Join WhatsApp

Join Now

Punjab Govt Employees Protest: 8% DA ਨਾਲ ਨਹੀਂ ਮੰਨਣਗੇ ਮੁਲਾਜ਼ਮ! ਸੰਗਰੂਰ ਰੈਲੀ ਰਾਹੀਂ ਭਗਵੰਤ ਮਾਨ ਸਰਕਾਰ ਨੂੰ ਸਬਕ ਸਿਖਾਉਣ ਦਾ ਐਲਾਨ

On: October 7, 2026 7:23 PM

 

Punjab Govt Employees Protest: 8% DA ਨਾਲ ਨਹੀਂ ਮੰਨਣਗੇ ਮੁਲਾਜ਼ਮ! ਸੰਗਰੂਰ ਰੈਲੀ ਰਾਹੀਂ ਭਗਵੰਤ ਮਾਨ ਸਰਕਾਰ ਨੂੰ ਸਬਕ ਸਿਖਾਉਣ ਦਾ ਐਲਾਨ

ਸੰਗਰੂਰ ਵਿਖੇ 10 ਅਕਤੂਬਰ ਦੀ ਮੁਲਾਜ਼ਮ ਤੇ ਪੈਨਸ਼ਨਰ ਰੈਲੀ ‘ਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਕਰੇਗਾ ਭਰਵੀਂ ਸ਼ਮੂਲੀਅਤ; ਸਰਕਾਰ ਖ਼ਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ

ਚੰਡੀਗੜ੍ਹ/ਮੋਹਾਲੀ, 07 ਅਕਤੂਬਰ 2026: (Punjab Govt Employees Protest) ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਆਉਂਦੀ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ/ਰਿਹਾਇਸ਼ ਵਾਲੇ ਸ਼ਹਿਰ ਸੰਗਰੂਰ ਵਿਖੇ ਇੱਕ ਬਹੁਤ ਵੱਡੀ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਮਹਾਂਰੈਲੀ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (DTF) ਪੰਜਾਬ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰੇਗਾ।

ਇਹ ਵੀ ਪੜ੍ਹੋ- Employees Protest: 10 ਅਕਤੂਬਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸੰਗਰੂਰ ਵਿੱਚ ਹੋਣ ਵਾਲੀ ਰੈਲੀ ‘ਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ- ਡੀ.ਟੀ.ਐਫ਼.

ਅਧਿਆਪਕਾਂ ਦੀ ਇਸ ਪ੍ਰਮੁੱਖ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ ਮਹੀਨੇ ਤੋਂ ਮੁਲਾਜ਼ਮਾਂ ਦਾ ਇੱਕ ਇਤਿਹਾਸਿਕ ਸੰਘਰਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਦੌਰਾਨ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ, 7 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ, 23 ਅਗਸਤ ਨੂੰ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਰੈਲੀ, 27 ਅਗਸਤ ਨੂੰ ਸਫ਼ਲ ਪੰਜਾਬ ਬੰਦ, 08 ਸਤੰਬਰ ਨੂੰ ਦਫ਼ਤਰੀ ਕਾਮਿਆਂ ਦੀ ਹੜਤਾਲ, 12-13 ਸਤੰਬਰ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਅਤੇ 18-19 ਸਤੰਬਰ ਨੂੰ ਵਿਧਾਇਕਾਂ (MLAs) ਦੇ ਘਰਾਂ ਅੱਗੇ ਧਰਨੇ ਦਿੱਤੇ ਗਏ।

ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਲਗਾਤਾਰ ਸੰਘਰਸ਼ਾਂ ਤੋਂ ਬਾਅਦ ਮੁੱਖ ਮੰਤਰੀ ਨੇ ਮੁਲਾਜ਼ਮਾਂ ਨਾਲ ਮੀਟਿੰਗ ਤਾਂ ਕੀਤੀ, ਪਰ ਸਿਰਫ਼ 8 ਫ਼ੀਸਦੀ ਮਹਿੰਗਾਈ ਭੱਤਾ (DA) ਦੇ ਕੇ ਮੁਲਾਜ਼ਮ ਵਰਗ ਨੂੰ ਪਰਚਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਅਧਿਆਪਕ ਅਜਿਹੇ ਅਧੂਰੇ ਫੈਸਲਿਆਂ ਨਾਲ ਸ਼ਾਂਤ ਨਹੀਂ ਬੈਠਣਗੇ ਅਤੇ ਆਪਣੀ ਇੱਕ-ਇੱਕ ਹੱਕੀ ਮੰਗ ਮੰਨਵਾਉਣ ਤੱਕ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹਿਣਗੇ।

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਸਰਕਾਰ ‘ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ 5 ਸਾਲ ਬੀਤਣ ਦੇ ਬਾਵਜੂਦ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬੁਨਿਆਦੀ ਮਸਲੇ ਜਿਓਂ ਦੇ ਤਿਓਂ ਖੜ੍ਹੇ ਹਨ।

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਹਨ ਕਿ, ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। 17-07-2020 ਅਤੇ 15-01-2015 ਦੇ ਨੋਟੀਫਿਕੇਸ਼ਨ ਵਾਪਸ ਲਏ ਜਾਣ। ਕੰਪਿਊਟਰ ਅਧਿਆਪਕ, ਸਪੈਸ਼ਲ ਕਾਡਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, NSQF ਅਧਿਆਪਕਾਂ ਸਮੇਤ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ। ਪੇਂਡੂ ਭੱਤੇ ਸਮੇਤ ਬੰਦ ਕੀਤੇ ਗਏ 37 ਤਰ੍ਹਾਂ ਦੇ ਭੱਤੇ ਮੁੜ ਚਾਲੂ ਕੀਤੇ ਜਾਣ। 200 ਰੁਪਏ ਮਹੀਨਾ ਕੱਟਿਆ ਜਾ ਰਿਹਾ ਡਿਵੈਲਪਮੈਂਟ ਟੈਕਸ ਬੰਦ ਕੀਤਾ ਜਾਵੇ ਅਤੇ ਏ.ਸੀ.ਪੀ. (ACP) ਸਕੀਮ ਬਹਾਲ ਕੀਤੀ ਜਾਵੇ। ਮਿਡ-ਡੇ-ਮੀਲ ਵਰਕਰਾਂ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦਾ ਘੱਟੋ-ਘੱਟ ਮਿਹਨਤਾਨਾ 18,000 ਰੁਪਏ ਕੀਤਾ ਜਾਵੇ। ਬਾਕੀ ਰਹਿੰਦਾ 10% ਪੈਂਡਿੰਗ ਡੀ.ਏ. ਤੁਰੰਤ ਜਾਰੀ ਕੀਤਾ ਜਾਵੇ।

ਆਗੂਆਂ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਸਰਕਾਰ ਦਾਅਵਿਆਂ ਅਤੇ ਝੂਠ ‘ਤੇ ਚੱਲ ਰਹੀ ਹੈ। ਇਸ ਝੂਠੀ ਸਰਕਾਰ ਨੂੰ ਸਬਕ ਸਿਖਾਉਣ ਲਈ 10 ਅਕਤੂਬਰ ਨੂੰ ਸਾਰਾ ਪੰਜਾਬ ਸੰਗਰੂਰ ਦੀਆਂ ਸੜਕਾਂ ‘ਤੇ ਉਤਰੇਗਾ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਦੀ ਰੈਲੀ ਨੂੰ ਇਤਿਹਾਸਿਕ ਬਣਾਉਣ ਲਈ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਲਗਾਤਾਰ ਮੀਟਿੰਗਾਂ ਕਰਕੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਲਾਮਬੰਦੀਆਂ ਕੀਤੀਆਂ ਜਾ ਰਹੀਆਂ ਹਨ।

 

Leave a Comment