Police ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਵਿਕ ਸਕਦਾ ਨਸ਼ਾ! ਪ੍ਰਤਾਪ ਸਿੰਘ ਬਾਜਵਾ ਦਾ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ: “ਨਸ਼ਿਆਂ ਅਤੇ ਗੈਂਗਸਟਰਾਂ ਦੇ ਮੁੱਦੇ ‘ਤੇ ਦੋਵੇਂ ਸਰਕਾਰਾਂ ਫੇਲ੍ਹ”- “50 ਕਿਲੋਮੀਟਰ ਬਾਰਡਰ ਏਰੀਆ ਕੇਂਦਰ ਅਧੀਨ, ਫਿਰ ਵੀ ਸਰਹੱਦ ਪਾਰ ਤੋਂ ਕਿਉਂ ਆ ਰਿਹਾ ਨਸ਼ਾ?” “ਅਮਿਤ ਸ਼ਾਹ ਵੋਟਾਂ ਮੰਗਣ ਦੀ ਬਜਾਏ ਆਪਣਾ ਰਿਪੋਰਟ ਕਾਰਡ ਜਾਰੀ ਕਰਨ”
ਚੰਡੀਗੜ੍ਹ, 30 ਸਤੰਬਰ 2026- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ (BJP) ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ। ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਯਾਤਰਾ’ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਉੱਤੇ ਸਵਾਲ ਖੜ੍ਹੇ ਕਰਦਿਆਂ ਬਾਜਵਾ ਨੇ ਕਿਹਾ ਕਿ ਦੋਵੇਂ ਸਰਕਾਰਾਂ ਸੂਬੇ ਵਿੱਚੋਂ ਨਸ਼ਾ ਅਤੇ ਗੈਂਗਸਟਰਵਾਦ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ Police ਪ੍ਰਸ਼ਾਸਨ ਅਤੇ ਸਥਾਨਕ ਰਾਜਨੀਤਿਕ ਸਰਪ੍ਰਸਤੀ ਤੋਂ ਬਿਨਾਂ ਕਿਸੇ ਵੀ ਇਲਾਕੇ ਵਿੱਚ ਨਸ਼ਾ ਨਹੀਂ ਵਿਕ ਸਕਦਾ।
ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਾਨੂੰਨ ਵਿੱਚ ਤਰਮੀਮ ਕਰਕੇ ਪੰਜਾਬ ਦੇ ਬਾਰਡਰ ਏਰੀਏ ਵਿੱਚ ਸੀਮਾ ਸੁਰੱਖਿਆ ਬਲ (BSF) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਸੀ। ਇਸ ਅਧਿਕਾਰ ਖੇਤਰ ਅਧੀਨ ਬਹੁਤ ਸਾਰੇ ਸਰਹੱਦੀ ਜ਼ਿਲ੍ਹੇ ਆਉਂਦੇ ਹਨ। ਉਨ੍ਹਾਂ ਪੁੱਛਿਆ ਕਿ ਜੇਕਰ 50 ਕਿਲੋਮੀਟਰ ਦਾ ਹਿੱਸਾ ਕੇਂਦਰ ਦੀਆਂ ਏਜੰਸੀਆਂ ਦੇ ਅਧੀਨ ਹੈ, ਤਾਂ ਫਿਰ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਿਉਂ ਨਹੀਂ ਰੁਕ ਰਹੀ?
ਬਾਜਵਾ ਨੇ ਦਾਅਵਾ ਕੀਤਾ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਹਰ ਡਰੋਨ ਨਾਲ ਇੱਕ ਮੋਬਾਈਲ ਫ਼ੋਨ ਹੁੰਦਾ ਹੈ, ਜਿਸ ਵਿੱਚ ਲੋਕੇਸ਼ਨ ਫਿੱਟ ਹੁੰਦੀ ਹੈ। ਇਸ ਗੱਲ ਦਾ ਇਲਮ BSF ਅਤੇ ਪੰਜਾਬ ਪੁਲਿਸ ਦੋਵਾਂ ਨੂੰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਦੀ ਖੇਪ ਰੋਕਣ ਵਿੱਚ ਅਸਫ਼ਲਤਾ ਮਿਲ ਰਹੀ ਹੈ ਤਾਂ ਇਸ ਦੀ ਸਾਂਝੀ ਜਵਾਬਦੇਹੀ ਕੇਂਦਰ ਅਤੇ ਸੂਬਾ ਸਰਕਾਰ ਦੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਨਸ਼ਾ ਸਿਰਫ਼ ਪਾਕਿਸਤਾਨ ਨਾਲ ਲੱਗਦੀ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਤੋਂ ਹੀ ਨਹੀਂ ਆ ਰਿਹਾ, ਸਗੋਂ ਦੇਸ਼ ਦੀਆਂ ਵੱਡੀਆਂ ਬੰਦਰਗਾਹਾਂ (ਪੋਰਟਾਂ) ਰਾਹੀਂ ਵੀ ਦੇਸ਼ ਦੇ ਅੰਦਰ ਦਾਖ਼ਲ ਹੋ ਰਹਾ ਹੈ।
ਉਨ੍ਹਾਂ ਮੁੰਦਰਾ ਪੋਰਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੋਂ ਹਜ਼ਾਰਾਂ ਕਿਲੋ ਹੈਰੋਇਨ ਬਰਾਮਦ ਹੋਈ ਸੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਅਰਬਾਂ-ਖਰਬਾਂ ਰੁਪਏ ਸੀ। ਇਸ ਤੋਂ ਇਲਾਵਾ ਹੋਰਨਾਂ ਪੋਰਟਾਂ ਤੋਂ ਵੀ ਭਾਰੀ ਮਾਤਰਾ ਵਿੱਚ ਨਸ਼ਾ ਫੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੂਰੇ ਦੇਸ਼ ਦੇ ਨਸ਼ਾ ਤਸਕਰਾਂ ਨੇ ਇੱਕ ਕੇਂਦਰ ਬਣਾ ਲਿਆ ਹੈ, ਪਰ ਕੇਂਦਰ ਸਰਕਾਰ ਵੱਡੇ ਮਗਰਮੱਛਾਂ ਅਤੇ ਮੁੱਖ ਸਪਲਾਇਰਾਂ ਨੂੰ ਫੜਨ ਵਿੱਚ ਅਸਫ਼ਲ ਰਹੀ ਹੈ। ਪੰਜਾਬ ਦੀ AAP ਸਰਕਾਰ ‘ਤੇ ਵਰ੍ਹਦਿਆਂ ਬਾਜਵਾ ਨੇ ਕਿਹਾ ਕਿ ਇਹ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ।
ਉਨ੍ਹਾਂ ਅਰਵਿੰਦ ਕੇਜਰੀਵਾਲ ਦੇ ਉਸ ਵਾਅਦੇ ਦੀ ਯਾਦ ਦਿਵਾਈ ਜਿਸ ਵਿੱਚ ਉਨ੍ਹਾਂ ਨੇ ਸਰਕਾਰ ਬਣਨ ਦੇ 4 ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਪਿੰਡ, ਕਸਬਾ ਜਾਂ ਸ਼ਹਿਰ ਅਜਿਹਾ ਨਹੀਂ ਬਚਿਆ ਜਿੱਥੇ ਨਸ਼ੇ ਕਾਰਨ ਪਰਿਵਾਰ ਤਬਾਹ ਨਾ ਹੋ ਰਹੇ ਹੋਣ। ਹਾਲਾਤ ਇਹ ਬਣ ਚੁੱਕੇ ਹਨ ਕਿ ਚੰਗੇ ਪਰਿਵਾਰ ਆਪਣੇ ਬੱਚਿਆਂ ਦੀ ਜਾਨ ਅਤੇ ਭਵਿੱਖ ਬਚਾਉਣ ਲਈ ਜ਼ਮੀਨਾਂ-ਜਾਇਦਾਦਾਂ ਵੇਚ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਰਹੇ ਹਨ।
ਉਨ੍ਹਾਂ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਅੰਕੜਿਆਂ ‘ਤੇ ਵੀ ਸਵਾਲ ਚੁੱਕੇ। ਬਾਜਵਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਦੀ ਕੁੱਲ ਸਮਰੱਥਾ 22-23 ਹਜ਼ਾਰ ਦੇ ਕਰੀਬ ਹੈ, ਪਰ ਸਰਕਾਰ ਹਜ਼ਾਰਾਂ ਲੋਕਾਂ ਨੂੰ ਫੜਨ ਦਾ ਦਾਅਵਾ ਕਰ ਰਹੀ ਹੈ। ਉਨ੍ਹਾਂ ਪੁੱਛਿਆ ਕਿ ਇਹ ਫੜੇ ਗਏ ਲੋਕ ਆਖ਼ਰ ਰੱਖੇ ਕਿੱਥੇ ਗਏ ਹਨ? ਗੈਂਗਸਟਰਾਂ ਦੇ ਮੁੱਦੇ ‘ਤੇ ਗੱਲ ਕਰਦਿਆਂ ਬਾਜਵਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਗੈਂਗਸਟਰਾਂ ਨੂੰ ਭਾਜਪਾ ਸ਼ਾਸਿਤ ਰਾਜਾਂ ਦੀਆਂ ਜੇਲ੍ਹਾਂ ਵਿੱਚੋਂ ਸ਼ਰਨ ਅਤੇ ਸੁਵਿਧਾਵਾਂ ਮਿਲ ਰਹੀਆਂ ਹਨ, ਜਿੱਥੋਂ ਬੈਠ ਕੇ ਉਹ ਫਿਰੌਤੀਆਂ ਦਾ ਜਾਲ ਚਲਾ ਰਹੇ ਹਨ।
ਆਪਣੇ ਬਿਆਨ ਦੇ ਅੰਤ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਰਾਜਨੀਤਿਕ ਸਰਪ੍ਰਸਤੀ ਤੋਂ ਬਿਨਾਂ ਕਿਸੇ ਵੀ ਇਲਾਕੇ ਵਿੱਚ ਨਸ਼ਾ ਨਹੀਂ ਵਿਕ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਨਸ਼ੇ ਦੀ ਨਵੀਂ ਦੁਕਾਨ ਖੁੱਲ੍ਹਦੀ ਹੈ ਤਾਂ ਉਸ ਲਈ ਸਿੱਧੇ ਤੌਰ ‘ਤੇ ਉੱਥੋਂ ਦਾ ਐੱਸ.ਐੱਚ.ਓ. (SHO) ਅਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਆ ਕੇ ਵੋਟਾਂ ਮੰਗਣ ਦੀ ਬਜਾਏ ਪਹਿਲਾਂ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਜਾਰੀ ਕਰਨ ਅਤੇ ਵੱਡੇ ਨਸ਼ਾ ਤਸਕਰਾਂ ‘ਤੇ ਕੀਤੀ ਗਈ ਕਾਰਵਾਈ ਦਾ ਹਿਸਾਬ ਦੇਣ।
















