Join WhatsApp

Join Now

ਵੱਡੀ ਖ਼ਬਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ AAP ਵਿਧਾਇਕ ਤਨਖ਼ਾਹੀਆ ਕਰਾਰ!

On: October 16, 2026 7:08 PM

 

ਵੱਡੀ ਖ਼ਬਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ AAP ਵਿਧਾਇਕ ਤਨਖ਼ਾਹੀਆ ਕਰਾਰ!

ਸਿੱਖ ਸੰਸਥਾਵਾਂ ਅਤੇ ਜਥੇਦਾਰਾਂ ਖ਼ਿਲਾਫ਼ ਟਿੱਪਣੀਆਂ ਕਰਨ ਦਾ ਮਾਮਲਾ, ਸੰਗਤ ਨੂੰ ਵਿਧਾਇਕ ਨਾਲ ਸਾਂਝ ਨਾ ਰੱਖਣ ਦੇ ਹੁਕਮ- ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਕੀਰਤਨ ਅਤੇ ਪ੍ਰਚਾਰ ਕਰਨ ਉੱਤੇ ਮੁਕੰਮਲ ਰੋਕ!

ਅੰਮ੍ਰਿਤਸਰ/ਚੰਡੀਗੜ੍ਹ, 16 ਅਕਤੂਬਰ 2026- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਅਹਿਮ ਅਤੇ ਉੱਚ-ਪੱਧਰੀ ਇਕੱਤਰਤਾ ਦੌਰਾਨ ਸਿੱਖ ਪੰਥ ਵੱਲੋਂ ਵੱਡੇ ਅਤੇ ਸਖ਼ਤ ਫ਼ੈਸਲੇ ਲਏ ਗਏ ਹਨ। ਮੌਜੂਦਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕਰਦਿਆਂ ਆਮ ਆਦਮੀ ਪਾਰਟੀ (AAP) ਦੇ ਹਲਕਾ ਪਾਇਲ (ਲੁਧਿਆਣਾ) ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ।

ਇਹ ਸਖ਼ਤ ਕਾਰਵਾਈ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪ੍ਰਮੁੱਖ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਮੱਦੇਨਜ਼ਰ ਕੀਤੀ ਗਈ ਹੈ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵੱਲੋਂ ਸਮੂਹ ਸਿੱਖ ਸੰਗਤ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਕਿਸੇ ਵੀ ਕਿਸਮ ਦੀ ਸਾਂਝ ਜਾਂ ਰਿਸ਼ਤਾ ਰੱਖਣ ਤੋਂ ਗੁਰੇਜ਼ ਕਰਨ, ਕਿਉਂਕਿ ਉਨ੍ਹਾਂ ਵੱਲੋਂ ਪੰਥਕ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ, ਅਕਾਲ ਤਖ਼ਤ ਸਾਹਿਬ ਦੀ ਪਵਿੱਤਰ ਫਸੀਲ ਤੋਂ ਜਾਰੀ ਹੋਏ ਇਸ ਆਦੇਸ਼ ਨੇ ਸਿਆਸੀ ਗਲਿਆਰਿਆਂ ਵਿੱਚ ਵੀ ਭੁਚਾਲ ਲਿਆ ਦਿੱਤਾ ਹੈ। ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਹੀ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕਾਂ ਨੇ 12 ਅਕਤੂਬਰ ਨੂੰ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ। ਇਸ ਸਪੱਸ਼ਟੀਕਰਨ ਦੌਰਾਨ ਉਨ੍ਹਾਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਹਿਲਾਂ ਲਾਏ ਗਏ ਦੋਸ਼ਾਂ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ ਸੀ।

ਇਸ ਤੋਂ ਇਲਾਵਾ, ਇਸ ਇਕੱਤਰਤਾ ਦੌਰਾਨ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਵਿਰੁੱਧ ਵੀ ਸਖ਼ਤ ਫ਼ੈਸਲਾ ਲੈਂਦਿਆਂ ਵੱਡਾ ਆਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਉੱਤੇ ਸਿੱਖੀ ਵਿਰੋਧੀ ਪ੍ਰਚਾਰ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਿਆਈ ਨੂੰ ਚੁਣੌਤੀ ਦੇਣ ਵਰਗੇ ਗੰਭੀਰ ਦੋਸ਼ ਲੱਗੇ ਹਨ। ਇਨ੍ਹਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜ ਸਿੰਘ ਸਾਹਿਬਾਨ ਨੇ ਉਨ੍ਹਾਂ ਦੇ ਧਾਰਮਿਕ ਪ੍ਰਚਾਰ ਕਰਨ ਅਤੇ ਕੀਰਤਨ ਕਰਨ ‘ਤੇ ਮੁਕੰਮਲ ਰੋਕ ਲਾ ਦਿੱਤੀ ਹੈ।

ਮੀਟਿੰਗ ਦੇ ਅੰਤ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਅੰਦਰ ਚੱਲ ਰਹੀ ਨਸ਼ਿਆਂ ਦੀ ਅਲਾਮਤ ਬਾਰੇ ਗੱਲ ਕਰਦਿਆਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦਾ ਡਟ ਕੇ ਵਿਰੋਧ ਕਰਨ। ਉਨ੍ਹਾਂ ਇਸ ਲੜਾਈ ਦੌਰਾਨ ਸ਼ਹੀਦ ਹੋਏ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਦਿਲੋਂ ਮਾਲੀ ਅਤੇ ਸਮਾਜਿਕ ਮਦਦ ਕਰਨ ਦਾ ਆਦੇਸ਼ ਵੀ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮੁੱਚੀ ਕੌਮ ਨੂੰ ਇੱਕ ਪਲੇਟਫਾਰਮ ‘ਤੇ ਆ ਕੇ ਹੰਭਲਾ ਮਾਰਨਾ ਪਵੇਗਾ।

 

Leave a Comment