ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ Contract ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਕੀਤੀ ਗੇਟ ਰੈਲੀ
ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰੇ ਮੈਨੇਜ਼ਮੈਂਟ: ਆਗੂ
ਲਹਿਰਾ ਮੁਹੱਬਤ, 28 ਸਤੰਬਰ 2026-
ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਪਲਾਂਟ ਦੇ ਮੁੱਖ ਗੇਟ ਤੇ ਕੀਤੀ ਗੇਟ ਰੈਲੀ।
ਇਸ ਸਮੇਂ ਹਾਜ਼ਿਰ ਆਗੂਆਂ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ, ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਥਰਮਲ ਪਲਾਂਟ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਤੋਂ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਫੈਸਲਾ ਕੀਤਾ ਹੈ।
ਪਰ ਇਸ ਫੈਸਲੇ ਤਹਿਤ ਪਾਵਰ ਕਾਰਪੋਰੇਸਨ ਦੀ ਮੈਨੇਜ਼ਮੈਂਟ ਵੱਲੋਂ ਥਰਮਲ ਪਲਾਂਟ ਦੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਆਫਰ ਲੈਟਰ ਦੇਣ ਦੇ ਬਾਵਜੂਦ ਨਿਯੁਕਤੀ ਪੱਤਰ ਦੇਣ ਤੇ ਰੋਕ ਲਗਾ ਦਿੱਤੀ ਹੈ। ਜਿਸਦੇ ਰੋਸ ਵਜੋਂ ਅੱਜ ਪਲਾਂਟ ਦੇ ਮੁੱਖ ਗੇਟ ਤੇ ਰੋਸ ਰੈਲੀ ਕੀਤੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਯੁਕਤੀ ਪੱਤਰ ਸੌਂਪੇ ਜਾਣ। ਜੇਕਰ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਜਲਦ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਅੱਜ ਦੀ ਰੈਲੀ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ।
















