ਪਾਵਰਕੌਮ ਦੀ ਮੈਨੇਜਮੈਂਟ ‘ਤੇ ਵਾਅਦਾਖ਼ਲਾਫ਼ੀ ਦੇ ਦੋਸ਼; ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ
ਲਹਿਰਾ ਮੁਹੱਬਤ ‘ਚ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ, ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਕਰਮਚਾਰੀਆਂ ਦਾ ਤਿੱਖਾ ਸੰਘਰਸ਼: ਨੈਸ਼ਨਲ ਹਾਈਵੇਅ ‘ਤੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਸਿਵਲ ਸਰਕਲ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਮਿਲਣ ਤੋਂ ਭੜਕੇ ਠੇਕਾ ਕਰਮਚਾਰੀ, ਭਲਕੇ ਦਿੜ੍ਹਬਾ ‘ਚ ਕਰਨਗੇ ਸੂਬਾ ਪੱਧਰੀ ਰੈਲੀ
ਲਹਿਰਾ ਮੁਹੱਬਤ, 21 ਅਕਤੂਬਰ 2026: ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਅੜੀਅਲ ਰੋਈਏ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿਵਲ ਸਰਕਲ ਦੇ ਠੇਕਾ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ ਤੋਂ ਨਾਰਾਜ਼ ਮੁਲਾਜ਼ਮਾਂ ਨੇ ਨੈਸ਼ਨਲ ਹਾਈਵੇਅ-07 ਦੀ ਸਰਵਿਸ ਰੋਡ ‘ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਪੁਤਲਾ ਫੂਕਣ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਮੁੱਖ ਲਾਂਘੇ (ਮੇਨ ਗੇਟ) ‘ਤੇ ਇੱਕ ਬਿਸ਼ਾਲ ਰੋਸ ਰੈਲੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਪ੍ਰਧਾਨ ਜਗਰੂਪ ਸਿੰਘ, ਜਨਰਲ ਸਕੱਤਰ ਜਗਸੀਰ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ, ਹਰਦੀਪ ਤੱਗੜ ਅਤੇ ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਆਖਿਆ ਕਿ ਥਰਮਲ ਪਲਾਂਟ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਠੇਕਾ ਕਰਮਚਾਰੀ ਪੱਕੇ ਹੋਣ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਮੁਲਾਜ਼ਮਾਂ ਦੇ ਇਸ ਲਗਾਤਾਰ ਦਬਾਅ ਅੱਗੇ ਝੁਕਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੀ ਮੈਨੇਜਮੈਂਟ ਨੇ ਇਹਨਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ (ਮਰਜ਼) ਕਰਨ ਦਾ ਫੈਸਲਾ ਲਿਆ ਸੀ।
ਆਗੂਆਂ ਨੇ ਦੋਸ਼ ਲਾਇਆ ਕਿ ਇਸ ਫੈਸਲੇ ਤੋਂ ਬਾਅਦ ਵਿਭਾਗੀ ਮੈਨੇਜਮੈਂਟ ਵੱਲੋਂ ਥਰਮਲ ਪਲਾਂਟ ਦੇ ਸਿਵਲ ਸਰਕਲ ਨਾਲ ਸਬੰਧਤ ਸਮੂਹ ਠੇਕਾ ਕਰਮਚਾਰੀਆਂ ਨੂੰ ਪੇਸ਼ਕਸ਼ ਪੱਤਰ (ਆਫਰ ਲੈਟਰ) ਤਾਂ ਜਾਰੀ ਕਰ ਦਿੱਤੇ ਗਏ, ਪਰ ਹੁਣ ਅਸਲ ਨਿਯੁਕਤੀ ਪੱਤਰ ਦੇਣ ਸਮੇਂ ਅਚਾਨਕ ਰੋਕ ਲਗਾ ਦਿੱਤੀ ਗਈ ਹੈ। ਸਰਕਾਰ ਅਤੇ ਮੈਨੇਜਮੈਂਟ ਦੀ ਇਸ ਵਾਅਦਾਖ਼ਲਾਫ਼ੀ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਫਰ ਲੈਟਰ ਮਿਲਣ ਦੇ ਬਾਵਜੂਦ ਨਿਯੁਕਤੀ ਪੱਤਰ ਨਾ ਦੇਣਾ ਮੁਲਾਜ਼ਮਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦੇ ਬਰਾਬਰ ਹੈ।
ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਜਾਂ ਆਲਾ-ਟਾਲੀ ਦੇ ਸਿਵਲ ਸਰਕਲ ਦੇ ਸਮੂਹ ਠੇਕਾ ਕਰਮਚਾਰੀਆਂ ਨੂੰ ਤੁਰੰਤ ਨਿਯੁਕਤੀ ਪੱਤਰ ਸੌਂਪੇ ਜਾਣ ਤਾਂ ਜੋ ਉਨ੍ਹਾਂ ਦੇ ਰੁਜ਼ਗਾਰ ਦੀ ਸੁਰੱਖਿਆ ਯਕੀਨੀ ਬਣ ਸਕੇ।
ਆਪਣੇ ਅਗਲੇ ਸੰਘਰਸ਼ੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਕੜੀ ਤਹਿਤ ਭਲਕੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਸੱਦੇ ‘ਤੇ ਦਿੜ੍ਹਬਾ ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਸਮੂਹ ਠੇਕਾ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
















