“ਪਰਾਲੀ ਦੇ ਪ੍ਰਬੰਧ ‘ਚ ਸਰਕਾਰ ਨਾਕਾਮ, ਹੁਣ ਡਰੋਨ ਨਾਲ ਕਿਸਾਨਾਂ ‘ਤੇ ਮਾਮਲੇ ਦਰਜ ਕਰਨ ਦੀ ਤਿਆਰੀ”!
ਝੋਨੇ ਦੀ ਪਰਾਲੀ ਦੇ ਮੁੱਦੇ ‘ਤੇ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ: ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪੁਲਿਸ ਚੌਂਕੀ ‘ਚ ਘੇਰੇ
ਤਰਨਤਾਰਨ/ ਪੱਟੀ, 1 ਨਵੰਬਰ 2026- ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰੀ ਪ੍ਰਸ਼ਾਸਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਸਭਰਾਂ ਵਿਖੇ ਉਸ ਵੇਲੇ ਸਥਿਤੀ ਗੰਭੀਰ ਹੋ ਗਈ, ਜਦੋਂ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕਾਰਵਾਈ ਕਰਨ ਪਹੁੰਚੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੂੰ ਕਿਸਾਨ ਜਥੇਬੰਦੀਆਂ ਨੇ ਘੇਰ ਲਿਆ। ਕਿਸਾਨਾਂ ਵੱਲੋਂ ਡਰੋਨ ਨਾਲ ਨਿਗਰਾਨੀ ਕਰਨ ਆਏ ਅਧਿਕਾਰੀਆਂ ਦਾ ਡਟ ਕੇ ਵਿਰੋਧ ਕੀਤਾ ਗਿਆ ਅਤੇ ਉਹਨਾਂ ਨੂੰ ਪੁਲਿਸ ਚੌਂਕੀ ਸਭਰਾਂ ਵਿਖੇ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਨੇ ਚੌਂਕੀ ਦੇ ਬਾਹਰ ਧਰਨਾ ਲਾ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੇ ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਸਭਰਾ ਨੇ ਪ੍ਰਸ਼ਾਸਨ ਅਤੇ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਉਹਨਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਮਿਲ ਕੇ ਕਿਸਾਨਾਂ ਨੂੰ ਦਬਾਉਣ ਦੀ ਨੀਤੀ ‘ਤੇ ਚੱਲ ਰਹੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਸਰਕਾਰ ਨੂੰ ਪਰਾਲੀ ਦੇ ਪੁਖ਼ਤਾ ਅਤੇ ਯੋਗ ਪ੍ਰਬੰਧ ਕਰਨ ਦੀ ਅਪੀਲ ਕੀਤੀ ਸੀ। ਕਿਸਾਨਾਂ ਦੀ ਮੰਗ ਸੀ ਕਿ ਜਾਂ ਤਾਂ ਸਰਕਾਰ ਆਪਣੇ ਪੱਧਰ ‘ਤੇ ਪਰਾਲੀ ਦਾ ਨਿਪਟਾਰਾ ਕਰੇ ਜਾਂ ਫਿਰ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪਰਾਲੀ ਸਾਂਭਣ ਦਾ ਮੁਆਵਜ਼ਾ ਦਿੱਤਾ ਜਾਵੇ। ਪਰ ਉਸ ਸਮੇਂ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।
ਸਾਹਿਬ ਸਿੰਘ ਸਭਰਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਅੰਦਰ ਝੋਨਾ ਵੱਢਣ ਤੋਂ ਬਾਅਦ ਪਰਾਲੀ 20-20 ਦਿਨਾਂ ਤੋਂ ਇੰਜ ਹੀ ਪਈ ਹੋਈ ਹੈ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਖੇਤਾਂ ਵਿੱਚ ਬੈਲਰ ਮਸ਼ੀਨਾਂ ਭੇਜ ਕੇ ਪਰਾਲੀ ਦੀ ਚੁਕਾਈ ਕੀਤੀ ਜਾਵੇਗੀ, ਪਰ ਅੱਜ ਤੱਕ ਕੋਈ ਵੀ ਅਧਿਕਾਰੀ ਜਾਂ ਮਸ਼ੀਨ ਖੇਤਾਂ ਵਿੱਚ ਨਹੀਂ ਪਹੁੰਚੀ। ਅਜਿਹੇ ਹਾਲਾਤ ਵਿੱਚ ਅਗਲੀ ਫ਼ਸਲ ਦੀ ਬੀਜਾਈ ਲਈ ਕਿਸਾਨ ਮਜਬੂਰ ਹੋ ਕੇ ਪਰਾਲੀ ਨੂੰ ਅੱਗ ਲਗਾ ਰਹੇ ਹਨ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਪਰਾਲੀ ਦਾ ਪੱਕਾ ਹੱਲ ਲੱਭਣ ਦੀ ਬਜਾਏ ਪ੍ਰਦੂਸ਼ਣ ਕੰਟਰੋਲ ਬੋਰਡ ਰਾਹੀਂ ਡਰੋਨ ਉਡਾ ਕੇ ਕਿਸਾਨਾਂ ‘ਤੇ ਕਾਨੂੰਨੀ ਮਾਮਲੇ ਦਰਜ ਕਰਨ ਵਿੱਚ ਲੱਗੀ ਹੋਈ ਹੈ। ਜੇਕਰ ਕਿਸੇ ਖੇਤ ਵਿੱਚ ਥੋੜ੍ਹੀ-ਬਹੁਤ ਅੱਗ ਵੀ ਲੱਗੀ ਹੁੰਦੀ ਹੈ, ਤਾਂ ਉਸ ਨੂੰ ਆਧਾਰ ਬਣਾ ਕੇ ਕਿਸਾਨਾਂ ‘ਤੇ ਪਰਚਾ ਦਰਜ ਕਰਨ ਦੀ ਤਿਆਰੀ ਕੀਤੀ ਜਾਂਦੀ ਹੈ। ਕਿਸਾਨਾਂ ਨੇ ਸਾਫ਼ ਕੀਤਾ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਚੁਕਾਈ ਅਤੇ ਮਾਮਲਿਆਂ ਬਾਰੇ ਕੋਈ ਪੁਖ਼ਤਾ ਲਿਖਤੀ ਵਿਸ਼ਵਾਸ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਅਤੇ ਘੇਰਾਓ ਇਸੇ ਤਰ੍ਹਾਂ ਜਾਰੀ ਰਹੇਗਾ।
ਦੂਜੇ ਪਾਸੇ, ਜਦੋਂ ਇਸ ਮਾਮਲੇ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਜੇ.ਈ. ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਸਭਰਾਂ ਇਲਾਕੇ ਵਿੱਚ ਵੱਡੇ ਪੱਧਰ ‘ਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਸਨ। ਉਹ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਰੋਨ ਰਾਹੀਂ ਆਪਣੀ ਡਿਊਟੀ ਨਿਭਾ ਰਹੇ ਸਨ। ਉਹਨਾਂ ਦੱਸਿਆ ਕਿ ਕਿਸਾਨਾਂ ਦੇ ਵਿਰੋਧ ਕਰਕੇ ਉਹਨਾਂ ਨੂੰ ਆਪਣੀ ਬਚਾਅ ਲਈ ਪੁਲਿਸ ਚੌਂਕੀ ਵਿੱਚ ਆਉਣਾ ਪਿਆ। ਅਧਿਕਾਰੀ ਅਨੁਸਾਰ, ਹੁਣ ਸਰਕਾਰ ਅਤੇ ਉੱਚ ਅਧਿਕਾਰੀਆਂ ਵੱਲੋਂ ਜੋ ਵੀ ਅਗਲੇ ਦਿਸ਼ਾ-ਨਿਰਦੇਸ਼ ਮਿਲਣਗੇ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
















