ਬਲਾਤਕਾਰ ਦੀ ਘਟਨਾ; ਅਕਾਲੀ ਆਗੂ ਵਿਰੁੱਧ ਦਰਜ FIR ਮਾਮਲੇ ਚ ਇਯਾਲੀ ਨੇ ਮੰਗਿਆ SGPC ਪ੍ਰਧਾਨ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਦਾ ਮੰਗ
ਚੰਡੀਗੜ੍ਹ, 19 ਸਤੰਬਰ 2026- ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਵਿੱਚ ਮਹਿਲਾ ਨਾਲ ਕਥਿਤ ਬਲਾਤਕਾਰ ਦੀ ਘਟਨਾ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਸਿੱਖ ਕੌਮ ਅਤੇ ਪੰਥ ਲਈ ਬੇਹੱਦ ਮੰਦਭਾਗੀ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਮੀਡੀਆ ਨੂੰ ਜਾਰੀ ਬਿਆਨ ਵਿੱਚ ਇਯਾਲੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਸ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਵਸਾਇਆ ਅਤੇ ਜਿੱਥੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ। ਅਜਿਹੇ ਪਵਿੱਤਰ ਸਥਾਨ ਦੀਆਂ ਸਰਾਵਾਂ ਵਿੱਚ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ SGPC ਦੇ ਕਿਸੇ ਮੌਜੂਦਾ ਮੈਂਬਰ ਦੀ ਸ਼ਮੂਲੀਅਤ ਦੇ ਦੋਸ਼ ਸਾਹਮਣੇ ਆਉਂਦੇ ਹਨ ਤਾਂ ਇਸ ਦੀ ਗੰਭੀਰਤਾ ਹੋਰ ਵੱਧ ਜਾਂਦੀ ਹੈ।
ਇਯਾਲੀ ਨੇ ਦੋਸ਼ ਲਾਇਆ ਕਿ ਇਸ ਮਾਮਲੇ ਸਬੰਧੀ ਜਾਣਕਾਰੀ SGPC ਪ੍ਰਧਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਤੱਕ ਪਹੁੰਚਣ ਦੇ ਬਾਵਜੂਦ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ FIR ਵਿੱਚ ਦਰਜ ਵੇਰਵਿਆਂ ਦੇ ਆਧਾਰ ’ਤੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਮਾਮਲੇ ਦੀ ਜਾਣਕਾਰੀ ਕਦੋਂ ਅਤੇ ਕਿਸ ਪੱਧਰ ’ਤੇ ਦਿੱਤੀ ਗਈ ਸੀ।
ਇਯਾਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਕਥਿਤ ਚੁੱਪ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਪਹਿਲਾਂ ਜਾਣਕਾਰੀ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸੰਗਤ ਅਤੇ ਪੰਥ ਨਾਲ ਜੁੜੇ ਗੰਭੀਰ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਹੋਣੀ ਜ਼ਰੂਰੀ ਹੈ।
ਵਿਧਾਇਕ ਇਯਾਲੀ ਨੇ ਇਹ ਵੀ ਦੋਸ਼ ਲਾਇਆ ਕਿ ਮਾਮਲੇ ਵਿੱਚ FIR ਦਰਜ ਹੋਣ ਦੇ ਬਾਵਜੂਦ ਲਗਭਗ ਇੱਕ ਮਹੀਨੇ ਤੱਕ ਕਥਿਤ ਦੋਸ਼ੀ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਗ੍ਰਿਫ਼ਤਾਰੀ ਸਮੇਤ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਉਨ੍ਹਾਂ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦਾਅਵਾ ਕੀਤਾ ਕਿ ਕਾਰਵਾਈ ਵਿੱਚ ਦੇਰੀ ਕਾਰਨ ਕਥਿਤ ਦੋਸ਼ੀ ਵਿਦੇਸ਼ ਜਾਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਪੱਖ ਦੀ ਵੀ ਜਾਂਚ ਕੀਤੀ ਜਾਵੇ ਕਿ ਗ੍ਰਿਫ਼ਤਾਰੀ ਵਿੱਚ ਦੇਰੀ ਕਿਉਂ ਹੋਈ ਅਤੇ ਇਸ ਦੌਰਾਨ ਕਿਹੜੀਆਂ ਕਾਰਵਾਈਆਂ ਕੀਤੀਆਂ ਗਈਆਂ।
ਇਯਾਲੀ ਨੇ ਕੇਂਦਰ ਸਰਕਾਰ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਲੰਮੇ ਸਮੇਂ ਤੋਂ SGPC ਦੀਆਂ ਆਮ ਚੋਣਾਂ ਨਾ ਹੋਣ ਕਾਰਨ ਸੰਸਥਾ ਦੇ ਪ੍ਰਬੰਧਕੀ ਢਾਂਚੇ ਅਤੇ ਜਵਾਬਦੇਹੀ ਬਾਰੇ ਸਵਾਲ ਖੜ੍ਹੇ ਹੁੰਦੇ ਰਹੇ ਹਨ। ਉਨ੍ਹਾਂ ਕਿਹਾ ਕਿ SGPC ਦੀਆਂ ਚੋਣਾਂ ਕਰਵਾਉਣ ਅਤੇ ਸੰਸਥਾ ਨੂੰ ਸੰਗਤ ਪ੍ਰਤੀ ਜਵਾਬਦੇਹ ਬਣਾਉਣ ਦੀ ਲੋੜ ਹੈ।
ਉਨ੍ਹਾਂ ਇਸ ਮਾਮਲੇ ਦੀ ਹਰ ਪੱਖ ਤੋਂ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਸਬੰਧਤ ਮਹਿਲਾ ਨੂੰ SGPC ਵੱਲੋਂ ਕਿਹੜੇ ਹੁਕਮਾਂ ਤਹਿਤ ਕਥਿਤ VIP ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਉਸ ਨੂੰ ਸੇਵਾਦਾਰ, ਡਰਾਈਵਰ ਅਤੇ ਵਾਹਨ ਕਿਸ ਦੇ ਹੁਕਮਾਂ ’ਤੇ ਦਿੱਤੇ ਗਏ ਅਤੇ ਜੇਕਰ ਕਿਸੇ ਤਰ੍ਹਾਂ ਦੀ ਵਿੱਤੀ ਸਹਾਇਤਾ ਕੀਤੀ ਗਈ ਤਾਂ ਉਹ ਕਿਸ ਫੰਡ ਵਿੱਚੋਂ ਕੀਤੀ ਗਈ।
ਇਯਾਲੀ ਨੇ ਇਹ ਵੀ ਮੰਗ ਕੀਤੀ ਕਿ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਕਿ ਸਬੰਧਤ ਮਹਿਲਾ ਨੂੰ ਕਥਿਤ ਤੌਰ ’ਤੇ ਕਿਸ ਮਕਸਦ ਲਈ ਵਰਤਿਆ ਜਾਣਾ ਸੀ ਅਤੇ ਕੀ ਕਿਸੇ ਵਿਅਕਤੀ ਨੂੰ ਬਦਨਾਮ ਕਰਨ ਦੀ ਕੋਈ ਯੋਜਨਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਸਵਾਲਾਂ ਦੇ ਜਵਾਬ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਸਾਹਮਣੇ ਆਉਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਪਵਿੱਤਰ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸੰਗਤ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਮਾਮਲੇ ਦੀ ਪਾਰਦਰਸ਼ੀ ਜਾਂਚ ਅਤੇ ਜਵਾਬਦੇਹੀ ਤੈਅ ਕਰਨਾ ਜ਼ਰੂਰੀ ਹੈ। ਇਯਾਲੀ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਜੋ ਵੀ ਵਿਅਕਤੀ ਜ਼ਿੰਮੇਵਾਰ ਪਾਇਆ ਜਾਵੇ, ਉਸ ਖ਼ਿਲਾਫ਼ ਕਾਨੂੰਨ ਅਤੇ ਨਿਯਮਾਂ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।
















