ਹੜਤਾਲ ਤੋਂ ਡਰੀ ਪੰਜਾਬ ਸਰਕਾਰ! ਇੱਕ ਹੋਰ ਸੰਘਰਸ਼ੀ ਮੁਲਾਜ਼ਮ ਯੋਧੇ ਦਾ ਤਬਾਦਲਾ
ਮੁਲਾਜ਼ਮਾਂ ਦੀ 8 ਸਤੰਬਰ ਦੀ ਹੜਤਾਲ ਤੋਂ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ, ਪਹਿਲਾਂ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਵੀ ਬਦਲੇ ਗਏ
ਚੰਡੀਗੜ੍ਹ, 7 ਸਤੰਬਰ 2026: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਨੂੰ ਹੋਣ ਵਾਲੀ ਦੂਜੇ ਗੇੜ ਦੀ ਹੜਤਾਲ ਤੋਂ ਠੀਕ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਆਗੂਆਂ ਦੇ ਤਬਾਦਲਿਆਂ ਕਾਰਨ ਮੁਲਾਜ਼ਮ ਸੰਘਰਸ਼ ਹੋਰ ਤਿੱਖਾ ਹੋਣ ਦੇ ਆਸਾਰ ਬਣ ਗਏ ਹਨ।
ਸਾਂਝੀ ਤਾਲਮੇਲ ਕਮੇਟੀ ਵੱਲੋਂ ਮਹਿੰਗਾਈ ਭੱਤੇ ਦੇ ਬਕਾਏ ਸਮੇਤ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 8 ਸਤੰਬਰ ਨੂੰ ਹੜਤਾਲ ਦਾ ਸੱਦਾ ਪਹਿਲਾਂ ਹੀ ਦਿੱਤਾ ਗਿਆ ਸੀ। ਇਸੇ ਤਹਿਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਨੇ ਸਕੱਤਰੇਤ ਦੀਆਂ ਵੱਖ-ਵੱਖ ਬ੍ਰਾਂਚਾਂ ਵਿੱਚ ਮੀਟਿੰਗਾਂ ਕੀਤੀਆਂ ਅਤੇ ਮੁਲਾਜ਼ਮਾਂ ਨੂੰ ਹੜਤਾਲ ਲਈ ਲਾਮਬੰਦ ਕੀਤਾ।
ਇਸ ਦੌਰਾਨ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਹੁਕਮਾਂ ਤਹਿਤ ਸੁਸ਼ੀਲ ਕੁਮਾਰ ਦਾ ਤਬਾਦਲਾ ਸਕੱਤਰੇਤ ਦੀ ਲੇਖਾ-1 ਸ਼ਾਖਾ ਤੋਂ ਕਰਕੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਿਖੇ ਕਰ ਦਿੱਤਾ ਗਿਆ ਹੈ। ਅਧੀਨ ਸੇਵਾਵਾਂ ਚੋਣ ਬੋਰਡ ਦਾ ਦਫ਼ਤਰ ਮੁਹਾਲੀ ਵਿਖੇ ਸਥਿਤ ਹੈ। ਤਬਾਦਲੇ ਦਾ ਫ਼ੈਸਲਾ ਹੜਤਾਲ ਤੋਂ ਇੱਕ ਦਿਨ ਪਹਿਲਾਂ ਸਾਹਮਣੇ ਆਉਣ ਕਾਰਨ ਇਸ ਨੂੰ ਮੁਲਾਜ਼ਮ ਹਲਕਿਆਂ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕੀਤਾ ਗਿਆ ਸੀ। ਹੁਣ ਪ੍ਰਧਾਨ ਸੁਸ਼ੀਲ ਕੁਮਾਰ ਦੇ ਤਬਾਦਲੇ ਨੇ ਮੁਲਾਜ਼ਮ ਜਥੇਬੰਦੀਆਂ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਨੂੰ ਹੋਰ ਵਧਾ ਦਿੱਤਾ ਹੈ।
ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਮਹਿੰਗਾਈ ਭੱਤੇ ਦੇ ਬਕਾਏ ਸਮੇਤ ਹੋਰ ਮੰਗਾਂ ਦੇ ਹੱਲ ਲਈ ਸਰਕਾਰ ’ਤੇ ਦਬਾਅ ਬਣਾਉਣ ਵਾਸਤੇ 8 ਸਤੰਬਰ ਦੀ ਹੜਤਾਲ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਇਸੇ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਕੁੱਲ ਚਾਰ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੁਸ਼ੀਲ ਕੁਮਾਰ ਦੇ ਤਬਾਦਲੇ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ 8 ਸਤੰਬਰ ਦੀ ਹੜਤਾਲ ਅਤੇ ਸਰਕਾਰ ਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਬਣਨ ਵਾਲੀ ਸਥਿਤੀ ’ਤੇ ਟਿਕੀਆਂ ਹੋਈਆਂ ਹਨ।
















