ਵੱਡੀ ਖ਼ਬਰ: ਪੰਜਾਬ ਸਰਕਾਰ ਨੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ!
ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਸਾਡੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 7 ਨਵੰਬਰ 2026- ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੀਵਾਲੀ ਦੇ ਸ਼ੁਭ ਮੌਕੇ ‘ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।” ਉਨ੍ਹਾਂ ਦੱਸਿਆ, “ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ DA ‘ਚ 40% ਵਾਧਾ
ਮਾਨ ਨੇ ਕਿਹਾ, ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।” ਦੀਵਾਲੀ ਦੇ ਪਵਿੱਤਰ ਤਿਉਹਾਰ ‘ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।”
ਦੂਜੇ ਪਾਸੇ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਮੱਗਰਾ ਸਿੱਖਿਆ ਅਭਿਆਨ ਤੋਂ ਰੈਗੂਲਰ ਹੋਏ 1007 ਕਰਮਚਾਰੀਆਂ ਦੀ ਤਨਖਾਹ ਅਤੇ ਸਰਵਿਸ ਸਬੰਧੀ ਮਸਲੇ ਦਾ ਹੱਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਨਾਲ ਸਮੂਹ ਦਫ਼ਤਰੀ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਅਸੀਂ ਸਰਵ ਸਮੱਗਰਾ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਯੂਨੀਅਨ ਆਸ ਕਰਦੀ ਹੈ ਕਿ ਸਰਕਾਰ ਵੱਲੋਂ ਕੀਤੇ ਗਏ ਐਲਾਨ ਨੂੰ ਜਲਦ ਹੀ ਅਮਲੀ ਰੂਪ ਦਿੰਦੇ ਹੋਏ ਸਰਕਾਰੀ ਹੁਕਮ ਜਾਰੀ ਕੀਤੇ ਜਾਣਗੇ।
















