ਰਾਹੁਲ ਗਾਂਧੀ ਨੂੰ ਵੱਡੀ ਰਾਹਤ! ਅਮਿਤ ਸ਼ਾਹ ਮਾਣਹਾਨੀ ਮਾਮਲੇ ‘ਚ ਸੁਲਤਾਨਪੁਰ ਅਦਾਲਤ ਨੇ ਕੀਤਾ ਬਰੀ- 8 ਸਾਲ ਪੁਰਾਣੇ ਮਾਣਹਾਨੀ ਕੇਸ ‘ਚ ਰਾਹੁਲ ਗਾਂਧੀ ਬਰੀ, ਸੁਲਤਾਨਪੁਰ ‘ਚ ਕਾਂਗਰਸੀ ਵਰਕਰਾਂ ਨੇ ਢੋਲ ਵਜਾ ਕੇ ਮਨਾਇਆ ਜਸ਼ਨ
ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਹੈ ਵਿਵਾਦ…! ਜੱਜ ਸ਼ੁਭਮ ਵਰਮਾ ਦੀ ਅਦਾਲਤ ਨੇ ਰਾਹੁਲ ਗਾਂਧੀ ਦੇ ਹੱਕ ‘ਚ ਸੁਣਾਇਆ ਫੈਸਲਾ- ਸੁਲਤਾਨਪੁਰ ਦੀ MP-MLA ਅਦਾਲਤ ਨੇ ਕੀਤਾ ਬਰੀ
ਸੁਲਤਾਨਪੁਰ / ਨਵੀਂ ਦਿੱਲੀ 26 ਅਕਤੂਬਰ-
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਜੁੜੇ ਮਾਣਹਾਨੀ ਦੇ ਇੱਕ ਪੁਰਾਣੇ ਮਾਮਲੇ ਵਿੱਚ ਸੁਲਤਾਨਪੁਰ ਦੀ ਵਿਸ਼ੇਸ਼ MP-MLA ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਅਦਾਲਤੀ ਕਾਰਵਾਈ ਦੌਰਾਨ ਰਾਹੁਲ ਗਾਂਧੀ ਖੁਦ ਅਦਾਲਤ ਵਿੱਚ ਮੌਜੂਦ ਸਨ। ਇਹ ਫੈਸਲਾ ਅੱਠ ਸਾਲਾਂ ਦੀ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਆਇਆ ਹੈ, ਜਿਸ ਨਾਲ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਲਈ ਇੱਕ ਵੱਡੀ ਰਾਹਤ ਵਜੋਂ ਦੇਖਿਆ ਜਾ ਰਹਾ ਹੈ।
ਇਹ ਮਾਮਲਾ ਅਗਸਤ 2018 ਦਾ ਹੈ, ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਸਨ। ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਅਮਿਤ ਸ਼ਾਹ ਖਿਲਾਫ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਸੁਲਤਾਨਪੁਰ ਅਦਾਲਤ ਵਿੱਚ ਕੇਸ ਦਾਖਲ ਕੀਤਾ ਸੀ। ਸ਼ਿਕਾਇਤਕਰਤਾ ਦਾ ਦੋਸ਼ ਸੀ ਕਿ ਰਾਹੁਲ ਗਾਂਧੀ ਦੇ ਬਿਆਨ ਨਾਲ ਉਨ੍ਹਾਂ ਦੇ ਪਾਰਟੀ ਪ੍ਰਧਾਨ ਅਤੇ ਪਾਰਟੀ ਦੀ ਛਵੀ ਨੂੰ ਢਾਹ ਲੱਗੀ ਹੈ।
ਅੱਜ ਸੁਭਾਅ ਸੁਲਤਾਨਪੁਰ ਦੀ ਵਿਸ਼ੇਸ਼ MP-MLA ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਅਦਾਲਤ ਦੇ ਕੰਪਲੈਕਸ ਵਿੱਚ ਪਹੁੰਚ ਗਏ ਸਨ। ਇਸ ਦੌਰਾਨ ਕੇਸ ਦਰਜ ਕਰਵਾਉਣ ਵਾਲੇ ਭਾਜਪਾ ਨੇਤਾ ਵਿਜੇ ਮਿਸ਼ਰਾ ਵੀ ਉੱਥੇ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨਾਲ ਸੁਣਵਾਈ ਕਰਨ ਤੋਂ ਬਾਅਦ, ਅਦਾਲਤ ਦੇ ਮਾਨਯੋਗ ਜੱਜ ਸ਼ੁਭਮ ਵਰਮਾ ਨੇ ਰਾਹੁਲ ਗਾਂਧੀ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਨ ਦਾ ਫੈਸਲਾ ਸੁਣਾਇਆ।
ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ, ਜੋ ਇਸ ਪੂਰੇ ਕੇਸ ਵਿੱਚ ਉਨ੍ਹਾਂ ਦੀ ਪੈਰਵੀ ਕਰ ਰਹੇ ਸਨ, ਨੇ ਅਦਾਲਤ ਦੇ ਬਾਹਰ ਫੈਸਲੇ ਦੀ ਪੁਸ਼ਟੀ ਕੀਤੀ। ਵਕੀਲ ਨੇ ਦੱਸਿਆ ਕਿ ਅਦਾਲਤ ਨੇ ਦੋਵਾਂ ਪੱਖਾਂ ਦਿਆਂ ਦਲੀਲਾਂ ਨੂੰ ਧਿਆਨਪੂਰਵਕ ਸੁਣਨ ਤੋਂ ਬਾਅਦ ਇਹ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਕੇਸ ਨਹੀਂ ਬਣਦਾ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ।
ਕਾਂਗਰਸ ਖੇਮੇ ਵਿੱਚ ਖੁਸ਼ੀ
ਅਦਾਲਤ ਵੱਲੋਂ ਰਾਹੁਲ ਗਾਂਧੀ ਦੇ ਹੱਕ ਵਿੱਚ ਫੈਸਲਾ ਆਉਂਦਿਆਂ ਹੀ ਅਦਾਲਤ ਕੰਪਲੈਕਸ ਦੇ ਬਾਹਰ ਅਤੇ ਪੂਰੇ ਉੱਤਰ ਪ੍ਰਦੇਸ਼ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਕਾਂਗਰਸੀ ਸਮਰਥਕਾਂ ਨੇ ਅਦਾਲਤ ਦੇ ਬਾਹਰ ਢੋਲ ਵਜਾ ਕੇ, ਨਾਅਰੇਬਾਜ਼ੀ ਕਰਕੇ ਅਤੇ ਮਿਠਾਈਆਂ ਵੰਡ ਕੇ ਜਸ਼ਨ ਮਨਾਇਆ।
ਇਸ ਮੌਕੇ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੀਨੀਅਰ ਨੇਤਾ ਆਰਾਧਨਾ ਮਿਸ਼ਰਾ ਮੋਨਾ ਸਮੇਤ ਪਾਰਟੀ ਦੇ ਕਈ ਹੋਰ ਪ੍ਰਮੁੱਖ ਅਤੇ ਸੀਨੀਅਰ ਆਗੂ ਵੀ ਰਾਹੁਲ ਗਾਂਧੀ ਦੇ ਨਾਲ ਮੌਜੂਦ ਸਨ। ਕਾਂਗਰਸ ਨੇਤਾਵਾਂ ਨੇ ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੱਚ ਅਤੇ ਇਨਸਾਫ਼ ਦੀ ਜਿੱਤ ਕਰਾਰ ਦਿੱਤਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸਿਆਸੀ ਰੰਗਤ ਦੇ ਕੇ ਪਰੇਸ਼ਾਨ ਕਰਨ ਦੀਆਂ ਕੋਸ਼ਿਸ਼ਾਂ ਅਦਾਲਤ ਵਿੱਚ ਕਦੇ ਸਫਲ ਨਹੀਂ ਹੋ ਸਕਦੀਆਂ।
















