ਵੱਡੀ ਖ਼ਬਰ: ਪੰਜਾਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ 8 ਮਜ਼ਦੂਰਾਂ ਦੀ ਮੌਤ; ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕ ‘ਤੇ ਬੈਠੇ ਪੀੜਤ ਪਰਿਵਾਰ
ਪਿੰਡ ਅਲੀਸ਼ੇਰ ‘ਚ ਮਾਤਮ ਦਾ ਮਾਹੌਲ: ਲਹਿਰਾਗਾਗਾ ‘ਚ ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ- 8 ਦੀ ਮੌਤ, 12 ਜ਼ਖ਼ਮੀ; ਪੀੜਤ ਪਰਿਵਾਰਾਂ ਨੇ ਮੰਗਿਆ 50-50 ਲੱਖ ਰੁਪਏ ਮੁਆਵਜ਼ਾ– ਸਰਕਾਰ ਦੇ 2-2 ਲੱਖ ਦੇ ਐਲਾਨ ਨੂੰ ਪਰਿਵਾਰਾਂ ਨੇ ਰੱਦ ਕੀਤਾ, 50 ਲੱਖ ਮੁਆਵਜ਼ੇ ਤੇ ਸਰਕਾਰੀ ਨੌਕਰੀ ‘ਤੇ ਅੜੇ
ਲਹਿਰਾਗਾਗਾ / ਸੰਗਰੂਰ, 19 ਅਕਤੂਬਰ 2026: ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਵਿਖੇ ਬੀਤੀ ਸ਼ਾਮ ਵਾਪਰੇ ਇਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੜਕ ਕਿਨਾਰੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ, ਜਿਸ ਕਾਰਨ 8 ਗਰੀਬ ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਲਗਭਗ 12 ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੀੜਤ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ, ਜ਼ਖ਼ਮੀਆਂ ਦੇ ਸਾਕ-ਸੰਬੰਧੀਆਂ ਅਤੇ ਪਿੰਡ ਅਲੀਸ਼ੇਰ ਦੇ ਨਿਵਾਸੀਆਂ ਨੇ ਹਾਦਸੇ ਵਾਲੀ ਥਾਂ ‘ਤੇ ਹੀ ਧਰਨਾ ਲਗਾ ਦਿੱਤਾ ਹੈ। ਧਰਨੇ ‘ਤੇ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਮ੍ਰਿਤਕ ਮਜ਼ਦੂਰਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀ ਚਾਲਕ ਅਤੇ ਜਿੰਮੇਵਾਰ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕਰਨ ਅਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਵੇਰੇ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਆਰਥਿਕ ਮਦਦ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਪੀੜਤ ਪਰਿਵਾਰਾਂ ਨੇ ਇਸ ਮਦਦ ਨੂੰ ਨਾਕਾਫ਼ੀ ਦੱਸਦਿਆਂ ਰੱਦ ਕਰ ਦਿੱਤਾ ਹੈ।
ਪਰਿਵਾਰਾਂ ਦਾ ਕਹਿਣਾ ਹੈ ਕਿ ਮਾਰੇ ਗਏ ਮਜ਼ਦੂਰ ਹੀ ਆਪਣੇ ਘਰਾਂ ਦੇ ਇੱਕੋ-ਇੱਕ ਕਮਾਊ ਜੀਅ ਸਨ, ਜੋ ਦਿਹਾੜੀ-ਦੱਪਾ ਕਰਕੇ ਆਪਣੇ ਛੋਟੇ-ਛੋਟੇ ਬੱਚਿਆਂ ਅਤੇ ਪਰਿਵਾਰ ਦਾ ਪੇਟ ਪਾਲਦੇ ਸਨ। ਉਨ੍ਹਾਂ ਦੀ ਮੌਤ ਨਾਲ ਕਈ ਪਰਿਵਾਰ ਪੂਰੀ ਤਰ੍ਹਾਂ ਬਰਬਾਦ ਹੋ ਗਏ ਹਨ। ਪਰਿਵਾਰਾਂ ਨੇ ਮੰਗ ਕੀਤੀ ਹੈ ਕਿ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ 20-20 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ।
ਮਿਲੀ ਜਾਣਕਾਰੀ ਮੁਤਾਬਕ ਘਟਨਾ ਦੇ ਸਮੇਂ ਸੜਕ ਦੇ ਕਿਨਾਰੇ ਲਗਭਗ 23 ਮਨਰੇਗਾ ਮਜ਼ਦੂਰ ਕੰਮ ਕਰ ਰਹੇ ਸਨ। ਅਚਾਨਕ ਆਈ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਜ਼ਖ਼ਮੀ ਹੋਏ 12 ਮਜ਼ਦੂਰਾਂ ਵਿੱਚੋਂ 8 ਮਜ਼ਦੂਰਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪ੍ਰਵੇਸ਼ ਕਰਵਾਇਆ ਗਿਆ ਹੈ, ਜਦਕਿ 4 ਜ਼ਖ਼ਮੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ। ਮੌਕੇ ‘ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਸ਼ਾਂਤ ਕਰਨ ਅਤੇ ਧਰਨਾ ਚੁੱਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੀੜਤ ਪਰਿਵਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ।
















