Join WhatsApp

Join Now

Punjab Air Pollution: ਪੰਜਾਬ ਅਤੇ ਚੰਡੀਗੜ੍ਹ ‘ਚ ਦੀਵਾਲੀ ਤੋਂ ਬਾਅਦ ਵਧਿਆ ਹਵਾ ਪ੍ਰਦੂਸ਼ਣ! ਅਗਲੇ ਦਿਨਾਂ ‘ਚ ਧੁੰਦ ਅਤੇ ਮੀਂਹ ਦੀ ਭਵਿੱਖਬਾਣੀ

On: November 9, 2026 9:40 AM

 

Punjab Air Pollution: ਪੰਜਾਬ ਅਤੇ ਚੰਡੀਗੜ੍ਹ ‘ਚ ਦੀਵਾਲੀ ਤੋਂ ਬਾਅਦ ਵਧਿਆ ਹਵਾ ਪ੍ਰਦੂਸ਼ਣ! ਅਗਲੇ ਦਿਨਾਂ ‘ਚ ਧੁੰਦ ਅਤੇ ਮੀਂਹ ਦੀ ਭਵਿੱਖਬਾਣੀ

ਦੀਵਾਲੀ ਤੋਂ ਬਾਅਦ ਪੰਜਾਬ ‘ਚ ਹਵਾ ਹੋਈ ਜ਼ਹਿਰੀਲੀ! ਮੰਡੀ ਗੋਬਿੰਦਗੜ੍ਹ ਦਾ AQI 399 ਤੱਕ ਪਹੁੰਚਿਆ- ਲੁਧਿਆਣਾ ‘ਚ 300 AQI ਦਰਜ, 12-13 ਨਵੰਬਰ ਨੂੰ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 9 ਨਵੰਬਰ 2026- ਦੀਵਾਲੀ ਦੇ ਤਿਉਹਾਰ ਤੋਂ ਬਾਅਦ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਤੌਰ ‘ਤੇ ਵਧ ਗਿਆ ਹੈ। ਪਟਾਕਿਆਂ ਦੇ ਧੂੰਏਂ ਅਤੇ ਹਵਾ ਦੀ ਹੌਲੀ ਰਫ਼ਤਾਰ ਕਾਰਨ ਵਾਯੂ ਮੰਡਲ ਵਿੱਚ ਜ਼ਹਿਰੀਲੇ ਤੱਤ ਜੰਮ ਗਏ ਹਨ, ਜਿਸ ਨਾਲ ਹਵਾ ਦੀ ਗੁਣਵੱਤਾ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਦੇ ਮੁਕਾਬਲੇ ਪੰਜਾਬ ਦੇ ਵੱਡੇ ਉਦਯੋਗਿਕ ਅਤੇ ਰਿਹਾਇਸ਼ੀ ਸ਼ਹਿਰਾਂ ਦੀ ਹਵਾ ਜ਼ਿਆਦਾ ਪ੍ਰਦੂਸ਼ਿਤ ਹੋ ਗਈ ਹੈ, ਜਿਸ ਨਾਲ ਆਮ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ।

ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਦੇ ਉਦਯੋਗਿਕ ਨਗਰ ਮੰਡੀ ਗੋਬਿੰਦਗੜ੍ਹ ਵਿੱਚ ਹਵਾ ਦੀ ਗੁਣਵੱਤਾ ਦਾ ਸੂਚਕਾਂਕ (AQI) 399 ‘ਤੇ ਪਹੁੰਚ ਗਿਆ ਹੈ, ਜੋ ਕਿ ਬਹੁਤ ਹੀ ਖ਼ਤਰਨਾਕ ਸ਼੍ਰੇਣੀ ਵਿੱਚ ਆਉਂਦਾ ਹੈ। ਇਸੇ ਤਰ੍ਹਾਂ ਉਦਯੋਗਿਕ ਰਾਜਧਾਨੀ ਲੁਧਿਆਣਾ ਵਿੱਚ ਵੀ AQI 300 ਦਰਜ ਕੀਤਾ ਗਿਆ ਹੈ, ਜੋ ਕਿ ਗੰਭੀਰ ਪ੍ਰਦੂਸ਼ਣ ਦੀ ਨਿਸ਼ਾਨਦੇਹੀ ਕਰਦਾ ਹੈ। ਦੂਜੇ ਪਾਸੇ, ਰਾਜਧਾਨੀ ਚੰਡੀਗੜ੍ਹ ਵਿੱਚ ਹਵਾ ਦੀ ਸਥਿਤੀ ਪੰਜਾਬ ਦੇ ਸ਼ਹਿਰਾਂ ਨਾਲੋਂ ਕੁਝ ਬਿਹਤਰ ਰਹੀ, ਜਿੱਥੇ AQI 129 ਦਰਜ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਤੋਂ ਬਾਅਦ ਤਾਪਮਾਨ ਹੁਣ ਆਮ ਸਥਿਤੀ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 33.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਵੇਰੇ ਅਤੇ ਰਾਤ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਛਾਈ ਰਹਿ ਸਕਦੀ ਹੈ। ਧੁੰਦ ਅਤੇ ਪ੍ਰਦੂਸ਼ਣ ਦੇ ਸਮੌਗ ਕਾਰਨ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਇਸ ਲਈ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।

ਅਗਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

ਅੱਜ 9 ਨਵੰਬਰ ਨੂੰ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਹਾਲਾਂਕਿ, 12 ਅਤੇ 13 ਨਵੰਬਰ ਨੂੰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ 12 ਨਵੰਬਰ ਨੂੰ ਪੰਜਾਬ ਦੇ ਉੱਤਰੀ ਅਤੇ ਮਾਝਾ ਖੇਤਰ ਦੇ ਜ਼ਿਲ੍ਹਿਆਂ ਵਰਗੇ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਤੋਂ ਬਹੁਤ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ। 13 ਨਵੰਬਰ ਤੋਂ ਬਾਅਦ ਸੂਬੇ ਵਿੱਚ ਮੌਸਮ ਮੁੜ ਤੋਂ ਖੁਸ਼ਕ ਹੋ ਜਾਵੇਗਾ।

ਟ੍ਰਾਈਸਿਟੀ ਖੇਤਰ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। 9 ਤੋਂ 13 ਨਵੰਬਰ ਦਰਮਿਆਨ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 30 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 14 ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਬਣਿਆ ਰਹੇਗਾ।

ਮੌਸਮ ਦੇ ਇਸ ਬਦਲਾਅ ਅਤੇ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਿਹਤ ਮਾਹਿਰਾਂ ਨੇ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਸਵੇਰ ਅਤੇ ਸ਼ਾਮ ਦੇ ਸਮੇਂ ਸੈਰ ਕਰਨ ਤੋਂ ਗੁਰੇਜ਼ ਕਰਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦਾ ਪ੍ਰਯੋਗ ਕਰਨ ਦੀ ਸਲਾਹ ਦਿੱਤੀ ਹੈ।

 

Leave a Comment