Join WhatsApp

Join Now

ਵੱਡੀ ਖ਼ਬਰ: ਦੇਸ਼ ਭਰ ’ਚ ਕਿਸਾਨ 26 ਨਵੰਬਰ ਨੂੰ ਕਰਨਗੇ ਰੋਸ ਪ੍ਰਦਰਸ਼ਨ: SKM ਨੇ ਕੀਤਾ ਵੱਡਾ ਐਲਾਨ

On: October 13, 2026 3:47 PM
Farmers Protest Punjab

 

ਵੱਡੀ ਖ਼ਬਰ: ਦੇਸ਼ ਭਰ ’ਚ ਕਿਸਾਨ 26 ਨਵੰਬਰ ਨੂੰ ਕਰਨਗੇ ਰੋਸ ਪ੍ਰਦਰਸ਼ਨ: SKM ਨੇ ਕੀਤਾ ਵੱਡਾ ਐਲਾਨ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਵਿਰੁੱਧ 23 ਅਕਤੂਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਪ੍ਰਦਰਸ਼ਨ ਕਰਨ ਦਾ ਸੱਦਾ

ਚੰਡੀਗੜ੍ਹ, 13 ਅਕਤੂਬਰ 2026: ਸੰਯੁਕਤ ਕਿਸਾਨ ਮੋਰਚਾ (SKM) ਨੇ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਦੇਸ਼ ਭਰ ਵਿੱਚ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿਖੇ ਹੋਈ ਮੋਰਚੇ ਦੀ ਕੌਮੀ ਕੌਂਸਲ ਅਤੇ ਆਮ ਸਭਾ ਦੀ ਮੀਟਿੰਗ ਦੌਰਾਨ ਲਿਆ ਗਿਆ। ਪ੍ਰਦਰਸ਼ਨਾਂ ਦੇ ਸਥਾਨਾਂ ਬਾਰੇ ਫ਼ੈਸਲਾ ਸੂਬਾਈ ਇਕਾਈਆਂ ਵੱਲੋਂ ਕੀਤਾ ਜਾਵੇਗਾ।

ਮੀਟਿੰਗ ਦੀ ਪ੍ਰਧਾਨਗੀ ਸੱਤ ਮੈਂਬਰੀ ਪ੍ਰਧਾਨਗੀ ਮੰਡਲ ਨੇ ਕੀਤੀ, ਜਿਸ ਵਿੱਚ ਅਸ਼ੋਕ ਧਵਲੇ, ਜੋਗਿੰਦਰ ਸਿੰਘ ਉਗਰਾਹਾਂ, ਰਾਕੇਸ਼ ਟਿਕੈਤ, ਰਾਜਨ ਕਸ਼ੀਰਸਾਗਰ, ਡਾ. ਸੁਨੀਲਮ, ਜਗਤਾਰ ਸਿੰਘ ਬਾਜਵਾ ਅਤੇ ਜੋਗਿੰਦਰ ਸਿੰਘ ਨੈਨ ਸ਼ਾਮਲ ਸਨ।

ਮੀਟਿੰਗ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੇ ਮੁੱਦੇ ’ਤੇ ਸੰਘਰਸ਼ ਕਰ ਰਹੇ ਲੋਕਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਤਹਿਤ 23 ਅਕਤੂਬਰ ਨੂੰ ਦੇਸ਼ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਨੇ ਇਹ ਵੀ ਫ਼ੈਸਲਾ ਕੀਤਾ ਕਿ ਉਹ ਨਵੀਂ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰੇਗਾ।

ਜਗਤਾਰ ਸਿੰਘ ਬਾਜਵਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਪੁਲੀਸ ਅਤੇ ਹੋਰ ਅਨਸਰਾਂ ਵੱਲੋਂ ਪ੍ਰਦਰਸ਼ਨਕਾਰੀਆਂ, ਖ਼ਾਸ ਕਰਕੇ ਨੌਜਵਾਨ ਮਹਿਲਾ ਵਿਦਿਆਰਥੀਆਂ ਨੂੰ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕਰਨ ਅਤੇ ਉਨ੍ਹਾਂ ਵਿਰੁੱਧ ਜਬਰ ਕਰਨ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਕਾਰਵਾਈਆਂ ਜਾਰੀ ਰਹੀਆਂ ਤਾਂ ਕਿਸਾਨ ਦੇਸ਼ ਭਰ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸਮਰਥਨ ਵਿੱਚ ਮੈਦਾਨ ਵਿੱਚ ਉਤਰਨਗੇ।

ਮੋਰਚੇ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਤੁਰੰਤ ਦਖ਼ਲ ਨਾ ਦਿੱਤੇ ਜਾਣ ’ਤੇ ਵੀ ਚਿੰਤਾ ਪ੍ਰਗਟਾਈ। ਮੀਟਿੰਗ ਵਿੱਚ ਐੱਸਆਈਆਰ ਪ੍ਰਕਿਰਿਆ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ, ਮੋਰਚੇ ਨੇ ਦਾਅਵਾ ਕੀਤਾ ਕਿ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ। ਮੀਟਿੰਗ ਵਿੱਚ ਪੰਜਾਬ ਵੱਲੋਂ ਰਮਿੰਦਰ ਸਿੰਘ ਪਟਿਆਲਾ, ਜੋਗਿੰਦਰ ਸਿੰਘ ਉਗਰਾਹਾਂ, ਜਗਮੋਹਨ ਸਿੰਘ ਉੱਪਲ, ਗੁਰਮੀਤ ਸਿੰਘ ਭੱਟੀਵਾਲ, ਦਲਜਿੰਦਰ ਸਿੰਘ ਗੁਰਨਾ, ਗੁਰਮੀਤ ਸਿੰਘ ਮਹਿਮਾ, ਅੰਗਰੇਜ਼ ਸਿੰਘ ਮੋਹਾਲੀ ਅਤੇ ਗੁਰਨਾਮ ਸਿੰਘ ਮਾਨਸਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

 

Leave a Comment