ਆਂਗਣਵਾੜੀ ਵਰਕਰਾਂ ਦਾ AAP ਸਰਕਾਰ ਵਿਰੁੱਧ ਮੋਰਚਾ! ਮਾਣ-ਭੱਤਾ ਦੁੱਗਣਾ ਕਰਨ ਅਤੇ CM ਨਾਲ ਮੀਟਿੰਗ ਦੀ ਮੰਗ ਲਈ 19 ਸਤੰਬਰ ਨੂੰ ਪੰਜਾਬ ਭਰ ‘ਚ ਦਿੱਤੇ ਜਾਣਗੇ ਮੰਗ ਪੱਤਰ-ਮੈਡਮ ਛੀਨਾ
ਚੋਣ ਵਾਅਦੇ ਯਾਦ ਕਰਵਾਉਣ ਲਈ ਆਂਗਣਵਾੜੀ ਯੂਨੀਅਨ ਵੱਲੋਂ ਵੱਡਾ ਐਲਾਨ; MLAs ਅਤੇ ਮੰਤਰੀਆਂ ਦਾ ਕੀਤਾ ਜਾਵੇਗਾ ਘੇਰਾਓ
ਆਂਗਣਵਾੜੀ ਵਰਕਰਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ: ਮੰਗਾਂ ਨਾ ਮੰਨੀਆਂ ਤਾਂ ਅਕਤੂਬਰ ਦੇ ਪਹਿਲੇ ਹਫ਼ਤੇ ਹੋਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੱਚ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਵਿਰੁੱਧ ਇੱਕ ਵਾਰ ਫਿਰ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਥੇਬੰਦੀ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਂਗਣਵਾੜੀ ਕੇਡਰ ਦਾ ਮਾਣ ਭੱਤਾ ਦੁੱਗਣਾ ਕਰਵਾਉਣ ਅਤੇ ਮੁੱਖ ਮੰਤਰੀ ਨਾਲ ਪੈਂਡਿੰਗ ਪਈ ਮੀਟਿੰਗ ਨੂੰ ਤੁਰੰਤ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ।
ਬਰਿੰਦਰਜੀਤ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਆਗੂਆਂ ਨੇ ਆਪਣੇ ਚੋਣ ਮੈਨਿਫੈਸਟੋ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੱਚ ਆਂਗਣਵਾੜੀ ਸਟਾਫ਼ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਗਾਰੰਟੀ ਦਿੱਤੀ ਸੀ। ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਦਾ ਸਾਢੇ ਚਾਰ ਸਾਲ ਤੋਂ ਵੀ ਵੱਧ ਦਾ ਲੰਮਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਅਜੇ ਤੱਕ ਵਫ਼ਾ ਨਹੀਂ ਹੋ ਸਕਿਆ, ਜਿਸ ਕਾਰਨ ਸਮੁੱਚੇ ਆਂਗਣਵਾੜੀ ਕੇਡਰ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ।
ਜਥੇਬੰਦੀ ਦੀ ਪ੍ਰਧਾਨ ਨੇ ਪਿਛਲੇ ਸੰਘਰਸ਼ਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ 13 ਜੂਨ 2025 ਨੂੰ ਜਥੇਬੰਦੀ ਵੱਲੋਂ ਲੁਧਿਆਣਾ ਪੱਛਮੀ ਵਿਖੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰੀ ਵੱਲੋਂ ਜਥੇਬੰਦੀ ਨੂੰ ਇੱਕ ਲਿਖਤੀ ਚਿੱਠੀ ਸੌਂਪੀ ਗਈ ਸੀ, ਜਿਸ ਵਿੱਚ 18 ਜੂਨ 2025 ਨੂੰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨਾਲ ਉੱਚ ਪੱਧਰੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਸਰਕਾਰ ਦੇ ਰੁੱਖੇ ਅਤੇ ਕਠੋਰਤਾ ਭਰੇ ਰਵੱਈਏ ਕਾਰਨ ਇਹ ਮੀਟਿੰਗ ਅੱਜ ਤੱਕ ਪੈਂਡਿੰਗ ਹੀ ਰੱਖੀ ਗਈ ਹੈ ਅਤੇ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ।
ਮੈਡਮ ਛੀਨਾ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਪਿਛਲੇ ਸਾਢੇ 4 ਸਾਲਾਂ ਦਾ ਬਕਾਇਆ ਵੀ ਦਿੱਤਾ ਜਾਵੇ ਅਤੇ ਸਲਾਨਾ ਇੰਕਰੀਮੈਂਟ 2000 ਰੁਪਏ ਦਿੱਤਾ ਜਾਵੇ। ਜਥੇਬੰਦੀ ਇਹ ਵੀ ਮੰਗ ਕਰਦੀ ਹੈ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਘੱਟੋ-ਘੱਟ ਉਜਰਤ ਦਿੱਤੀ ਜਾਵੇ। ਯੂਨੀਅਨ ਨੇ ਮੰਗ ਕੀਤੀ ਹੈ ਕਿ ਕੀਤੇ ਗਏ ਵਾਅਦਿਆਂ ਮੁਤਾਬਕ, ਮਾਣ-ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਤੈਅ ਕੀਤਾ ਜਾਵੇ, ਤਾਂ ਜੋ ਆਂਗਣਵਾੜੀ ਸੰਸਥਾਵਾਂ ਨਾਲ ਜੁੜੇ ਹੋਰ ਵੀ ਭਖਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਜਥੇਬੰਦੀ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਇਹ ਰੋਸ ਪ੍ਰੋਗਰਾਮ 19 ਸਤੰਬਰ (ਦਿਨ ਸ਼ਨੀਵਾਰ) ਨੂੰ ਦੁਪਹਿਰ 12:30 ਵਜੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਉਲੀਕਿਆ ਜਾਵੇਗਾ।
ਇਸ ਦੌਰਾਨ ਸਾਰੇ ਜ਼ਿਲ੍ਹਿਆਂ ਵਿੱਚ ਆਪੋ-ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਸੌਂਪ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਇਸ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ, ਤਾਂ ਜਥੇਬੰਦੀ ਅਕਤੂਬਰ ਦੇ ਪਹਿਲੇ ਹਫ਼ਤੇ ਸੂਬਾ ਪੱਧਰ ‘ਤੇ ਲਾਮਬੰਦ ਹੋ ਕੇ ਇੱਕ ਵਿਸ਼ਾਲ ਅਤੇ ਤਿੱਖਾ ਰੋਸ ਪ੍ਰਦਰਸ਼ਨ ਕਰੇਗੀ, ਜਿਸ ਤੋਂ ਨਿਕਲਣ ਵਾਲੇ ਕਿਸੇ ਵੀ ਸਿੱਟੇ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
















