ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ 22 ਅਕਤੂਬਰ ਨੂੰ ਗਰਜਣਗੇ ਠੇਕਾ ਮੁਲਾਜ਼ਮ, ਵਿਸ਼ਾਲ ਰੋਸ ਰੈਲੀ ਦਾ ਐਲਾਨ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗੁਲ, ਭਰਾਤਰੀ ਜਥੇਬੰਦੀਆਂ ਨੇ ਦਿੱਤਾ ਪੂਰਾ ਸਮਰਥਨ- ਪਨਬੱਸ, ਕਿਸਾਨ ਅਤੇ ਮਜ਼ਦੂਰ ਯੂਨੀਅਨਾਂ ਸਮੇਤ ਕਈ ਜਥੇਬੰਦੀਆਂ ਹੋਣਗੀਆਂ ਰੋਸ ਰੈਲੀ ‘ਚ ਸ਼ਾਮਲ
ਚੰਡੀਗੜ੍ਹ, 17 ਅਕਤੂਬਰ 2026: ਪੰਜਾਬ ਵਿੱਚ ਕੱਚੇ, ਆਊਟਸੋਰਸ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਵੱਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਇੱਕ ਅਹਿਮ ਅਤੇ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ 22 ਅਕਤੂਬਰ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕਾ ਦਿੜਬਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਗਈ।
ਇਸ ਮੀਟਿੰਗ ਦੌਰਾਨ ਮੋਰਚੇ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ ਅਤੇ ਗੁਰਵਿੰਦਰ ਸਿੰਘ ਪੰਨੂ ਦੀ ਅਗਵਾਈ ਹੇਠ ਵੱਖ-ਵੱਖ ਜਨਤਕ ਅਤੇ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਲ ਹੋਈਆਂ ਪ੍ਰਮੁੱਖ ਜਥੇਬੰਦੀਆਂ ਨੇ ਠੇਕਾ ਮੁਲਾਜ਼ਮਾਂ ਦੇ ਇਸ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ 22 ਅਕਤੂਬਰ ਦੀ ਦਿੜਬਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਦੇ ਆਗੂ ਸਤਵਿੰਦਰ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਗੁੱਜਰ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਡੀ.ਡੀ.ਐਫ. ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਲਾਂਬੱਧੀ ਅਰਸੇ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਅਤੇ ਇਨਲਿਸਟਮੈਂਟ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ, ਸਾਰੇ ਠੇਕਾ, ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਉਨ੍ਹਾਂ ਦੇ ਸਬੰਧਤ ਵਿਭਾਗਾਂ ਵਿੱਚ ਸਿੱਧੇ ਕੰਟਰੈਕਟ ‘ਤੇ ਲਿਆ ਕੇ ਪੱਕਾ ਕੀਤਾ ਜਾਵੇ। ਠੇਕੇਦਾਰੀ ਪ੍ਰਥਾ ਅਤੇ ਕੰਪਨੀ ਸਿਸਟਮ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ। 1948 ਦੇ ਘੱਟੋ-ਘੱਟ ਉਜਰਤ ਐਕਟ (Minimum Wages Act 1948) ਅਨੁਸਾਰ ਮੌਜੂਦਾ ਮਹਿੰਗਾਈ ਦੇ ਦੌਰ ਨੂੰ ਦੇਖਦਿਆਂ ਮੁਲਾਜ਼ਮਾਂ ਨੂੰ ਗੁਜ਼ਾਰੇ ਯੋਗ ਯੋਗ ਤਨਖਾਹ ਦਿੱਤੀ ਜਾਵੇ।
ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਹਜ਼ਾਰਾਂ ਠੇਕਾ ਮੁਲਾਜ਼ਮ ਅਜੇ ਵੀ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਜੀਅ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ 22 ਅਕਤੂਬਰ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਯੋਗ ਹੱਲ ਨਾ ਕੀਤਾ, ਤਾਂ ਦਿੜਬਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਇੱਕ ਇਤਿਹਾਸਕ ਇਕੱਠ ਦਾ ਰੂਪ ਧਾਰਨ ਕਰੇਗੀ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹੋਵੇਗੀ।
















