ਦਿੱਲੀ ਪੁਲਿਸ ਜਬਰ ਵਿਰੁੱਧ ਫਾਜ਼ਿਲਕਾ ਦੀਆਂ ਵੱਖ ਵੱਖ ਜਨਤਕ ਤੇ ਜਮਹੂਰੀ ਵੱਲੋਂ ਪ੍ਰਦਰਸ਼ਨ 17 ਅਕਤੂਬਰ ਨੂੰ
ਚੋਣ ਕਮਿਸ਼ਨ ਦੀਆਂ ਤਾਨਾਸ਼ਾਹ ਨੀਤੀਆਂ ਅਤੇ ਆਰ ਐਸ ਐਸ-ਬੀਜੇਪੀ ਸਰਕਾਰ ਦੇ ਫਾਸ਼ੀਵਾਦੀ ਹਮਲਿਆਂ ਵਿਰੁੱਧ ਜੱਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਸੰਘਰਸ਼ ਸ਼ੁਰੂ
ਫਾਜ਼ਿਲਕਾ
ਦਿੱਲੀ ਵਿਖੇ ਚੋਣ ਕਮਿਸ਼ਨ ਦੀਆਂ ਨੀਤੀਆਂ ਵਿਰੁੱਧ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਲੋਕਾਂ, ਜਮਹੂਰੀ ਕਾਰਕੁਨਾਂ ਅਤੇ ਨੌਜਵਾਨਾਂ ਉੱਤੇ ਕੀਤੇ ਗਏ ਲਾਠੀਚਾਰਜ, ਗ੍ਰਿਫ਼ਤਾਰੀਆਂ ਅਤੇ ਝੂਠੇ ਪਰਚੇ ਦਰਜ ਕਰਨ ਖ਼ਿਲਾਫ਼ ਫਾਜ਼ਿਲਕਾ ਦੀਆਂ ਵੱਖ ਵੱਖ ਜਨਤਕ ਤੇ ਜਮਹੂਰੀ ਜੱਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਮੀਟਿੰਗ ਕਰਕੇ 17 ਅਕਤੂਬਰ ਨੂੰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਇਸ ਘਟਿਆ ਵਰਤਾਰੇ ਨੂੰ ਲੋਕਾਂ ਦੇ ਜਮਹੂਰੀ ਅਤੇ ਸੰਵਿਧਾਨਕ ਹੱਕਾਂ ਉੱਤੇ ਸਿੱਧਾ ਹਮਲਾ ਕਰਾਰ ਦਿੱਤਾ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋ ਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫਾਜ਼ਿਲਕਾ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰਸੋਨਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਇਫਟੂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਸਿੰਘ ਚੱਕ ਪੁੰਨਾਂਵਾਲੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ (SIR) ਪ੍ਰਕਿਰਿਆ ਦੌਰਾਨ ਹੋ ਰਹੀਆਂ ਕਥਿਤ ਬੇਨਿਯਮੀਆਂ ਅਤੇ ਯੋਗ ਵੋਟਰਾਂ ਨੂੰ ਵੋਟ ਦੇ ਹੱਕ ਤੋਂ ਵਾਂਝੇ ਕੀਤੇ ਜਾਣ ਦੇ ਖ਼ਦਸ਼ਿਆਂ ਵਿਰੁੱਧ ਉੱਠ ਰਹੀ ਆਵਾਜ਼ ਨੂੰ ਪੁਲਿਸ ਜਬਰ ਰਾਹੀਂ ਦਬਾਉਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕੇਂਦਰ ਦੀ ਆਰਐਸਐਸ-ਬੀਜੇਪੀ ਸਰਕਾਰ ਦੀਆਂ ਲੋਕ-ਵਿਰੋਧੀ, ਕਾਰਪੋਰੇਟ-ਪੱਖੀ ਅਤੇ ਫਾਸ਼ੀਵਾਦੀ ਨੀਤੀਆਂ ਦਾ ਹੀ ਹਿੱਸਾ ਹੈ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਚੱਕ ਸੈਦੋ ਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮੁਹਾਰਖੀਵਾ, ਜ਼ਿਲ੍ਹਾ ਆਗੂ ਦਿਲਕਰਨ ਰਤਨਪੁਰਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਫਾਜ਼ਿਲਕਾ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ, ਐਸ.ਆਈ.ਆਰ. ਪ੍ਰਕਿਰਿਆ ਉੱਤੇ ਰੋਕ ਲਾਈ ਜਾਵੇ, ਵੋਟਰ ਸੂਚੀਆਂ ਵਿੱਚੋਂ ਵਾਂਝੇ ਰਹਿ ਗਏ ਸਾਰੇ ਯੋਗ ਨਾਗਰਿਕਾਂ ਦੇ ਨਾਂ ਸ਼ਾਮਲ ਕੀਤੇ ਜਾਣ ਅਤੇ ਦਿੱਲੀ ਵਿੱਚ ਗ੍ਰਿਫ਼ਤਾਰ ਕੀਤੇ ਸਾਰੇ ਲੋਕਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ।
ਇਸ ਪੁਲਿਸ ਜਬਰ ਅਤੇ ਕੇਂਦਰ ਸਰਕਾਰ ਦੀਆਂ ਤਾਨਾਸ਼ਾਹ ਨੀਤੀਆਂ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਉਣ ਲਈ 17 ਅਕਤੂਬਰ ਨੂੰ ਫਾਜ਼ਿਲਕਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ। ਇਸ ਮੌਕੇ ਆਗੂਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਸਾਹਮਣੇ ਹੋ ਰਹੇ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ। ਆਗੂਆਂ ਨੇ ਕਿਹਾ ਕਿ ਜਮਹੂਰੀ ਹੱਕਾਂ ਉੱਤੇ ਹਮਲਿਆਂ ਅਤੇ ਲੋਕ-ਵਿਰੋਧੀ ਨੀਤੀਆਂ ਵਿਰੁੱਧ ਲੋਕਾਂ ਦੀ ਇੱਕਜੁੱਟਤਾ ਹੀ ਫਾਸ਼ੀਵਾਦੀ ਹਮਲਿਆਂ ਦਾ ਪ੍ਰਭਾਵਸ਼ਾਲੀ ਜਵਾਬ ਹੈ।




















