ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ ਅਕਾਲੀ ਦਲ ‘ਚ ਸ਼ਾਮਲ
2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ; ਰਮਿੰਦਰ ਆਵਲਾ ਨੇ ਫੜਿਆ ਅਕਾਲੀ ਦਲ ਦਾ ਪੱਲਾ- ਜਲਾਲਾਬਾਦ ਅਤੇ ਸਰਹੱਦੀ ਪੱਟੀ ‘ਚ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ: ਰਮਿੰਦਰ ਆਵਲਾ ਦੇ ਪਾਰਟੀ ‘ਚ ਆਉਣ ‘ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ
ਜਲਾਲਾਬਾਦ / ਚੰਡੀਗੜ੍ਹ
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਰਾਜਨੀਤੀ ਵਿੱਚ ਇੱਕ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਕਾਂਗਰਸ ਪਾਰਟੀ ਨੂੰ ਸਰਹੱਦੀ ਖੇਤਰ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਤੇ ਸੀਨੀਅਰ ਆਗੂ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਮਿੰਦਰ ਸਿੰਘ ਆਵਲਾ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਮਾਲਵਾ ਖੇਤਰ ਵਿੱਚ ਵੱਡਾ ਬਲ ਮਿਲਣ ਦਾ ਦਾਅਵਾ ਕੀਤਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਰਮਿੰਦਰ ਆਵਲਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਜਲਾਲਾਬਾਦ ਹਲਕੇ ਨੇ ਉਨ੍ਹਾਂ ਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਅਕਾਲੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਜਲਾਲਾਬਾਦ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇਨਕਲਾਬੀ ਵਿਕਾਸ ਕਾਰਜ ਕਰਵਾਏ ਗਏ ਸਨ।
ਸੁਖਬੀਰ ਬਾਦਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਰਮਿੰਦਰ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਉਣ ਨਾਲ ਨਾ ਸਿਰਫ਼ ਜਲਾਲਾਬਾਦ ਹਲਕੇ ਵਿੱਚ, ਸਗੋਂ ਪੂਰੀ ਸਰਹੱਦੀ ਪੱਟੀ ਵਿੱਚ ਵੀ ਪਾਰਟੀ ਦਾ ਸੰਗਠਨ ਅਤੇ ਆਧਾਰ ਕਾਫ਼ੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਾਂਝ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਜਲਾਲਾਬਾਦ ਸਿਆਸਤ ਦਾ ਅਹਿਮ ਚਿਹਰਾ ਹਨ ਰਮਿੰਦਰ ਆਵਲਾ
ਜ਼ਿਕਰਯੋਗ ਹੈ ਕਿ ਰਮਿੰਦਰ ਸਿੰਘ ਆਵਲਾ ਜਲਾਲਾਬਾਦ ਖੇਤਰ ਦੇ ਇੱਕ ਪ੍ਰਭਾਵਸ਼ਾਲੀ ਅਤੇ ਜਾਣੇ-ਪਛਾਣੇ ਸਿਆਸੀ ਆਗੂ ਹਨ। ਉਨ੍ਹਾਂ ਨੇ ਇਸ ਖੇਤਰ ਵਿੱਚ ਆਪਣੀ ਮਜ਼ਬੂਤ ਪਕੜ ਬਣਾਈ ਹੋਈ ਹੈ। ਸਾਲ 2019 ਦੀਆਂ ਜ਼ਿਮਨੀ ਚੋਣਾਂ ਦੌਰਾਨ ਰਮਿੰਦਰ ਆਵਲਾ ਨੇ ਕਾਂਗਰਸ ਦੀ ਟਿਕਟ ‘ਤੇ ਜਲਾਲਾਬਾਦ ਤੋਂ ਜਿੱਤ ਦਰਜ ਕੀਤੀ ਸੀ। ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਜਲਾਲਾਬਾਦ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਵੱਖ-ਵੱਖ ਪਾਰਟੀਆਂ ਦੇ ਵੱਡੇ ਚਿਹਰਿਆਂ ਨੂੰ ਆਪਣੇ ਨਾਲ ਜੋੜਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਰਮਿੰਦਰ ਆਵਲਾ ਵਰਗੇ ਸੀਨੀਅਰ ਨੇਤਾ ਦੇ ਪਾਰਟੀ ‘ਚ ਆਉਣ ਨਾਲ ਜਿੱਥੇ ਕਾਂਗਰਸ ਨੂੰ ਸਰਹੱਦੀ ਖੇਤਰ ‘ਚ ਵੱਡਾ ਘਾਟਾ ਪਿਆ ਹੈ, ਉੱਥੇ ਹੀ ਅਕਾਲੀ ਦਲ ਦੇ ਵਰਕਰਾਂ ‘ਚ ਉਤਸ਼ਾਹ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਅਜਿਹੇ ਹੋਰ ਵੀ ਕਈ ਵੱਡੇ ਧਮਾਕੇ ਦੇਖਣ ਨੂੰ ਮਿਲ ਸਕਦੇ ਹਨ, ਕਿਉਂਕਿ ਵੱਖ-ਵੱਖ ਪਾਰਟੀਆਂ ਚੋਣਾਂ ਤੋਂ ਪਹਿਲਾਂ ਆਪਣੇ ਕੇਡਰ ਨੂੰ ਮਜ਼ਬੂਤ ਕਰਨ ਲਈ ਪੂਰਾ ਤਾਣ ਲਗਾ ਰਹੀਆਂ ਹਨ।
















