ਵੱਡੀ ਖ਼ਬਰ: ਕੱਲ੍ਹ ਪੰਜਾਬ ਬੰਦ!
ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ- ਮਾਨਸਾ ਵਿੱਚ ਹਾਈਵੇਅ ‘ਤੇ ਲੱਗਿਆ ਪੱਕਾ ਧਰਨਾ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ- CBI ਜਾਂਚ, ਮੁੱਖ ਮੰਤਰੀ ਦੇ ਅਸਤੀਫ਼ੇ ਅਤੇ DGP ਨੂੰ ਬਰਖਾਸਤ ਕਰਨ ਦੀ ਉੱਠੀ ਜ਼ੋਰਦਾਰ ਮੰਗ
ਮਾਨਸਾ/ਚੰਡੀਗੜ੍ਹ, 14 ਅਕਤੂਬਰ 2026- ਪਰਵਿੰਦਰ ਸਿੰਘ ਝੋਟੇ ਦੇ ਹੋਏ ਚਰਚਿਤ ਕਤਲ ਮਾਮਲੇ ਨੂੰ ਲੈ ਕੇ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ ਸਖ਼ਤ ਕਦਮ ਚੁੱਕਦਿਆਂ ਆਉਂਦੀ ਕੱਲ੍ਹ 15 ਅਕਤੂਬਰ ਨੂੰ ‘ਪੰਜਾਬ ਬੰਦ’ ਦਾ ਵੱਡਾ ਸੱਦਾ ਦਿੱਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਪੂਰੇ ਸੂਬੇ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚ ਗਈ ਹੈ। ਮਾਨਸਾ ਵਿੱਚ ਪੂਰਾ ਦਿਨ ਤਣਾਅ ਭਰਿਆ ਮਾਹੌਲ ਬਣਿਆ ਰਿਹਾ, ਜਿਸ ਦੇ ਚੱਲਦਿਆਂ ਰੋਹ ਵਿੱਚ ਆਏ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇਅ ਉੱਤੇ ਤਿੰਨ ਕੋਣੀ ਵਿਖੇ ਟੈਂਟ ਗੱਡ ਕੇ ਪੱਕਾ ਧਰਨਾ ਲਗਾ ਦਿੱਤਾ ਹੈ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕਤਲ
ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਅਤੇ ਨਾਕਸ ਸੁਰੱਖਿਆ ਪ੍ਰਬੰਧਾਂ ਕਾਰਨ ਹੀ ਇਹ ਦੁਖਦਾਈ ਵਾਰਦਾਤ ਵਾਪਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਇਹ ਵੀ ਪੜ੍ਹੋ- Breaking: ਪਰਵਿੰਦਰ ਝੋਟਾ ਕਤਲ ਕਾਂਡ ਦਾ ਮੁੱਖ ਸ਼ੂਟਰ ਗ੍ਰਿਫ਼ਤਾਰ
ਸੰਘਰਸ਼ ਕਮੇਟੀ ਅਤੇ ਪਰਿਵਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਅਸਤੀਫ਼ਾ ਦੇਣਾ ਅਤੇ ਸੂਬੇ ਦੇ ਡੀਜੀਪੀ ਨੂੰ ਤੁਰੰਤ ਬਰਖਾਸਤ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕਤਲਕਾਂਡ: ਪੁਲਿਸ ਨੇ ਕੀਤੀ ਪਹਿਲੀ ਗ੍ਰਿਫ਼ਤਾਰੀ- ਗੋਲੀਆਂ ਚਲਾਉਣ ਵਾਲਾ ਮੈਡੀਕਲ ਸਟੋਰ ਮਾਲਕ ਹਾਲੇ ਵੀ ਫਰਾਰ
ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀ ਸ਼ਹਿ ‘ਤੇ ਹੀ ਪਰਵਿੰਦਰ ਸਿੰਘ ਝੋਟੇ ਦਾ ਕਤਲ ਕੀਤਾ ਗਿਆ ਹੈ। ਇਸ ਪੂਰੇ ਘਟਨਾਕ੍ਰਮ ਅਤੇ ਨਸ਼ੇ ਦੇ ਜਾਲ ਦੀ ਪਰਤ ਉਘੇੜਨ ਲਈ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ (CBI) ਤੋਂ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਧਰਨੇ ਵਾਲੀ ਥਾਂ ‘ਤੇ ਭਾਰੀ ਗਿਣਤੀ ਵਿੱਚ ਸਮਰਥਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਹਨ, ਜੋ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਹਾਲਾਤ ਨੂੰ ਕਾਬੂ ਹੇਠ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਪਰ ਲੋਕਾਂ ਵਿੱਚ ਪੁਲਿਸ ਅਤੇ ਸਰਕਾਰ ਪ੍ਰਤੀ ਭਾਰੀ ਰੋਹ ਦੇਖਣ ਨੂੰ ਮਿਲ ਰਿਹਾ ਹੈ।
















