ਮੈਰੀਟੋਰੀਅਸ ਸਕੂਲਾਂ ਦੇ ਕੱਚੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ; ਕੱਲ੍ਹ ਭਗਵੰਤ ਮਾਨ ਸਰਕਾਰ ਦੇ ਫੂਕਣਗੇ ਪੁਤਲੇ
ਪੱਕੀਆਂ ਨੌਕਰੀਆਂ ਦੀ ਮੰਗ ’ਤੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਆਰ-ਪਾਰ ਦੇ ਰੌਂਅ ’ਚ, 5 ਸਤੰਬਰ ਨੂੰ ਰੋਸ ਮੁਜ਼ਾਹਰਾ
ਸਾਲਾਂ ਤੋਂ ਕੱਚੇ ਅਧਿਆਪਕਾਂ ਦਾ ਸਬਰ ਟੁੱਟਿਆ, ਮੈਰੀਟੋਰੀਅਸ ਸਕੂਲਾਂ ਦੇ ਸਟਾਫ਼ ਵੱਲੋਂ ਸਰਕਾਰ ਵਿਰੁੱਧ ਵੱਡੇ ਸੰਘਰਸ਼ ਦਾ ਐਲਾਨ
ਮੋਹਾਲੀ 4 ਸਤੰਬਰ 2026
ਮੈਰੀਟੋਰੀਅਸ ਸਕੂਲਾਂ ਵਿੱਚ ਲੰਬੇ ਸਮੇਂ ਤੋਂ ਠੇਕਾ ਆਧਾਰਿਤ ਅਤੇ ਅਸਥਾਈ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਅਗਵਾਈ ਵਿੱਚ ਮੋਹਾਲੀ ਸਮੇਤ ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਫ਼ਿਰੋਜ਼ਪੁਰ ਵਿਖੇ 5 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਯੂਨੀਅਨ ਆਗੂ ਮੈਡਮ ਟੀਨਾ ਕਲਸੀ ਨੇ ਦੱਸਿਆ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜਦੋਂ ਦੇਸ਼ ਭਰ ਵਿੱਚ ਅਧਿਆਪਕਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ, ਉਸੇ ਦਿਨ ਮੈਰੀਟੋਰੀਅਸ ਸਕੂਲਾਂ ਦਾ ਸਟਾਫ਼ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਵੇਗਾ। ਮੋਹਾਲੀ ਦੇ ਸੈਕਟਰ-70 ਸਥਿਤ ਮੈਰੀਟੋਰੀਅਸ ਸਕੂਲ ਦੇ ਮੁੱਖ ਦਰਵਾਜ਼ੇ ਦੇ ਬਾਹਰ ਬਾਅਦ ਦੁਪਹਿਰ 2:15 ਵਜੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਪੁਤਲਾ ਫੂਕ ਕੇ ਰੋਸ ਜਤਾਇਆ ਜਾਵੇਗਾ।
ਯੂਨੀਅਨ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਆਪਕ ਅਤੇ ਹੋਰ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਘੱਟ ਤਨਖ਼ਾਹਾਂ ਅਤੇ ਨੌਕਰੀ ਦੀ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਆਪਣੇ ਰੁਜ਼ਗਾਰ ਦਾ ਭਵਿੱਖ ਅਸਪਸ਼ਟ ਬਣਿਆ ਹੋਇਆ ਹੈ।
ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਸਬੰਧੀ ਭਰੋਸੇ ਦਿੱਤੇ ਜਾਂਦੇ ਰਹੇ ਹਨ, ਪਰ ਅਮਲੀ ਪੱਧਰ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਮੈਰੀਟੋਰੀਅਸ ਸਕੂਲਾਂ ਦੇ ਸਮੂਹ ਸਟਾਫ਼ ਵਿੱਚ ਰੋਸ ਵਧਦਾ ਜਾ ਰਿਹਾ ਹੈ।
ਯੂਨੀਅਨ ਅਨੁਸਾਰ ਇਹ ਸੰਘਰਸ਼ ਸਿਰਫ਼ ਮੋਹਾਲੀ ਤੱਕ ਸੀਮਤ ਨਹੀਂ ਰਹੇਗਾ। ਪੰਜਾਬ ਦੇ ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਫਿਰੋਜ਼ਪੁਰ ਸਮੇਤ ਹੋਰਨਾਂ ਮੈਰੀਟੋਰੀਅਸ ਸਕੂਲਾਂ ਦਾ ਸਟਾਫ਼ ਵੀ ਰੋਸ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰੇਗਾ। ਵੱਖ-ਵੱਖ ਥਾਵਾਂ ’ਤੇ ਰੈਲੀਆਂ ਅਤੇ ਨਾਅਰੇਬਾਜ਼ੀ ਰਾਹੀਂ ਸਰਕਾਰ ਦੇ ਧਿਆਨ ਵਿੱਚ ਆਪਣੀਆਂ ਮੰਗਾਂ ਲਿਆਂਦੀਆਂ ਜਾਣਗੀਆਂ।














