ਪਰਵਿੰਦਰ ਝੋਟੇ ਦੇ ਕਤਲ ਖ਼ਿਲਾਫ਼ ਉਬਾਲ: ਸਾਰੇ ਪੰਜਾਬ ‘ਚ ਫੂਕੇ ਗਏ ਭਗਵੰਤ ਮਾਨ ਅਤੇ ਨਸ਼ਾ ਸਮੱਗਲਰਾਂ ਦੇ ਪੁਤਲੇ
ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਖ਼ਿਲਾਫ਼ ਖੁੱਲ੍ਹਾ ਮੋਰਚਾ: ਪਰਵਿੰਦਰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮੈਦਾਨ ‘ਚ ਨਿੱਤਰੀ ਬੀਕੇਯੂ (ਏਕਤਾ ਉਗਰਾਹਾਂ), 425 ਤੋਂ ਵੱਧ ਪਿੰਡਾਂ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ- ਉਗਰਾਹਾਂ ਜਥੇਬੰਦੀ ਨੇ ਪਰਿਵਾਰ ਲਈ 2 ਕਰੋੜ ਮੁਆਵਜ਼ੇ ਤੇ ਸਰਕਾਰੀ ਨੌਕਰੀ ਦੀ ਕੀਤੀ ਮੰਗ
ਮਾਨਸਾ 26 ਅਕਤੂਬਰ 2026 –
ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਜਾਂ ਨਾਲ ਜੁੜੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਪੰਜਾਬ ਅੰਦਰ ਰੋਸ ਦੀ ਲਹਿਰ ਹੋਰ ਤਿੱਖੀ ਹੋ ਗਈ ਹੈ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੂਬਾ ਵਿਆਪੀ ਸੰਘਰਸ਼ ਦਾ ਆਗਾਜ਼ ਕਰ ਦਿੱਤਾ ਹੈ। ਜਥੇਬੰਦੀ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਦੇ ਲਗਭਗ ਸਵਾ ਚਾਰ ਸੌ (425) ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਨਸ਼ਾ ਸਮੱਗਲਰਾਂ, ਰਾਜਨੇਤਾਵਾਂ ਅਤੇ ਪੁਲਿਸ ਦੇ ਕਥਿਤ ਗੱਠਜੋੜ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਵਿਸ਼ਾਲ ਸੂਬਾ ਪੱਧਰੀ ਐਕਸ਼ਨ ਦੌਰਾਨ ਵੱਖ-ਵੱਖ ਥਾਵਾਂ ‘ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਆਖਿਆ ਕਿ ਇਹ ਵਿਰੋਧ ਪ੍ਰਦਰਸ਼ਨ ‘ਮਾਨਸਾ ਲੋਕ ਸੰਘਰਸ਼ ਕਮੇਟੀ’ ਦੇ ਸਮਰਥਨ ਵਿੱਚ ਲਏ ਗਏ ਫ਼ੈਸਲਿਆਂ ਨਾਲ ਤਾਲਮੇਲ ਕਰਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਨੂੰ ਆਮ ਲੋਕਾਂ ਦਾ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਪ੍ਰਦਰਸ਼ਨਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਔਰਤਾਂ, ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਹੁਤ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਅੱਜ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਨਸ਼ਿਆਂ ਦੇ ਜਾਲ ਲਈ ਨਸ਼ਾ ਤਸਕਰਾਂ, ਸਿਆਸਤਦਾਨਾਂ ਅਤੇ ਪੁਲਿਸ ਪ੍ਰਸ਼ਾਸਨ ਦਾ ਤਿੰਨ ਧਿਰੀ ਗੱਠਜੋੜ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਗੰਭੀਰ ਆਰੋਪ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਠਜੋੜ ਨੂੰ ਪੁਸ਼ਤਪਨਾਹੀ ਅਤੇ ਸਰਪ੍ਰਸਤੀ ਦੇ ਰਹੀ ਹੈ, ਜਿਸ ਕਰਕੇ ਨਸ਼ਾ ਵਿਰੋਧੀ ਆਵਾਜ਼ਾਂ ਬੁਲੰਦ ਕਰਨ ਵਾਲੇ ਕਾਰਕੁਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸੇ ਕਰਕੇ ਜਥੇਬੰਦੀ ਨੇ ਸਰਕਾਰ ਅਤੇ ਸਮੱਗਲਰਾਂ ਦੇ ਇਸ ਮਿਲੀਭੁਗਤ ਵਾਲੇ ਢਾਂਚੇ ਨੂੰ ਨਿਸ਼ਾਨੇ ‘ਤੇ ਲੈਂਦਿਆਂ ਇਹ ਰੋਸ ਐਕਸ਼ਨ ਕੀਤਾ ਹੈ।
ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਨੂੰ ਪਿੱਛੇ ਰਹਿ ਕੇ ਪਨਾਹ ਦੇਣ ਵਾਲੇ ਸਿਆਸੀ ਅਤੇ ਪ੍ਰਸ਼ਾਸਨਿਕ ਚਿਹਰਿਆਂ ਨੂੰ ਵੀ ਜਨਤਕ ਕੀਤਾ ਜਾਵੇ।
ਕਿਸਾਨ ਯੂਨੀਅਨ ਨੇ ਪਰਵਿੰਦਰ ਸਿੰਘ ਦੇ ਪੀੜਤ ਪਰਿਵਾਰ ਲਈ 2 ਕਰੋੜ ਰੁਪਏ ਦੇ ਵਿੱਤੀ ਮੁਆਵਜ਼ੇ ਅਤੇ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਰੱਖੀ ਹੈ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਮੁਫ਼ਤ ਤੇ ਵਧੀਆ ਇਲਾਜ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਵੀ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਸੂਬੇ ਵਿੱਚ ਗ਼ੈਰ-ਕਾਨੂੰਨੀ ਤੌਰ ‘ਤੇ ਚੱਲ ਰਹੀਆਂ ਸਿੰਥੈਟਿਕ ਨਸ਼ਿਆਂ ਦੀਆਂ ਫੈਕਟਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
















