ਵੱਡੀ ਖ਼ਬਰ: ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ- ਸੁਖਬੀਰ ਨੇ ਗਵਰਨਰ ਪੰਜਾਬ ਨੂੰ ਸੌਂਪਿਆ ਮੰਗ ਪੱਤਰ
ਸੁਖਬੀਰ ਬਾਦਲ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ: ਪੰਜਾਬ ਦੇ ਮੁੱਖ ਮੰਤਰੀ ਨੂੰ ਬਰਖ਼ਾਸਤ ਕਰਨ ਅਤੇ ਸੀਬੀਆਈ ਜਾਂਚ ਦੀ ਮੰਗ- ਨਸ਼ਾ ਵਿਰੋਧੀ ਯੋਧੇ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਅਕਾਲੀ ਦਲ ਦੀ ਮੰਗ
ਚੰਡੀਗੜ੍ਹ, 23 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿੱਚ ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਬੇਹੱਦ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ-ਪੱਧਰੀ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ ਹੈ ਅਤੇ ਸੂਬੇ ਦੇ ਵਿਗੜ ਰਹੇ ਹਾਲਾਤਾਂ ਬਾਰੇ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੀ ਨਲਾਇਕ ਸਰਕਾਰ ਕਦੇ ਨਹੀਂ ਦੇਖੀ ਗਈ, ਜਿੱਥੇ ਕਾਨੂੰਨ ਵਿਵਸਥਾ ਦਾ ਨਾਂ ਦੀ ਵੀ ਕੋਈ ਚੀਜ਼ ਨਹੀਂ ਹੈ ਅਤੇ ਸੂਬੇ ਵਿੱਚ ਅਸਲ ਸਰਕਾਰ ਡਰੱਗ ਮਾਫ਼ੀਆ ਵੱਲੋਂ ਚਲਾਈ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਮਾਨਸਾ ਦੇ ਨੌਜਵਾਨ ਆਗੂ ਅਤੇ ਨਸ਼ੇ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਨੌਜਵਾਨ ਨੇ ਨਸ਼ੇ ਦੇ ਖ਼ਿਲਾਫ਼ ਘਰ-ਘਰ ਜਾ ਕੇ ਆਵਾਜ਼ ਬੁਲੰਦ ਕੀਤੀ ਅਤੇ ਆਖ਼ਰਕਾਰ ਨਸ਼ਾ ਤਸਕਰਾਂ ਨਾਲ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ਸ਼ਰੇਆਮ ਨਸ਼ਾ ਵੇਚਣ ਵਾਲਿਆਂ ਨੂੰ ਪਿਸਤੌਲਾਂ ਅਤੇ ਹਥਿਆਰਾਂ ਦੇ ਲਾਇਸੈਂਸ ਕਿਸ ਦੀ ਸ਼ਹਿ ’ਤੇ ਮਿਲ ਰਹੇ ਹਨ? ਜਿਸ ਵਿਅਕਤੀ ਵਿਰੁੱਧ ਐਨ.ਡੀ.ਪੀ.ਐਸ. (NDPS) ਅਤੇ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਦੇ ਕਈ ਮਾਮਲੇ ਦਰਜ ਸਨ, ਉਸ ਨੂੰ ਹਥਿਆਰ ਦਾ ਲਾਇਸੈਂਸ ਕਿਵੇਂ ਜਾਰੀ ਕੀਤਾ ਗਿਆ? ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪੁਲਿਸ ਪ੍ਰਸ਼ਾਸਨ ਅਤੇ ਸੱਤਾਧਾਰੀ ਧਿਰ ਦੇ ਆਗੂ ਇਸ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ, ਨਸ਼ੇ ਵਿਰੁੱਧ ਜਾਨ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੂੰ ਪਹਿਲੀ ਸ਼੍ਰੇਣੀ (ਫਸਟ ਕਲਾਸ) ਦੀ ਸਰਕਾਰੀ ਨੌਕਰੀ ਦਿੱਤੀ ਜਾਵੇ। ਉਸ ਪਰਿਵਾਰ ਨੂੰ ਸਰਕਾਰ ਵੱਲੋਂ ਘੱਟੋ-ਘੱਟ 2 ਕਰੋੜ ਰੁਪਏ ਦਾ ਵਿੱਤੀ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕੁਰਬਾਨੀ ਦੇਣ ਵਾਲੇ ਪਰਿਵਾਰਾਂ ਨੂੰ ਇਹੋ ਜਿਹਾ ਸੰਦੇਸ਼ ਜਾ ਸਕੇ ਕਿ ਪੂਰਾ ਸੂਬਾ ਉਨ੍ਹਾਂ ਦੇ ਨਾਲ ਖੜ੍ਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਦੁਹਰਾਇਆ ਕਿ ਪੰਜਾਬ ਨੂੰ ਬਚਾਉਣ ਲਈ ਮੌਜੂਦਾ ਮੁੱਖ ਮੰਤਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ‘ਝਾੜੂ ਵਾਲੀ ਸਰਕਾਰ’ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਅਤੇ ਇਹ ਸਰਕਾਰ ਗੱਦੀ ’ਤੇ ਹੈ, ਉਦੋਂ ਤੱਕ ਪੰਜਾਬ ਵਿੱਚ ਅਮਨ-ਕਾਨੂੰਨ ਦੀ ਬਹਾਲੀ ਅਸੰਭਵ ਹੈ।
ਪੰਜਾਬ ਵਿੱਚ ਨਸ਼ੇ ਦੀ ਭਿਆਨਕ ਸਥਿਤੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਸੰਗਰੂਰ ਦੇ ਗੁਲਜਾਰ ਸਿੰਘ ਮਾਮਲੇ ਅਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੇ ਮਾਮਲੇ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਸੋਸ਼ਲ ਮੀਡੀਆ ’ਤੇ 10 ਤੋਂ 12 ਸਾਲ ਦੇ ਛੋਟੇ ਬੱਚਿਆਂ ਨੂੰ ਵੀ ਨਸ਼ਾ ਕਰਦੇ ਹੋਏ ਦਿਖਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪੀ ਜਾਣੀ ਚਾਹੀਦੀ ਹੈ, ਕਿਉਂਕਿ ਪੰਜਾਬ ਪੁਲਿਸ ਅਤੇ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਬਿਲਕੁਲ ਉੱਠ ਚੁੱਕਾ ਹੈ।
ਉਨ੍ਹਾਂ ਸ਼ਰਾਬ ਦੇ ਠੇਕਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਬਣੇ ਨਵੇਂ ਸਖ਼ਤ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦੀ ਮਿਲੀਭੁਗਤ ਕਾਰਨ ਨਵੇਂ ਕਾਨੂੰਨਾਂ ਤਹਿਤ ਮੁਜ਼ਰਮਾਂ ਦੀ ਜਾਇਦਾਦ ਕੁਰਕ ਕਰਨ ਅਤੇ ਜ਼ਮਾਨਤ ਨਾ ਮਿਲਣ ਵਾਲੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ, ਕਿਉਂਕਿ ਤਸਕਰਾਂ ਨੂੰ ਸਰਕਾਰ ਦੀ ਸ਼ਹਿ ਪ੍ਰਾਪਤ ਹੈ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਹਲਕਾ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਮੰਤਰੀ ਜ਼ਬਰਦਸਤੀ ਪ੍ਰਸ਼ਾਸਨ ’ਤੇ ਦਬਾਅ ਪਾ ਕੇ ਆਪਣੇ ਚਹੇਤਿਆਂ ਨੂੰ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਵਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਉੱਚ-ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਗ਼ਲਤ ਰਸਤੇ ਪਾਉਣ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਲੋਕ ਭੁੱਖੇ ਮਰ ਰਹੇ ਹਨ ਅਤੇ ਨਸ਼ਿਆਂ ਨਾਲ ਜਾਨਾਂ ਜਾ ਰਹੀਆਂ ਹਨ, ਪਰ ਮੁੱਖ ਮੰਤਰੀ ਬਾਹਰੀ ਦੌਰਿਆਂ ਵਿੱਚ ਰੁੱਝੇ ਹੋਏ ਹਨ ਅਤੇ ਪੰਜਾਬ ਦੇ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ।
ਪੰਜਾਬ ਵਿੱਚ ਪੁਰਾਣੇ ਅਕਾਲੀ-ਭਾਜਪਾ ਰਾਜ ਦੀ ਯਾਦ
ਅਕਾਲੀ ਦਲ ਦੇ ਪ੍ਰਧਾਨ ਨੇ ਆਪਣੇ ਪੁਰਾਣੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੇ ਸਮੇਂ ਪੰਜਾਬ ਵਿੱਚ ਅਮਨ-ਸ਼ਾਂਤੀ, ਤਰੱਕੀ, ਉਦਯੋਗਿਕ ਵਿਕਾਸ ਅਤੇ ਬਿਜਲੀ ਸਰਪਲੱਸ ਵਰਗੀਆਂ ਮਾਣਮੱਤੀਆਂ ਪ੍ਰਾਪਤੀਆਂ ਹੋਈਆਂ ਸਨ। ਪਰ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ ਅਤੇ ਇਸ ਲਈ ਪੰਜਾਬ ਹਮੇਸ਼ਾ ਨੰਬਰ ਇੱਕ ਰਿਹਾ ਹੈ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਭ ਤੋਂ ਵੱਡੀਆਂ ਦੁਸ਼ਮਣ ਪਾਰਟੀਆਂ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਜਿਹੜੀਆਂ ਵੀ ਹੋਰ ਪਾਰਟੀਆਂ ਜਾਂ ਜਥੇਬੰਦੀਆਂ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹਿੱਤਾਂ ਨਾਲ ਸਹਿਮਤ ਹਨ, ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
















