CM ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਜਾਰੀ; ਰਾਜਬੀਰ ਸਿੰਘ ਘੁੰਮਣ ਨੇ ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਝੂਠਾ, 24 ਛੰਟਿਆਂ ‘ਚ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ
ਓ.ਐਸ.ਡੀ. ਰਾਜਬੀਰ ਘੁੰਮਣ ਨੇ ਮਜੀਠੀਆ ਨੂੰ ਭੇਜਿਆ ਨੋਟਿਸ, ਪੋਸਟ ਹਟਾਉਣ ਅਤੇ ਲਿਖਤੀ ਆਸ਼ਵਾਸਨ ਦੀ ਕੀਤੀ ਮੰਗ, ਮਜੀਠੀਆ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ; ਮਾਨਹਾਨੀ ਦੇ ਦੋਸ਼ ਹੇਠ ਅਦਾਲਤੀ ਕਾਰਵਾਈ ਦੀ ਚੇਤਾਵਨੀ
ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਦੀ ਸਿਆਸਤ ਵਿੱਚ ਇਕ ਵਾਰ ਫਿਰ ਤੋਂ ਗਰਮਾ-ਗਰਮੀ ਵਧ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਇੱਕ ਵੱਡਾ ਕਾਨੂੰਨੀ ਕਦਮ ਚੁੱਕਿਆ ਹੈ। ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਪਾਈਆਂ ਗਈਆਂ ਕੁੱਝ ਪੋਸਟਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ, ਝੂਠੀਆਂ ਅਤੇ ਮਾਨਹਾਨੀਕਾਰਕ ਗਰਦਾਨਦਿਆਂ ਉਨ੍ਹਾਂ ਨੂੰ ਲਗਭਗ ਸਾਰੇ ਦੋਸ਼ ਤੁਰੰਤ ਵਾਪਸ ਲੈਣ ਲਈ ਇੱਕ ਅਧਿਕਾਰਤ ਕਾਨੂੰਨੀ ਨੋਟਿਸ ਭੇਜਿਆ ਹੈ।
ਇਸ ਕਾਨੂੰਨੀ ਨੋਟਿਸ ਰਾਹੀਂ ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਸਿੰਘ ਮਜੀਠੀਆ ਸਾਹਮਣੇ ਸਪੱਸ਼ਟ ਅਤੇ ਸਖ਼ਤ ਸ਼ਰਤਾਂ ਰੱਖੀਆਂ ਹਨ। ਨੋਟਿਸ ਵਿੱਚ ਮੰਗ ਕੀਤੀ ਗਈ ਹੈ ਕਿ ਮਜੀਠੀਆ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਸੋਸ਼ਲ ਮੀਡੀਆ ਖ਼ਾਤਿਆਂ ਤੋਂ ਸਬੰਧਤ ਸਾਰੀਆਂ ਝੂਠੀਆਂ ਤੇ ਭਰਮਾਊ ਪੋਸਟਾਂ ਨੂੰ ਤੁਰੰਤ ਹਟਾਉਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਜਬੀਰ ਸਿੰਘ ਘੁੰਮਣ ਤੋਂ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਹਦਾਇਤ ਕੀਤੀ ਗਈ ਹੈ।
ਨੋਟਿਸ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਮਜੀਠੀਆ ਭਵਿੱਖ ਵਿੱਚ ਅਜਿਹੇ ਝੂਠੇ ਅਤੇ ਬੇਬੁਨਿਆਦ ਦੋਸ਼ ਨਾ ਲਗਾਉਣ ਬਾਰੇ ਲਿਖਤੀ ਰੂਪ ਵਿੱਚ ਪੂਰਾ ਭਰੋਸਾ ਦੇਣ। ਰਾਜਬੀਰ ਸਿੰਘ ਘੁੰਮਣ ਵੱਲੋਂ ਭੇਜੇ ਗਏ ਨੋਟਿਸ ਵਿੱਚ ਇਹ ਸਪੱਸ਼ਟ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਨਿਰਧਾਰਤ ਸਮੇਂ (24 ਘੰਟਿਆਂ) ਦੇ ਅੰਦਰ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕਰਦੇ, ਤਾਂ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਫ਼ੌਜਦਾਰੀ (ਕ੍ਰਿਮੀਨਲ) ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਅਕਸ ਨੂੰ ਪਹੁੰਚਾਏ ਗਏ ਨੁਕਸਾਨ ਦੇ ਏਵਜ਼ ਵਿੱਚ ਭਾਰੀ ਹਰਜਾਨਾ ਵਸੂਲਣ ਲਈ ਮਾਨਹਾਨੀ ਦਾ ਦੀਵਾਨੀ ਮੁਕੱਦਮਾ (ਸਿਵਲ ਸੂਟ) ਵੀ ਦਾਇਰ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਕਰਮ ਸਿੰਘ ਮਜੀਠੀਆ ਦੀ ਹੋਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸੋਸ਼ਲ ਮੀਡੀਆ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਅਧਿਕਾਰੀਆਂ ‘ਤੇ ਲਗਾਤਾਰ ਸਵਾਲ ਚੁੱਕ ਰਹੇ ਸਨ। ਰਾਜਬੀਰ ਸਿੰਘ ਘੁੰਮਣ ਦਾ ਕਹਿਣਾ ਹੈ ਕਿ ਅਜਿਹੇ ਬੇਬੁਨਿਆਦ ਦੋਸ਼ਾਂ ਦਾ ਮਕਸਦ ਕੇਵਲ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨਾ ਅਤੇ ਜਨਤਾ ਵਿੱਚ ਭਰਮ ਫੈਲਾਉਣਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਕਾਨੂੰਨੀ ਨੋਟਿਸ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਬਿਕਰਮ ਸਿੰਘ ਮਜੀਠੀਆ ਇਸ ਨੋਟਿਸ ਦਾ ਕੀ ਜਵਾਬ ਦਿੰਦੇ ਹਨ ਅਤੇ 24 ਘੰਟਿਆਂ ਦੇ ਅੰਦਰ ਆਪਣੀ ਪੋਸਟ ਹਟਾ ਕੇ ਮਾਫ਼ੀ ਮੰਗਦੇ ਹਨ ਜਾਂ ਫਿਰ ਇਹ ਮਾਮਲਾ ਅਦਾਲਤ ਤੱਕ ਪਹੁੰਚਦਾ ਹੈ।
















