Join WhatsApp

Join Now

Punjab News: ਭਗਵੰਤ ਮਾਨ ਸਰਕਾਰ ਤੋਂ ਅੱਕੇ ‘ਮਾਸਟਰ ਖ਼ੂਨ’ ਨਾਲ ਲਿਖਣਗੇ ਮੰਗ ਪੱਤਰ; ਸੌਂਪਣਗੇ AAP ਵਿਧਾਇਕਾਂ ਅਤੇ DCs ਨੂੰ!

On: October 13, 2026 7:30 PM

 

Punjab News: ਭਗਵੰਤ ਮਾਨ ਸਰਕਾਰ ਤੋਂ ਅੱਕੇ ‘ਮਾਸਟਰ ਖ਼ੂਨ’ ਨਾਲ ਲਿਖਣਗੇ ਮੰਗ ਪੱਤਰ; ਸੌਂਪਣਗੇ AAP ਵਿਧਾਇਕਾਂ ਅਤੇ DCs ਨੂੰ!

ਮੀਟਿੰਗਾਂ ਦੇ ਭਰੋਸਿਆਂ ਤੋਂ ਖਫ਼ਾ ਸਪੈਸ਼ਲ ਬੀ.ਐੱਡ. ਤੇ ਟੈੱਟ ਪਾਸ ਅਧਿਆਪਕ, ਸੰਘਰਸ਼ ਤੇਜ਼ ਕਰਨ ਦਾ ਐਲਾਨ- ਵਿਧਾਇਕਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਖੂਨ ਨਾਲ ਲਿਖੇ ਮੰਗ ਪੱਤਰ ਦੇਣਗੇ ਅਧਿਆਪਕ; ਮੁੱਖ ਮੰਤਰੀ ਤੇ ਮੰਤਰੀਆਂ ਦੇ ਘਿਰਾਓ ਦੀ ਚਿਤਾਵਨੀ

Punjab News, 13 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਲਈ ਸਮਾਂ ਦੇਣ ਦੇ ਬਾਵਜੂਦ ਪਿੱਛੇ ਹਟਣ ਅਤੇ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਣ ਦੇ ਮਾਮਲੇ ਨੂੰ ਲੈ ਕੇ ਆਈ.ਈ.ਏ.ਟੀ. ਸਪੈਸ਼ਲ ਬੀ.ਐੱਡ. ਤੇ ਟੈੱਟ ਪਾਸ ਐਜੂਕੇਸ਼ਨ ਯੂਨੀਅਨ ਪੰਜਾਬ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਜਲੰਧਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਉਸ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਇੱਥੇ ਗੱਲਬਾਤ ਕਰਦਿਆਂ ਰਾਕੇਸ਼ ਕੁਮਾਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਸਪੈਸ਼ਲ ਬੀ.ਐੱਡ. ਅਤੇ ਟੈੱਟ ਪਾਸ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਭਰੋਸੇ ਦਿੱਤੇ ਜਾਂਦੇ ਹਨ, ਪਰ ਮਸਲਿਆਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾ ਰਿਹਾ। ਇਸ ਕਾਰਨ ਅਧਿਆਪਕਾਂ ਵਿੱਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਧਿਆਪਕ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ, ਸਗੋਂ ਆਪਣੀਆਂ ਮੰਗਾਂ ਸਬੰਧੀ ਸਪੱਸ਼ਟ ਅਤੇ ਅਮਲੀ ਫ਼ੈਸਲੇ ਚਾਹੁੰਦੇ ਹਨ। ਉਨ੍ਹਾਂ ਅਨੁਸਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।

ਸੰਘਰਸ਼ ਦੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਰਾਕੇਸ਼ ਕੁਮਾਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਖੂਨ ਨਾਲ ਲਿਖੇ ਮੰਗ ਪੱਤਰ ਸੌਂਪੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਘਿਰਾਓ ਕਰਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ।

ਜਥੇਬੰਦੀ ਦੇ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਪੈਸ਼ਲ ਬੀ.ਐੱਡ. ਪਾਸ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੇ ਮਸਲਿਆਂ ਨੂੰ ਲਗਾਤਾਰ ਅਣਗੌਲਿਆ ਕਰਨ ਦਾ ਸਿਆਸੀ ਪੱਧਰ ’ਤੇ ਵੀ ਵਿਰੋਧ ਕੀਤਾ ਜਾਵੇਗਾ।

 

Leave a Comment