾਂ ਦੀ ਇਸ ਧਰਤੀ ਤੋਂ ਜਿੱਤਣ ਦਾ ਸੁਫ਼ਨਾ ਕਦੇ ਨਹੀਂ ਵੇਖਣਾ ਚਾਹੀਦਾ। ਸੂਬੇ ਦੇ ਲੋਕ ਭਾਜਪਾ ਦੇ ਦੋਹਰੇ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਨੂੰ ਸਬਕ ਜ਼ਰੂਰ ਸਿਖਾਉਣਗੇ। ਪੰਜਾਬੀ ਕਦੇ ਨਹੀਂ ਭੁੱਲ ਸਕਦੇ ਕਿ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਭਾਜਪਾ ਵੱਲੋਂ ਸੂਬੇ ਦੇ ਅੰਨਦਾਤਿਆਂ ਦਾ ਕਿਵੇਂ ਅਪਮਾਨ ਕੀਤਾ ਗਿਆ ਸੀ। ਭਾਜਪਾ ਵੱਲੋਂ ਸੂਬੇ ਅਤੇ ਇਸ ਦੇ ਲੋਕਾਂ ਨਾਲ ਕੀਤੇ ਅਨਿਆਂ ਅਤੇ ਮਤਰੇਈ ਮਾਂ ਵਾਲੇ ਸਲੂਕ ਦੀ ਲੰਮੀ ਕਹਾਣੀ ਹੈ।”
ਉਨ੍ਹਾਂ ਕਿਹਾ, “ਭਾਜਪਾ ਸੂਬੇ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਭਾਖੜਾ ਡੈਮ, ਦਰਿਆਈ ਪਾਣੀਆਂ ਅਤੇ ਇਸ ਦੇ ਹਰ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦੇ ਵਿਕਾਸ ਨੂੰ ਲੀਹੋਂ ਲਾਹੁਣ ਲਈ ਸੂਬੇ ਦੀਆਂ ਗ੍ਰਾਂਟਾਂ ਦਾ ਬਣਦਾ ਵੱਡਾ ਹਿੱਸਾ ਰੋਕ ਰੱਖਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸੂਬੇ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੇਗੀ ਕਿਉਂਕਿ ਲੋਕ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਵਾ ਵਿੱਚ ਮਹਿਲ ਉਸਾਰਨ ਦੀ ਬਜਾਏ ਭਾਜਪਾ ਲੀਡਰਸ਼ਿਪ ਨੂੰ ਇਹ ਵਹਿਮ ਕੱਢ ਦੇਣਾ ਚਾਹੀਦਾ ਹੈ ਕਿ ਉਹ ਕਦੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋ ਜਾਣਗੇ ਕਿਉਂਕਿ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਉਨ੍ਹਾਂ ਦੇ ਗੁਨਾਹ ਬਿਲਕੁਲ ਵੀ ਬਖ਼ਸ਼ਣਯੋਗ ਨਹੀਂ ਹਨ। ਭਾਜਪਾ ਕਿਸ ਮੂੰਹ ਨਾਲ ਪੰਜਾਬ ‘ਚ ਪੈਰ ਪਾਵੇਗੀ, ਉਹ ਵੀ ਉਦੋਂ, ਜਦੋਂ ਇਸ ਦੇ ਆਗੂਆਂ ਨੇ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਦੇ ਮੁੱਦੇ ਨਹੀਂ ਚੁੱਕੇ? ਸੂਬੇ ਦੇ ਨਿਡਰ ਅਤੇ ਸੂਝਵਾਨ ਲੋਕ ਭਾਜਪਾ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇਹੀ ਲੋਕ ਪੰਜਾਬ ‘ਚੋਂ ਭਾਜਪਾ ਦਾ ਸਿਆਸੀ ਤੌਰ ‘ਤੇ ਨਾਮੋ-ਨਿਸ਼ਾਨ ਮਿਟਾ ਦੇਣਗੇ।”
ਕਾਂਗਰਸ ਪਾਰਟੀ ਵਿੱਚ ਚੱਲ ਰਹੀ ਆਪਸੀ ਖਿੱਚੋਤਾਣ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਜਿੱਥੇ ਇਸ ਦੇ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੱਤਾ ਖ਼ਾਤਰ ਆਪਸ ਵਿੱਚ ਲੜ ਰਹੇ ਹਨ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਆਪਸ ਵਿੱਚ ਨਹੀਂ ਲੜਦੀ ਸਗੋਂ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਸੂਬੇ ਦੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ ਅਤੇ ਹੋਰ ਭਲਾਈ ਸਕੀਮਾਂ ਲਈ ਹੈ, ਜਦਕਿ ਕਾਂਗਰਸੀ ਆਗੂ ਸੱਤਾ ਦੀ ਭੁੱਖ ਵਿੱਚ ਆਪਸੀ ਕਾਟੋ ਕਲੇਸ਼ ਕਰਕੇ ਇੱਕ-ਦੂਜੇ ਨਾਲ ਅੱਖ ਵੀ ਨਹੀਂ ਮਿਲਾ ਰਹੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਏਜੰਡਾ ਨਹੀਂ ਹੈ, ਉਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਇੱਕ ਵੰਡਿਆਂ ਹੋਇਆ ਘਰ ਹੈ ਜੋ ਇਨ੍ਹਾਂ ਦੀ ਆਪਸੀ ਲੜਾਈ ਕਾਰਨ ਹੀ ਢਹਿ-ਢੇਰੀ ਹੋ ਜਾਵੇਗਾ। ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਸੱਤਾ ਲਈ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕਜੁੱਟ ਕਰਨ ਲਈ ਆਉਣ ਵਾਲੇ ਕਾਂਗਰਸ ਦੇ ਵੱਡੇ ਆਗੂਆਂ ਨੂੰ ਪੰਜਾਬ ਦੇ ਇਨ੍ਹਾਂ ਆਗੂਆਂ ਦਾ ਨਾਂ ਤੱਕ ਨਹੀਂ ਲੈਣਾ ਆਉਂਦਾ।”
ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਇਸ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ। ਉਹਨਾਂ ਨੇ ਆਈ ਹੋਈ ਸਮੂਹ ਸੰਗਤ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਹਾਜ਼ਰ ਸਨ।
















