Join WhatsApp

Join Now

AAP ਦੇ ਕਈ ਵਿਧਾਇਕ ਸਾਡੇ ਸੰਪਰਕ ‘ਚ, ਜਲਦ ਹੋਣਗੇ ਸ਼ਾਮਲ: MP ਗੁਰਜੀਤ ਔਜਲਾ ਵੱਡਾ ਦਾ ਦਾਅਵਾ

On: November 2, 2026 9:34 PM

 

AAP ਦੇ ਕਈ ਵਿਧਾਇਕ ਸਾਡੇ ਸੰਪਰਕ ‘ਚ, ਜਲਦ ਹੋਣਗੇ ਸ਼ਾਮਲ: MP ਗੁਰਜੀਤ ਔਜਲਾ ਵੱਡਾ ਦਾ ਦਾਅਵਾ

ਸੰਗਰੂਰ ‘ਚ ਗਰਜਣਗੇ ਰਾਹੁਲ ਗਾਂਧੀ: ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਭਵਨ ‘ਚ ਚੋਣ ਰਣਨੀਤੀ ‘ਤੇ ਚਰਚਾ

ਔਜਲਾ ਤੇ ਵੇਰਕਾ ਦਾ ਸਰਕਾਰ ‘ਤੇ ਤਿੱਖਾ ਹਮਲਾ: ‘ਬਦਲਾਅ ਦੇ ਨਾਂ ‘ਤੇ ਧੋਖਾ ਦੇਣ ਵਾਲੀ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ’

ਚੰਡੀਗੜ੍ਹ, 2 ਨਵੰਬਰ 2026: ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਪਾਰਟੀ ਨੇ ਆਪਣੀ ਚੋਣ ਮੁਹਿੰਮ ਅਤੇ ਸੰਗਠਨਾਤਮਕ ਤਿਆਰੀਆਂ ਨੂੰ ਨਵੀਂ ਧਾਰ ਦੇਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਇਸੇ ਲੜੀ ਤਹਿਤ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਬੈਠਕ ਆਯੋਜਿਤ ਕੀਤੀ ਗਈ।

ਇਸ ਬੈਠਕ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਪ੍ਰਮੁੱਖ ਲੀਡਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਬੈਠਕ ਦੌਰਾਨ ਆਉਣ ਵਾਲੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਉੱਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਕਾਰਜਪ੍ਰਣਾਲੀ ਤੋਂ ਨਿਰਾਸ਼ ਅਤੇ ਅਸੰਤੁਸ਼ਟ ਚੱਲ ਰਹੇ ਕਈ ਵਿਧਾਇਕ ਅਤੇ ਪ੍ਰਮੁੱਖ ਆਗੂ ਕਾਂਗਰਸ ਦੇ ਨਿਰੰਤਰ ਸੰਪਰਕ ਵਿੱਚ ਹਨ। ਉਨ੍ਹਾਂ ਸੰਕੇਤ ਦਿੱਤਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ‘ਆਪ’ ਦੇ ਕਈ ਚਿਹਰੇ ਕਾਂਗਰਸ ਦਾ ਪੱਲਾ ਫੜ ਸਕਦੇ ਹਨ, ਜਿਸ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ।

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਅੰਦਰੂਨੀ ਬਗਾਵਤ ਅਤੇ ਨਿਰਾਸ਼ਾ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ, “ਆਪ ਨੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਸੁਪਨਿਆਂ ਦਾ ਸਬਜ਼ਬਾਗ਼ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਪਰ ਹੁਣ ਜਨਤਾ ਅਤੇ ਉਨ੍ਹਾਂ ਦੇ ਆਪਣੇ ਆਗੂ ਸਰਕਾਰ ਦੀ ਅਸਲੀਅਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਨਾਮੀ ਲੀਡਰ ਪਾਰਟੀ ਨੂੰ ਅਲਵਿਦਾ ਆਖਣਗੇ।”

ਗੁਰਜੀਤ ਸਿੰਘ ਔਜਲਾ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਉੱਤੇ ਵੀ ਸਰਕਾਰ ਦੀ ਕਰੜੀ ਆਲੋਚਨਾ ਕੀਤੀ। ਪਰਵਿੰਦਰ ਸਿੰਘ ਝੋਟਾ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 20 ਦਿਨਾਂ ਤੋਂ ਵੀ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਕੋਈ ਠੋਸ ਨਿਆਂ-ਪੂਰਨ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਅਤੇ ਅਸੁਰੱਖਿਆ ਦੀ ਭਾਵਨਾ ਹੈ।

ਇਸ ਦੇ ਨਾਲ ਹੀ ਵਿਰੋਧੀ ਧਿਰਾਂ ਉੱਤੇ ਈਡੀ (ED) ਦੀਆਂ ਹੋ ਰਹੀਆਂ ਕਾਰਵਾਈਆਂ ‘ਤੇ ਬੋਲਦਿਆਂ ਔਜਲਾ ਨੇ ਕਿਹਾ ਕਿ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਭਾਰਤੀ ਜਨਤਾ ਪਾਰਟੀ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਾਂਗਰਸ ਅਜਿਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ।

ਚੋਣਾਂ ‘ਚ ਲੋਕ ਦੇਣਗੇ ਧੋਖੇ ਦਾ ਜਵਾਬ: ਡਾ. ਰਾਜ ਕੁਮਾਰ ਵੇਰਕਾ

ਮੀਟਿੰਗ ਤੋਂ ਬਾਅਦ ਡਾ. ਰਾਜ ਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ‘ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬੀਆਂ ਨਾਲ ਸਿਰਫ਼ ਧੋਖਾ ਕੀਤਾ ਹੈ। ‘ਆਪ’ ਦੇ ਆਪਣੇ ਵਿਧਾਇਕਾਂ ਦਾ ਪਾਰਟੀ ਤੋਂ ਮੋਹ ਭੰਗ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਅੰਦਰੂਨੀ ਹਾਲਾਤ ਬੇਹੱਦ ਖ਼ਰਾਬ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ 2027 ਦੀਆਂ ਚੋਣਾਂ ਵਿੱਚ ਇਸ ਧੋਖੇ ਦਾ ਢੁੱਕਵਾਂ ਜਵਾਬ ਦੇਵੇਗੀ। ਵੇਰਕਾ ਨੇ ਇਹ ਵੀ ਸਾਫ਼ ਕੀਤਾ ਕਿ ਕਾਂਗਰਸ ਸਿਰਫ਼ ਉਨ੍ਹਾਂ ਆਗੂਆਂ ਨੂੰ ਹੀ ਸ਼ਾਮਲ ਕਰੇਗੀ ਜੋ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਪੂਰੀ ਤਰ੍ਹਾਂ ਸਹਿਮਤ ਹੋਣਗੇ।

ਸੂਬਾ ਪ੍ਰਧਾਨ ਪਰਗਟ ਸਿੰਘ ਨੇ ਦੱਸਿਆ ਕਿ 4 ਨਵੰਬਰ ਦੀ ਸੰਗਰੂਰ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸਾਰੇ ਸੀਨੀਅਰ ਆਗੂਆਂ ਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਵੰਡ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਸ ਰੈਲੀ ਦੌਰਾਨ ਪੰਜਾਬ ਦੇ ਭਾਰੂ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲ ਕਰਨਗੇ। ਇਹ ਰੈਲੀ ਪੰਜਾਬ ਦੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦੇਵੇਗੀ ਅਤੇ ਕਾਂਗਰਸ ਦੀ ਚੋਣ ਮੁਹਿੰਮ ਦਾ ਇੱਕ ਅਹਿਮ ਅਤੇ ਇਤਿਹਾਸਕ ਪੜਾਅ ਸਾਬਤ ਹੋਵੇਗੀ।

 

Leave a Comment