ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ!
ਸੂਬੇ ਵਿੱਚ ਮਾਨਸੂਨ ਦੀ ਵਾਪਸੀ ਨਾਲ ਵਧੀ ਗਰਮੀ; ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰ
ਚੰਡੀਗੜ੍ਹ, 25 ਸਤੰਬਰ 2026
ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਸੂਬੇ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਦੂਜੇ ਪਾਸੇ ਮਾਨਸੂਨ ਦੀ ਵਾਪਸੀ ਦਾ ਦੌਰ ਵੀ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚੋਂ ਮਾਨਸੂਨ ਦੀ ਵਾਪਸੀ ਦਾ ਸਿਲਸਿਲਾ ਅੱਗੇ ਵਧ ਰਿਹਾ ਹੈ। ਇਸ ਵੇਲੇ ਮਾਨਸੂਨ ਦੀ ਵਾਪਸੀ ਦੀ ਰੇਖਾ ਗੁਰਦਾਸਪੁਰ ਅਤੇ ਚੰਡੀਗੜ੍ਹ ਦੇ ਨੇੜਿਓਂ ਲੰਘ ਰਹੀ ਹੈ। ਮਾਨਸੂਨ ਦੀ ਵਾਪਸੀ ਨਾਲ ਆਉਣ ਵਾਲੇ ਦਿਨਾਂ ਵਿੱਚ ਸੂਬੇ ਅੰਦਰ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਮੌਸਮ ਸੁੱਕਾ ਰਹਿ ਸਕਦਾ ਹੈ।
ਮਾਨਸੂਨ ਦੀ ਵਾਪਸੀ ਦੇ ਨਾਲ ਹੀ ਦਿਨ ਦੇ ਤਾਪਮਾਨ ਵਿੱਚ ਵੀ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਲਗਭਗ 0.4 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਹੁਣ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ 37 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਦਰਜ ਕੀਤਾ ਗਿਆ।
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਇਸ ਦੇ ਉਲਟ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 16 ਤੋਂ 18 ਡਿਗਰੀ, ਜਦਕਿ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਇਹ 18 ਤੋਂ 20 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦਿਨ ਵੇਲੇ ਵਧ ਰਹੀ ਗਰਮੀ ਅਤੇ ਹੁੰਮਸ ਦਾ ਅਸਰ ਬਿਜਲੀ ਦੀ ਖਪਤ ’ਤੇ ਵੀ ਪੈ ਰਿਹਾ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 14,120 ਮੈਗਾਵਾਟ ਤੱਕ ਪਹੁੰਚ ਗਈ ਹੈ। ਇਸ ਮੰਗ ਨੂੰ ਪੂਰਾ ਕਰਨ ਲਈ ਸੂਬੇ ਵੱਲੋਂ ਆਪਣੇ ਸਰੋਤਾਂ ਤੋਂ 5,004 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ, ਜਦਕਿ ਲਗਭਗ 9,118 ਮੈਗਾਵਾਟ ਬਿਜਲੀ ਕੇਂਦਰੀ ਹਿੱਸੇ ਅਤੇ ਹੋਰ ਬਾਹਰੀ ਸਰੋਤਾਂ ਤੋਂ ਹਾਸਲ ਕੀਤੀ ਗਈ।
















