ਪੰਜਾਬੀਆਂ ਨਾਲ ਭੱਦਾ ਮਜ਼ਾਕ! ਦਾਅਵੇ ਫੁੱਲ ਅਤੇ ਬੱਤੀ ਗੁੱਲ; ਮਾਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ‘ਚ ਬਿਜਲੀ ਸੰਕਟ
ਲੁਧਿਆਣਾ 13 ਸਤੰਬਰ 2026
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਵੜਿੰਗ ਨੇ ਕਿਹਾ ਕਿ ਲੁਧਿਆਣਾ ਵਰਗੇ ਪ੍ਰਮੁੱਖ ਉਦਯੋਗਿਕ ਸ਼ਹਿਰਾਂ ਸਮੇਤ ਪੂਰੇ ਪੰਜਾਬ ਵਿੱਚ 12 ਤੋਂ 18 ਘੰਟਿਆਂ ਤੱਕ ਦੇ ਅਣ-ਐਲਾਨੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਇਸ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਕੱਟਾਂ ਨੇ ਪੰਜਾਬ ਨੂੰ “ਵਾਧੂ ਬਿਜਲੀ ਵਾਲਾ ਸੂਬਾ” ਦੱਸਣ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਰਾਜਾ ਵੜਿੰਗ ਨੇ ਬਿਜਲੀ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਬਿਜਲੀ ਦੀ ਸਿਖ਼ਰਲੀ (ਪੀਕ) ਮੰਗ ਲਗਭਗ 16,000 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ, ਜਦਕਿ ਪੰਜਾਬ ਦਾ ਆਪਣਾ ਬਿਜਲੀ ਉਤਪਾਦਨ ਮਹਿਜ਼ 4,000 ਮੈਗਾਵਾਟ ਦੇ ਆਸ-ਪਾਸ ਹੈ। ਬਾਹਰਲੇ ਰਾਜਾਂ ਤੋਂ ਲਗਭਗ 11,500 ਮੈਗਾਵਾਟ ਬਿਜਲੀ ਖ਼ਰੀਦਣ ਦੇ ਬਾਵਜੂਦ ਵੀ ਸਪਲਾਈ ਵਿੱਚ ਵੱਡਾ ਘਾਟਾ ਬਣਿਆ ਹੋਇਆ ਹੈ।
ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੀ ਹਾਲਤ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਦੀ ਕੰਢੇ ਹਨ। ਸਿੰਚਾਈ ਲਈ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਬਾਲ ਕੇ ਜਨਰੇਟਰ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਹੋਰ ਵਧ ਗਿਆ ਹੈ।
ਇਸ ਤੋਂ ਇਲਾਵਾ, ਲੁਧਿਆਣਾ ਅਤੇ ਹੋਰ ਥਾਵਾਂ ‘ਤੇ ਲੰਬੇ ਕੱਟਾਂ ਕਾਰਨ ਉਦਯੋਗਿਕ ਉਤਪਾਦਨ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਿਹਾ ਹੈ। ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀ ਇੱਕ-ਇੱਕ ਯੂਨਿਟ ਬੰਦ ਹੋਣ ਦਾ ਜ਼ਿਕਰ ਕਰਦਿਆਂ ਵੜਿੰਗ ਨੇ ਦੋਸ਼ ਲਾਇਆ ਕਿ ਸਰਕਾਰ ਨੇ ਮੰਗ ਵਧਣ ਦੇ ਬਾਵਜੂਦ ਪਹਿਲਾਂ ਤੋਂ ਕੋਈ ਢੁਕਵੀਂ ਤਿਆਰੀ ਨਹੀਂ ਕੀਤੀ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਠੋਸ ਕਦਮ ਚੁੱਕੇ ਅਤੇ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏ।
















