ਪੰਜਾਬ ਸਕੂਲ ਸਿੱਖਿਆ ਬੋਰਡ ਦਾ ਕੰਮ-ਕਾਜ ਮੁਕੰਮਲ ਠੱਪ; DA ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਗਏ ਹੜਤਾਲ ‘ਤੇ…, ਭੁੱਖ ਹੜਤਾਲ ਵੀ ਸ਼ੁਰੂ!
ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 8 ਸਤੰਬਰ 2026-
ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ (DA) ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਅੱਜ ਪੂਰਨ ਤੌਰ ’ਤੇ ਕਲਮ ਛੋੜ ਹੜਤਾਲ ਕੀਤੀ ਗਈ। ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੇ ਹੱਕਾਂ ਦੀ ਪੂਰਤੀ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕਰਦਿਆਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਗਈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਬਣਦੇ ਮਹਿੰਗਾਈ ਭੱਤੇ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬਨੀਪਾਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਡੀਏ ਜਾਰੀ ਕਰਨਾ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਨੂੰ ਹੋਰ ਲਟਕਾਉਣ ਦੀ ਬਜਾਏ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ।
ਬਨੀਪਾਲ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਡੀਏ ਜਾਰੀ ਨਹੀਂ ਕੀਤਾ ਜਾਂਦਾ, ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਅੱਜ ਪੂਰਨ ਕਲਮ ਛੋੜ ਹੜਤਾਲ ਕੀਤੀ ਗਈ ਹੈ ਅਤੇ ਇਸ ਦੇ ਨਾਲ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗ ਨਾ ਮੰਨੇ ਜਾਣ ਦੀ ਸੂਰਤ ਵਿੱਚ ਮੁਲਾਜ਼ਮ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।
ਮੁਲਾਜ਼ਮ ਆਗੂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਅਜਿਹੇ ਹਾਲਾਤ ਵਿੱਚ ਡੀਏ ਮੁਲਾਜ਼ਮਾਂ ਦੀ ਤਨਖਾਹ ਦਾ ਮਹੱਤਵਪੂਰਨ ਹਿੱਸਾ ਹੈ। ਇਸ ਲਈ ਡੀਏ ਨੂੰ ਲੰਬਿਤ ਰੱਖਣ ਨਾਲ ਮੁਲਾਜ਼ਮਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ।
ਸਿੱਖਿਆ ਬੋਰਡ ਦੇ ਮੁਲਾਜ਼ਮਾਂ ਦੇ ਇਸ ਰੋਸ ਪ੍ਰਦਰਸ਼ਨ ਕਾਰਨ ਅੱਜ ਬੋਰਡ ਦੇ ਕੰਮਕਾਜ ’ਤੇ ਵੀ ਅਸਰ ਪਿਆ। ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਤੁਰੰਤ ਗੌਰ ਕਰਦਿਆਂ ਡੀਏ ਜਾਰੀ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸੰਘਰਸ਼ ਖ਼ਤਮ ਕਰਨ ਲਈ ਢੁਕਵਾਂ ਹੱਲ ਦਿੱਤਾ ਜਾਵੇ।
















