ਵੱਡੀ ਖ਼ਬਰ: ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਘਰ ਚ ਨਜ਼ਰਬੰਦ
ਕਿਸਾਨ ਪੰਚਾਇਤ ਤੋਂ ਪਹਿਲਾਂ ਡੱਲੇਵਾਲ ਸਮੇਤ ਕਈ ਕਿਸਾਨ ਆਗੂ ਨਜ਼ਰਬੰਦ, ਪੁਲਿਸ ਕਾਰਵਾਈ ਦਾ ਵਿਰੋਧ
ਫਰੀਦਕੋਟ, 9 ਸਤੰਬਰ 2026: ਫਰੀਦਕੋਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬੁੱਧਵਾਰ ਨੂੰ ਕੀਤੀ ਜਾਣ ਵਾਲੀ ਕਿਸਾਨ ਪੰਚਾਇਤ ਤੋਂ ਪਹਿਲਾਂ ਪੁਲਿਸ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਇਸ ਦੇ ਨਾਲ ਹੀ ਫਰੀਦਕੋਟ ਸਮੇਤ ਆਸ-ਪਾਸ ਦੇ ਕਈ ਜ਼ਿਲ੍ਹਿਆਂ ਵਿੱਚ ਜਥੇਬੰਦੀ ਦੇ ਹੋਰ ਅਹੁਦੇਦਾਰਾਂ ਨੂੰ ਵੀ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਪੁਲਿਸ ਦਾ ਪਹਿਰਾ ਲਗਾਇਆ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਪੁਲਿਸ ਵੱਲੋਂ ਕੀਤੀ ਗਈ ਨਜ਼ਰਬੰਦੀ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਲੋਕਤੰਤਰਿਕ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਜਿਹੀ ਕਾਰਵਾਈ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।
ਕਿਸਾਨ ਜਥੇਬੰਦੀ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਫਰੀਦਕੋਟ ਸਮੇਤ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਲੈਂਡ ਮਾਰਗੇਜ ਬੈਂਕਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਅਤੇ ਸਬੰਧਤ ਅਦਾਰਿਆਂ ਵੱਲੋਂ ਢੁਕਵਾਂ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਧਰਨੇ ਦੇਣੇ ਪੈ ਰਹੇ ਹਨ।
ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਲੈਂਡ ਮਾਰਗੇਜ ਬੈਂਕਾਂ ਵਿੱਚ ਓਟੀਐੱਸ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਕਿਸਾਨ ਖਾਲੀ ਚੈੱਕ ਵਾਪਸ ਕਰਨ ਅਤੇ ਸ਼ੰਭੂ-ਕਨੌਰੀ ਬਾਰਡਰ ਅੰਦੋਲਨ ਦੌਰਾਨ ਚੋਰੀ ਹੋਏ ਸਾਮਾਨ ਦੀ ਭਰਪਾਈ ਕਰਨ ਦੀ ਮੰਗ ਵੀ ਕਰ ਰਹੇ ਹਨ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਕਿਸਾਨ ਆਗੂਆਂ ਦੀ ਨਜ਼ਰਬੰਦੀ ਖ਼ਤਮ ਕਰਨ ਅਤੇ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੱਢਣ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਕਿਸਾਨ ਪੰਚਾਇਤ ਤੋਂ ਪਹਿਲਾਂ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੇ ਪੰਜਾਬ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਚਰਚਾ ਨੂੰ ਮੁੜ ਤੇਜ਼ ਕਰ ਦਿੱਤਾ ਹੈ।















