Join WhatsApp

Join Now

ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ; ਇੱਕ ਮਰੀਜ਼ ਦੀ ਮੌਤ- ਪਾਜ਼ੀਟਿਵ ਲੋਕਾਂ ਦੀ ਗਿਣਤੀ ਵੀ ਵਧੀ

On: ਸਤੰਬਰ 8, 2026 12:25 ਬਾਃ ਦੁਃ

 

ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ; ਇੱਕ ਮਰੀਜ਼ ਦੀ ਮੌਤ- ਪਾਜ਼ੀਟਿਵ ਲੋਕਾਂ ਦੀ ਗਿਣਤੀ ਵੀ ਵਧੀ

ਮੋਗਾ, 8 ਸਤੰਬਰ 2026: ਪੰਜਾਬ ਵਿੱਚ ਸਵਾਈਨ ਫਲੂ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਮਰੀਜ਼ ਦੀ ਫਲੂ ਦੇ ਕਾਰਨ ਮੌਤ ਹੋ ਗਈ ਹੈ। ਅਮਰ ਉਜਾਲਾ ਦੀ ਰਿਪੋਰਟ ਮੁਤਾਬਿਕ, ਸਵਾਈਨ ਫਲੂ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਕਾਰਨ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਮੋਗਾ ਜ਼ਿਲ੍ਹੇ ਵਿੱਚ ਹੁਣ ਤੱਕ ਸਵਾਈਨ ਫਲੂ ਦੇ ਕੁੱਲ 6 ਮਰੀਜ਼ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ।

ਇਸ ਸਮੇਂ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ 5 ਪਾਜ਼ੇਟਿਵ ਮਰੀਜ਼ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਘਰ ਵਿੱਚ ਹੀ ਆਈਸੋਲੇਟ ਕਰਕੇ ਇਲਾਜ ਦਿੱਤਾ ਜਾ ਰਿਹਾ ਹੈ। ਸਵਾਈਨ ਫਲੂ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਮੋਗਾ ਵਿੱਚ ਵੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਹਸਪਤਾਲ ਵਿੱਚ 4 ਬੈੱਡਾਂ ਦਾ ਆਈਸੋਲੇਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿੱਥੇ ਗੰਭੀਰ ਸ਼੍ਰੇਣੀ ਯਾਨੀ ਕੈਟੇਗਰੀ-ਸੀ ਦੇ ਮਰੀਜ਼ਾਂ ਨੂੰ ਦਾਖ਼ਲ ਕਰਕੇ ਇਲਾਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਮਹਾਮਾਰੀ ਵਿਗਿਆਨੀ ਡਾ. ਸੂਮੀ ਨੇ ਦੱਸਿਆ ਕਿ ਮੋਗਾ ਵਿੱਚ ਹੁਣ ਤੱਕ ਸਵਾਈਨ ਫਲੂ ਦੇ 6 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਇੱਕ 4 ਸਾਲਾ ਬੱਚਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿੱਚੋਂ ਇੱਕ ਦੀ ਸ਼ੁੱਕਰਵਾਰ ਨੂੰ ਮੌਤ ਹੋ ਚੁੱਕੀ ਹੈ, ਜਦਕਿ ਬਾਕੀ 5 ਪਾਜ਼ੇਟਿਵ ਮਰੀਜ਼ਾਂ ਨੂੰ ਘਰ ਵਿੱਚ ਆਈਸੋਲੇਟ ਕੀਤਾ ਗਿਆ ਹੈ।

ਡਾ. ਸੂਮੀ ਨੇ ਦੱਸਿਆ ਕਿ ਕੈਟੇਗਰੀ-ਏ ਅਤੇ ਕੈਟੇਗਰੀ-ਬੀ ਦੇ ਮਰੀਜ਼ਾਂ ਨੂੰ ਘਰ ਵਿੱਚ ਹੀ ਆਈਸੋਲੇਟ ਕਰਕੇ ਲੋੜੀਂਦੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ। ਟੀਮਾਂ ਸਮੇਂ-ਸਮੇਂ ’ਤੇ ਮਰੀਜ਼ਾਂ ਦੇ ਘਰ ਜਾ ਕੇ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾ ਰਹੀਆਂ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਈਨ ਫਲੂ ਦੇ ਲੱਛਣ ਦਿਖਾਈ ਦੇਣ ’ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਮੇਂ ਸਿਰ ਡਾਕਟਰ ਨਾਲ ਸੰਪਰਕ ਕਰਕੇ ਜਾਂਚ ਕਰਵਾਈ ਜਾਵੇ। ਖ਼ਾਸ ਤੌਰ ’ਤੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।

ਸਿਹਤ ਵਿਭਾਗ ਨੇ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ, ਹੱਥਾਂ ਨੂੰ ਨਿਯਮਤ ਤੌਰ ’ਤੇ ਸੈਨੀਟਾਈਜ਼ ਕਰਨ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਾ. ਸੂਮੀ ਨੇ ਕਿਹਾ ਕਿ ਹਲਕਾ ਬੁਖ਼ਾਰ, ਜ਼ੁਕਾਮ ਜਾਂ ਸਵਾਈਨ ਫਲੂ ਵਰਗੇ ਲੱਛਣ ਸਾਹਮਣੇ ਆਉਣ ’ਤੇ ਖੁਦ ਦਵਾਈ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਨਾਲ ਢੁਕਵਾਂ ਇਲਾਜ ਕਰਵਾਇਆ ਜਾਵੇ।

 

Leave a Comment