Employees Protest: 10 ਅਕਤੂਬਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸੰਗਰੂਰ ਵਿੱਚ ਹੋਣ ਵਾਲੀ ਰੈਲੀ ‘ਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ- ਡੀ.ਟੀ.ਐਫ਼. ਪੰਜਾਬ
ਪੁਰਾਣੀ ਪੈਨਸ਼ਨ ਸਮੇਤ ਸਾਰੀਆਂ ਮੰਗਾਂ ਤੁਰੰਤ ਲਾਗੂ ਕਰੇ ਸਰਕਾਰ- ਡੀ.ਟੀ.ਐਫ਼.
ਚੰਡੀਗੜ੍ਹ/ਮੋਹਾਲੀ, 07 ਅਕਤੂਬਰ 2026: 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੇ ਸ਼ਹਿਰ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਰੈਲੀ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ।
ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੂਨ ਮਹੀਨੇ ਤੋਂ ਲੈ ਕੇ ਮੁਲਾਜ਼ਮਾਂ ਦਾ ਇਤਿਹਾਸਿਕ ਸੰਘਰਸ਼ ਚੱਲ ਰਿਹਾ ਹੈ, ਜਿਸ ਵਿੱਚ ਜਿਲਿਆਂ ਦੇ ਪ੍ਰੋਗਰਾਮ, 7 ਅਗਸਤ ਦੀ ਚੰਡੀਗੜ੍ਹ ਰੈਲੀ, 23 ਅਗਸਤ ਨੂੰ ਸਤੌਜ ਵਿਖੇ ਪੁਰਾਣੀ ਪੈਨਸ਼ਨ ਲਈ ਰੈਲੀ, 27 ਅਗਸਤ ਦਾ ਪੰਜਾਬ ਬੰਦ, 08 ਸਤੰਬਰ ਦੀ ਦਫ਼ਤਰੀ ਕਾਮਿਆਂ ਦੀ ਹੜਤਾਲ, 12-13 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਅਤੇ 18-19 ਸਤੰਬਰ ਨੂੰ ਐੱਮ.ਐੱਲ.ਏਜ਼ ਦੇ ਘਰਾਂ ਦਾ ਘਿਰਾਓ ਕਰਨ ਉਪਰੰਤ ਮੁੱਖ ਮੰਤਰੀ ਨੇ ਮੁਲਾਜ਼ਮਾਂ ਨਾਲ ਹੋਈ ਮੀਟਿੰਗ ਵਿੱਚ ਸਿਰਫ 8% ਡੀ.ਏ. ਦੇ ਕੇ ਪਰਚਾਉਣ ਦੀ ਕੋਸ਼ਿਸ ਕੀਤੀ। ਪਰ ਮੁਲਾਜ਼ਮ ਆਪਣੀ ਇੱਕ-ਇੱਕ ਮੰਗ ਮਨਵਾਉਣ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਸਰਕਾਰ ਦੇ 5 ਸਾਲ ਬੀਤਣ ਦੇ ਬਾਵਜੂਦ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲ ਕਰਨੀ, 17-07-2020 ਅਤੇ 15-01-15 ਦੇ ਪੱਤਰ ਵਾਪਿਸ ਲੈਣਾ, ਕੰਪਿਊਟਰ ਅਧਿਆਪਕ, ਸਪੈਸ਼ਲ ਕਾਡਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, ਐੱਨ.ਐੱਸ.ਕਿਊ.ਐੱਫ. ਅਧਿਆਪਕਾਂ ਸਮੇਤ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨੇ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨੇ, 200 ਰੁਪਏ ਕੱਟਦਾ ਟੈਕਸ ਬੰਦ ਕਰਨਾ, ਏ.ਸੀ.ਪੀ. ਬਹਾਲ ਕਰਨਾ, ਮਿਡ-ਡੇ-ਮੀਲ ਵਰਕਰਾਂ, ਸਫਾਈ ਸੇਵਕਾਂ ਅਤੇ ਚੋਕੀਦਾਰਾਂ ਦਾ ਮਿਹਨਤਾਨਾ 18,000 ਕਰਵਾਉਣਾ ਅਤੇ 10% ਪੈਂਡਿੰਗ ਡੀ.ਏ. ਜਾਰੀ ਕਰਨਾ, ਓਵੇਂ ਦੀਆਂ ਓਵੇਂ ਖੜ੍ਹੀਆਂ ਹਨ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦੀ ਸਰਕਾਰ ਹੈ ਅਤੇ ਇਸ ਝੂਠੀ ਸਰਕਾਰ ਨੂੰ ਸਬਕ ਸਿਖਾਉਣ ਲਈ 10 ਅਕਤੂਬਰ ਨੂੰ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸੰਗਰੂਰ ਦੀਆਂ ਸੜਕਾਂ ‘ਤੇ ਉਤਰਨਗੇ। ਆਗੂਆਂ ਨੇ ਦੱਸਿਆ ਕਿ ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜਿਲਿਆਂ ਅਤੇ ਬਲਾਕਾਂ ਦੀਆਂ ਮੀਟਿੰਗਾਂ ਕਰ ਰਿਹਾ ਹੈ।

















1 thought on “Employees Protest: 10 ਅਕਤੂਬਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸੰਗਰੂਰ ਵਿੱਚ ਹੋਣ ਵਾਲੀ ਰੈਲੀ ‘ਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ- ਡੀ.ਟੀ.ਐਫ਼.”