Join WhatsApp

Join Now

ਵੱਡਾ ਖ਼ੁਲਾਸਾ: ਸੱਤਾ ਸ਼ਹਿ ਪ੍ਰਾਪਤ ਮੈਡੀਕਲ ਸਟੋਰ ਮਾਲਕ ਨੇ ਮਾਰੀਆਂ ਸੀ ਪਰਮਿੰਦਰ ਝੋਟੇ ਨੂੰ ਗੋਲੀਆਂ!

On: October 13, 2026 2:16 PM

 

ਵੱਡਾ ਖ਼ੁਲਾਸਾ: ਸੱਤਾ ਸ਼ਹਿ ਪ੍ਰਾਪਤ ਮੈਡੀਕਲ ਸਟੋਰ ਮਾਲਕ ਵੱਲੋਂ ਪਰਮਿੰਦਰ ਝੋਟੇ ਦਾ ਗੋਲੀਆਂ ਮਾਰ ਕੇ ਕਤਲ

ਨਸ਼ੇ ਵਿਰੁੱਧ ਲਾਈਵ ਹੋ ਕੇ ਆਵਾਜ਼ ਚੁੱਕ ਰਿਹਾ ਸੀ ਝੋਟਾ, ਪ੍ਰਸ਼ਾਸਨ ‘ਤੇ ਲਗਾਏ ਗਏ ਸਨ ਗੰਭੀਰ ਸਵਾਲ- ਪਰਮਿੰਦਰ ਝੋਟੇ ਦੇ ਪਰਿਵਾਰ ਦਾ ਐਲਾਨ: ਕਾਤਲਾਂ ਦੀ ਗ੍ਰਿਫ਼ਤਾਰੀ ਤੱਕ ਨਹੀਂ ਕੀਤਾ ਜਾਵੇਗਾ ਅੰਤਿਮ ਸਸਕਾਰ

ਚੰਡੀਗੜ੍ਹ, 13 ਅਕਤੂਬਰ 2026– ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚੋਂ ਇੱਕ ਬਹੁਤ ਹੀ ਸਨਸਨੀਖੇਜ਼ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ੇ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟੇ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਘਿਨਾਉਣੇ ਕਾਂਡ ਨੂੰ ਅੰਜਾਮ ਦੇਣ ਵਾਲਾ ਮੁੱਖ ਦੋਸ਼ੀ ਇੱਕ ਮੈਡੀਕਲ ਸਟੋਰ ਦਾ ਮਾਲਕ ਹੈ, ਜਿਸ ਉੱਤੇ ਪਹਿਲਾਂ ਹੀ ਨਸ਼ੇ ਦਾ ਕਾਰੋਬਾਰ ਕਰਨ ਅਤੇ ਸੱਤਾ ਦੀ ਸ਼ਹਿ ਹੋਣ ਦੇ ਗੰਭੀਰ ਦੋਸ਼ ਲੱਗ ਰਹੇ ਹਨ।

ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਘਟਨਾ ਵਾਪਰਨ ਤੋਂ ਪਹਿਲਾਂ ਪਰਮਿੰਦਰ ਝੋਟਾ ਆਪਣੇ ਫੇਸਬੁੱਕ ਪੇਜ਼ ਉੱਤੇ ਲਾਈਵ ਹੋ ਕੇ ਮੈਡੀਕਲ ਸਟੋਰ ਮਾਲਕ ਦੀਆਂ ਕਾਲੀਆਂ ਕਰਤੂਤਾਂ ਦੀ ਪੋਲ ਖੋਲ੍ਹ ਰਿਹਾ ਸੀ। ਉਹ ਲਾਈਵ ਹੋ ਕੇ ਦੱਸ ਰਿਹਾ ਸੀ ਕਿ ਕਿਵੇਂ ਇਹ ਮੈਡੀਕਲ ਸਟੋਰ ਵਾਲਾ ਨਸ਼ਾ ਵੇਚ ਰਿਹਾ ਹੈ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਿਹਾ ਹੈ। ਝੋਟਾ ਲੰਮੇ ਸਮੇਂ ਤੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾ ਰਿਹਾ ਸੀ।

ਉਸ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਅਤੇ ਸਰਕਾਰ ਜਾਣਬੁੱਝ ਕੇ ਨਸ਼ਾ ਤਸਕਰਾਂ ਅਤੇ ਇਨ੍ਹਾਂ ਮੈਡੀਕਲ ਸਟੋਰ ਮਾਲਕਾਂ ਵਿਰੁੱਧ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਰੋਜ਼ਾਨਾ ਪੰਜਾਬ ਦੇ ਘਰਾਂ ਦੇ ਦੀਵੇ ਬੁੱਝ ਰਹੇ ਹਨ ਅਤੇ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਇਸੇ ਗੱਲ ਤੋਂ ਪ੍ਰੇਸ਼ਾਨ ਹੋ ਕੇ ਪਰਮਿੰਦਰ ਝੋਟਾ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਡਟਿਆ ਹੋਇਆ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਪਰਮਿੰਦਰ ਸਿੰਘ ਝੋਟੇ ਦੇ ਮਾਤਾ ਅਤੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ ਹੈ।

ਝੋਟੇ ਦੇ ਪਿਤਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਦੁੱਖ ਨਹੀਂ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆ ਤੋਂ ਚਲਾ ਗਿਆ ਹੈ, ਸਗੋਂ ਅਸਲੀ ਦੁੱਖ ਇਹ ਹੈ ਕਿ ਨਸ਼ਾ ਤਸਕਰ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਸ਼ਰੇਆਮ ਨਸ਼ਾ ਵੇਚ ਰਹੇ ਹਨ, ਪਰ ਪੁਲਿਸ ਅਤੇ ਸਰਕਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਅਸਮਰੱਥ ਦਿਖਾਈ ਦੇ ਰਹੀ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਅਪੀਲ ਕਰਦਿਆਂ ਮੰਗ ਕੀਤੀ ਹੈ ਕਿ ਅਜਿਹੇ ਨਿਕੰਮੇ ਪ੍ਰਸ਼ਾਸਨ ਨੂੰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।

ਪਰਿਵਾਰ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਕਾਤਲ ਅਤੇ ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ ਜੇਲ੍ਹ ਦੇ ਸਲਾਖਾਂ ਪਿੱਛੇ ਨਹੀਂ ਸੁੱਟੇ ਜਾਂਦੇ, ਤਦ ਤੱਕ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਮ੍ਰਿਤਕ ਦੀ ਮਾਤਾ ਨੇ ਰੋਂਦਿਆਂ ਹੋਏ ਦੱਸਿਆ ਕਿ ਮਰਨਾ ਤਾਂ ਨਸ਼ਾ ਤਸਕਰਾਂ ਨੂੰ ਚਾਹੀਦਾ ਸੀ, ਪਰ ਮਾਰ ਉਸ ਇਨਸਾਨ ਨੂੰ ਦਿੱਤਾ ਗਿਆ ਜਿਹੜਾ ਨਸ਼ਾ ਤਸਕਰਾਂ ਵਿਰੁੱਧ ਡਟ ਕੇ ਆਵਾਜ਼ ਬੁਲੰਦ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਘਰੋਂ ਨਿਕਲਣ ਵੇਲੇ ਪੈਰੀਂ ਹੱਥ ਲਾ ਕੇ ਗਿਆ ਸੀ ਅਤੇ ਕਹਿ ਗਿਆ ਸੀ ਕਿ ਬੇਬੇ ਰੋਟੀ ਬਣਾ ਕੇ ਰੱਖਿਓ, ਮੈਂ ਆ ਕੇ ਖਾਂਦਾ ਹਾਂ, ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਦਾ ਪੁੱਤਰ ਹਮੇਸ਼ਾ ਲਈ ਉਨ੍ਹਾਂ ਨੂੰ ਛੱਡ ਕੇ ਤੁਰ ਜਾਵੇਗਾ। ਦੂਜੇ ਪਾਸੇ, ਇਸ ਗੰਭੀਰ ਮਾਮਲੇ ਦਾ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਆਉਣ ਵਾਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ, ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਰ ਕੋਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।

 

Leave a Comment