MP ਅੰਮ੍ਰਿਤਪਾਲ ਹੋਵੇ ਰਿਹਾਅ! ਕੈਪਟਨ ਅਮਰਿੰਦਰ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ, 25 ਸਤੰਬਰ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਆਉਣ ਦੇਣ ਅਤੇ ਚੋਣ ਲੜਨ ਦਾ ਮੌਕਾ ਦੇਣ ਦੀ ਗੱਲ ਕਹੀ ਹੈ।
ਇੱਕ ਨਿੱਜੀ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਕਰਕੇ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਜਿੰਨਾ ਜ਼ਿਆਦਾ ਸਮਾਂ ਜੇਲ੍ਹ ਵਿੱਚ ਰਹੇਗਾ, ਉਸ ਦੀ ਲੋਕਾਂ ਵਿੱਚ ਚਰਚਾ ਅਤੇ ਪ੍ਰਸਿੱਧੀ ਉਨੀ ਹੀ ਵਧ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਮੁਤਾਬਕ ਉਸ ਨੂੰ ਬਾਹਰ ਆ ਕੇ ਸਿਆਸੀ ਮੈਦਾਨ ਵਿੱਚ ਆਪਣੀ ਗੱਲ ਰੱਖਣ ਅਤੇ ਚੋਣ ਲੜਨ ਦਾ ਮੌਕਾ ਮਿਲਣਾ ਚਾਹੀਦਾ ਹੈ।
ਅੰਮ੍ਰਿਤਪਾਲ ਸਿੰਘ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਕੈਪਟਨ ਅਮਰਿੰਦਰ ਸਿੰਘ ਦਾ ਇਹ ਬਿਆਨ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਉਨ੍ਹਾਂ ਦੀ ਸਿਆਸੀ ਸਰਗਰਮੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਜਾਰੀ ਹੈ।
















