Join WhatsApp

Join Now

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਬਿਗੁਲ; ਸੰਗਰੂਰ ਮਹਾਰੈਲੀ ਦੀਆਂ ਤਿਆਰੀਆਂ ਲਈ ਸਾਂਝੀ ਤਾਲਮੇਲ ਕਮੇਟੀ ਨੇ ਖਿੱਚੀ ਤਿਆਰੀ

On: ਸਤੰਬਰ 27, 2026 7:27 ਬਾਃ ਦੁਃ

 

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਬਿਗੁਲ; ਸੰਗਰੂਰ ਮਹਾਰੈਲੀ ਦੀਆਂ ਤਿਆਰੀਆਂ ਲਈ ਸਾਂਝੀ ਤਾਲਮੇਲ ਕਮੇਟੀ ਨੇ ਖਿੱਚੀ ਤਿਆਰੀ

ਸੰਗਰੂਰ ਮਹਾਰੈਲੀ ਰਾਹੀਂ ਸਰਕਾਰ ਵਿਰੁੱਧ ਸੰਘਰਸ਼ ਹੋਵੇਗਾ ਹੋਰ ਤਿੱਖਾ: ਐਲੀਮੈਂਟਰੀ ਟੀਚਰਜ ਯੂਨੀਅਨ ਵੱਲੋਂ ਵੱਡਾ ਐਲਾਨ

ਚੰਡੀਗੜ੍ਹ, 27 ਸਤੰਬਰ 2026- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮਿਟੀ ਪੰਜਾਬ ਨੇ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸਰਕਾਰ ਦੇ ਅੜੀਅਲ ਰਵੱਈਏ ਤੋਂ ਤੰਗ ਆ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ- Tomorrow Holiday? ਕੀ ਪੰਜਾਬ ‘ਚ 28 ਸਤੰਬਰ ਦੀ ਸਰਕਾਰੀ ਛੁੱਟੀ? ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਯੂਨੀਅਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਦੇ ਭਖਦੇ ਮਸਲਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ, 10 ਅਕਤੂਬਰ 2026 ਨੂੰ ਸੰਗਰੂਰ ਵਿਖੇ ਵਿਸ਼ਾਲ ਮਹਾਰੈਲੀ ਕੀਤੀ ਜਾਵੇਗੀ। ਇਹ ਮਹਾਰੈਲੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਖੁੱਲ੍ਹ ਕੇ ਵਿਰੋਧ ਕਰੇਗੀ ਅਤੇ ਹੱਕੀ ਮੰਗਾਂ ਨੂੰ ਮਨਵਾਉਣ ਲਈ ਇੱਕ ਮਜ਼ਬੂਤ ਮੰਚ ਸਾਬਤ ਹੋਵੇਗੀ।

ਇਸ ਇਤਿਹਾਸਿਕ ਮਹਾਰੈਲੀ ਨੂੰ ਸਫਲ ਬਣਾਉਣ ਅਤੇ ਸੂਬੇ ਦੇ ਕੋਨੇ-ਕੋਨੇ ਤੋਂ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ 1 ਅਕਤੂਬਰ ਨੂੰ ਦੁਪਹਿਰ 2 ਵਜੇ ਪੰਜਾਬ ਭਰ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਾਂਝੀਆਂ ਅਹਿਮ ਮੀਟਿੰਗਾਂ ਉਲੀਕੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਆਗੂ, ਕਾਰਕੁਨ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ 10 ਅਕਤੂਬਰ ਦੀ ਸੰਗਰੂਰ ਮਹਾਰੈਲੀ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਾ, ਰਣਨੀਤੀ ਬਣਾਉਣਾ ਅਤੇ ਵੱਧ ਤੋਂ ਵੱਧ ਸੰਗਠਨ ਨੂੰ ਲਾਮਬੰਦ ਕਰਨਾ ਹੋਵੇਗਾ।

ਅਧਿਆਪਕ ਆਗੂਆਂ ਨੇ ਆਖਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਸਮੂਹ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਦੀ ਲਹਿਰ ਫੈਲ ਚੁੱਕੀ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਬਕਾਏ ਜਾਰੀ ਕਰਨਾ ਅਤੇ ਹੋਰ ਹੱਕੀ ਮੰਗਾਂ ਸਬੰਧੀ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਨੇ ਮੁਲਾਜ਼ਮਾਂ ਨੂੰ ਸੜਕਾਂ ‘ਤੇ ਉਤਰਨ ਲਈ ਮਜਬੂਰ ਕਰ ਦਿੱਤਾ ਹੈ।

ਹਰਜਿੰਦਰ ਪਾਲ ਸਿੰਘ ਪੰਨੂ ਅਤੇ ਦਲਜੀਤ ਸਿੰਘ ਲਾਹੌਰੀਆ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 1 ਅਕਤੂਬਰ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਮੀਟਿੰਗਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਪਹੁੰਚ ਕੇ ਮਹਾਰੈਲੀ ਨੂੰ ਇਤਿਹਾਸਿਕ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਇਸ ਸੰਘਰਸ਼ ਨੂੰ ਹੋਰ ਵੀ ਵਿਆਪਕ ਰੂਪ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

Leave a Comment