ਆਂਗਣਵਾੜੀ ਯੂਨੀਅਨ ਵੱਲੋਂ 19 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਅੱਗੇ ਵਿਸ਼ਾਲ ਧਰਨਾ
ਅੰਮ੍ਰਿਤਸਰ, 17 ਸਤੰਬਰ 2026- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਐਲਾਨ ਕੀਤਾ ਹੈ ਕਿ ਚੋਣਾਂ ਦੌਰਾਨ ਕੀਤਾ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ 19 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਇਸੇ ਲੜੀ ਤਹਿਤ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਨਿਵਾਸ ਸਥਾਨ ਅੱਗੇ ਭਰਵਾਂ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੈਡਮ ਛੀਨਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਸੱਤਾ ਵਿੱਚ ਆਇਆਂ ਲੰਬਾ ਸਮਾਂ ਬੀਤ ਚੁੱਕਾ ਹੈ, ਪਰ ਚੋਣ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਵਰਕਰਾਂ ਸਿਰ ਕੰਮ ਦਾ ਬੋਝ ਬਹੁਤ ਜ਼ਿਆਦਾ ਹੈ, ਪਰ ਉਸ ਦੇ ਬਦਲੇ ਵਰਕਰ ਨੂੰ 5,000 ਰੁਪਏ ਅਤੇ ਹੈਲਪਰ ਨੂੰ ਸਿਰਫ਼ 2,500 ਰੁਪਏ ਨਿਗੂਣਾ ਮਾਣਭੱਤਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਸ ਮਹਿੰਗਾਈ ਦੇ ਦੌਰ ਵਿੱਚ ਪਰਿਵਾਰ ਦਾ ਗੁਜ਼ਾਰਾ ਕਰਨਾ ਅਸੰਭਵ ਹੈ। ਯੂਨੀਅਨ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਕੇ ਮਾਣਭੱਤਾ ਦੁੱਗਣਾ ਕੀਤਾ ਜਾਵੇ ਅਤੇ ਘੱਟੋ-ਘੱਟ ਉਜਰਤਾਂ ਲਾਗੂ ਕੀਤੀਆਂ ਜਾਣ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਅਕਤੂਬਰ ਦੇ ਪਹਿਲੇ ਹਫ਼ਤੇ ਸੰਗਰੂਰ ਵਿਖੇ ਸੂਬਾ ਪੱਧਰੀ ਮਹਾ-ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਮੈਡਮ ਛੀਨਾ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 19 ਸਤੰਬਰ ਦੇ ਧਰਨੇ ਵਿੱਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
















