ਮਾਣ ਭੱਤਾ ਦੁੱਗਣਾ ਕਰਨ ਦੇ ਵਾਅਦੇ ਤੋਂ ਮੁੱਕਰੀ ਪੰਜਾਬ ਸਰਕਾਰ: ਸਰਵ ਆਂਗਣਵਾੜੀ ਯੂਨੀਅਨ ਵੱਲੋਂ CM ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨੇ ਦਾ ਐਲਾਨ!
ਸਾਢੇ ਚਾਰ ਸਾਲਾਂ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਾ ਮਿਲਣ ਕਾਰਨ ਵਰਕਰਾਂ ਵਿੱਚ ਭਾਰੀ ਰੋਹ, ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਿਆ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤਾ ਭਰੋਸਾ ਵੀ ਨਿਕਲਿਆ ਝੂਠਾ, ਆਂਗਣਵਾੜੀ ਵਰਕਰਾਂ ਵੱਲੋਂ ਹੁਣ ਸੰਗਰੂਰ ਵਿਖੇ ਲਾਇਆ ਜਾਵੇਗਾ ਧਰਨਾ
ਚੰਡੀਗੜ੍ਹ, 15 ਅਕਤੂਬਰ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਆਂਗਣਵਾੜੀ ਕਮ ਕਰੈੱਚ ਵਰਕਰਾਂ ਨਾਲ ਕੀਤੇ ਗਏ ਵੱਡੇ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋ ਸਕੇ ਹਨ। ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਸਪੱਸ਼ਟ ਵਾਅਦਾ ਕੀਤਾ ਸੀ, ਪਰ ਅਮਲੀ ਰੂਪ ਵਿੱਚ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਉੱਤੇ ਗੰਭੀਰ ਦੋਸ਼ ਲਾਏ ਹਨ ਕਿ, ਮਾਣ ਭੱਤਾ ਦੁੱਗਣਾ ਕਰਨਾ ਤਾਂ ਦੂਰ ਦੀ ਗੱਲ ਹੈ, ਸਗੋਂ ਪਿਛਲੇ ਸਾਢੇ ਚਾਰ ਸਾਲਾਂ ਦੇ ਲੰਬੇ ਅਰਸੇ ਦੌਰਾਨ ਯੂਨੀਅਨ ਦੀ ਸੂਬਾ ਲੀਡਰਸ਼ਿਪ ਨੂੰ ਸੂਬੇ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਲਈ ਸਮਾਂ ਤੱਕ ਨਹੀਂ ਦਿੱਤਾ ਗਿਆ।
ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਇਸੇ ਰੋਸ ਵਜੋਂ ਬੀਤੇ ਦਿਨੀਂ 3 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਦਿੰਦਿਆਂ 29 ਸਤੰਬਰ ਨੂੰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤੈਅ ਕਰਵਾਈ ਗਈ ਸੀ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਸੀ ਕਿ ਮਹਿਜ਼ 15 ਦਿਨਾਂ ਦੇ ਅੰਦਰ-ਅੰਦਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ। ਪਰ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਵਿੱਤ ਮੰਤਰੀ ਵੀ ਆਪਣੇ ਕਹੇ ਹੋਏ ਸ਼ਬਦਾਂ ਅਤੇ ਵਾਅਦਿਆਂ ਉੱਤੇ ਪੂਰੇ ਨਹੀਂ ਉਤਰੇ।
ਯੂਨੀਅਨ ਆਗੂ ਨੇ ਅੱਗੇ ਦੱਸਿਆ ਕਿ ਵਿੱਤ ਮੰਤਰੀ ਦੇ ਭਰੋਸੇ ਦਾ ਸਤਿਕਾਰ ਕਰਦਿਆਂ ਅਤੇ ਸਰਕਾਰ ਨੂੰ ਬਣਦਾ ਸਮਾਂ ਦੇਣ ਲਈ 3 ਅਕਤੂਬਰ ਵਾਲੇ ਧਰਨੇ ਦਾ ਸਮਾਂ 15 ਦਿਨ ਅੱਗੇ ਵਧਾ ਦਿੱਤਾ ਗਿਆ ਸੀ ਤਾਂ ਜੋ ਪ੍ਰਸ਼ਾਸਨ ਅਤੇ ਸਰਕਾਰ ਆਪਣੇ ਵਾਅਦੇ ਨੂੰ ਅਮਲੀ ਜਾਮਾ ਪਹਿਨਾ ਸਕੇ। ਇਸ ਰੋਸ ਪ੍ਰਦਰਸ਼ਨ ਨੂੰ 18 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਹਾਲਾਂਕਿ, ਇੰਨਾ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜ਼ਮੀਨੀ ਪੱਧਰ ‘ਤੇ ਕੋਈ ਸਕਾਰਾਤਮਕ ਨਤੀਜਾ ਸਾਹਮਣੇ ਨਹੀਂ ਆਇਆ।
ਆਉਂਦੇ ਦਿਨਾਂ ਵਿੱਚ ਤਿਉਹਾਰਾਂ ਦੇ ਸੀਜ਼ਨ ਅਤੇ ਮੌਜੂਦ ਹਾਲਾਤਾਂ ਦੇ ਮੱਦੇਨਜ਼ਰ 18 ਅਕਤੂਬਰ ਵਾਲੇ ਰੋਸ ਪ੍ਰਦਰਸ਼ਨ ਦੀ ਮਿਤੀ ਨੂੰ ਮੁੜ ਸੋਧਿਆ ਗਿਆ ਹੈ। ਹੁਣ ਯੂਨੀਅਨ ਵੱਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕੀਤੀ ਜਾਵੇਗੀ ਅਤੇ ਆਖ਼ਰਕਾਰ 23 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੁੱਖ ਮੰਗ ਹੈ ਕਿ ਬਿਨਾਂ ਕਿਸੇ ਹੋਰ ਦੇਰੀ ਦੇ ਮੁੱਖ ਮੰਤਰੀ ਨਾਲ ਤੁਰੰਤ ਮੀਟਿੰਗ ਕੀਤੀ ਜਾਵੇ ਅਤੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਮੁਤਾਬਕ ਮਾਣ ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ। ਇਸ ਅੰਦੋਲਨ ਵਿੱਚ ਪੂਰੇ ਪੰਜਾਬ ਭਰ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰ, ਹੈਲਪਰ ਅਤੇ ਆਂਗਣਵਾੜੀ ਕਮ ਕਰੈੱਚ ਵਰਕਰ ਸ਼ਾਮਲ ਹੋਣਗੀਆਂ। ਜੇਕਰ ਸਰਕਾਰ ਨੇ ਫਿਰ ਵੀ ਇਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਅਣਮਿਥੇ ਸਮੇਂ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
















