ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ; ਸੁਖਬੀਰ ਬਾਦਲ ਨੂੰ ਦਿੱਤੀ ਖੁੱਲ੍ਹੀ ਚੁਣੌਤੀ
2 ਦਸੰਬਰ 2024 ਦਾ ਫੈਸਲਾ ਪੰਥਕ ਰਵਾਇਤਾਂ ਅਨੁਸਾਰ ਸੀ, ਸਾਜਿਸ਼ ਦੇ ਇਲਜ਼ਾਮ ਸਾਬਤ ਕਰਨ ਸੁਖਬੀਰ ਬਾਦਲ: ਗਿਆਨੀ ਰਘਬੀਰ ਸਿੰਘ
“ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਗੁਰੂ ਦੀ ਹਜ਼ੂਰੀ ਵਿੱਚ ਆ ਕੇ ਸੱਚ ਬੋਲਣ ਬਾਦਲ”, ਗਿਆਨੀ ਰਘਬੀਰ ਸਿੰਘ ਦੀ ਵੀਡੀਓ ਸੰਦੇਸ਼ ਰਾਹੀਂ ਚੁਣੌਤੀ
ਪੰਥਕ ਫੈਸਲਿਆਂ ‘ਤੇ ਸਿਆਸਤ ਮਨਜ਼ੂਰ ਨਹੀਂ; ਜੇਕਰ ਕੋਈ ਦੋਸ਼ੀ ਹਾਂ ਤਾਂ ਪੰਥ ਜੋ ਵੀ ਸਜ਼ਾ ਲਾਵੇਗਾ, ਭੁਗਤਣ ਲਈ ਤਿਆਰ ਹਾਂ: ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 10 ਨਵੰਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿਆਸੀ ਆਗੂਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਫੈਸਲਾ ਪੂਰੀ ਤਰ੍ਹਾਂ ਨਾਲ ਪੰਥਕ ਰਵਾਇਤਾਂ, ਗੁਰੂ ਸਾਹਿਬ ਦੀ ਹਜ਼ੂਰੀ ਅਤੇ ਸੰਗਤ ਦੀਆਂ ਭਾਵਨਾਵਾਂ ਦੇ ਅਨੁਕੂਲ ਸੀ।
ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਹ ਇਸ ਫੈਸਲੇ ਨੂੰ ਕਿਸੇ ਸਾਜਿਸ਼ ਦਾ ਹਿੱਸਾ ਮੰਨਦੇ ਹਨ, ਤਾਂ ਉਹ ਇਸ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਦੇ ਸਾਹਮਣੇ ਸਾਬਤ ਕਰਨ। ਆਪਣੇ ਵੀਡੀਓ ਸੰਦੇਸ਼ ਦੀ ਸ਼ੁਰੂਆਤ ਗੁਰੂ ਫਤਿਹ “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਨਾਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੀ ਗੁਰੂ ਰੂਪ ਸਾਧ ਸੰਗਤ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪੇਸ਼ ਹੋਈ ਸੀ।
ਉਨ੍ਹਾਂ ਨੇ ਸੰਗਤ ਦੇ ਸਾਹਮਣੇ ਆ ਕੇ ਆਪਣੇ ਵੱਲੋਂ ਕੀਤੀਆਂ ਗਈਆਂ ਭੁੱਲਾਂ ਅਤੇ ਗੁਨਾਹਾਂ ਨੂੰ ਪ੍ਰਵਾਨ ਕੀਤਾ ਸੀ। ਉਸ ਵੇਲੇ ਪੰਥਕ ਰਵਾਇਤਾਂ ਅਨੁਸਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਸੁਣਾਇਆ ਗਿਆ ਸੀ, ਜੋ ਕਿ ਪੰਥ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਾ ਸੀ। ਸਾਬਕਾ ਜਥੇਦਾਰ ਨੇ ਅੱਗੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਜਾਂ ਕੋਈ ਹੋਰ ਆਗੂ ਹੁਣ ਇਹ ਦਾਅਵਾ ਕਰ ਰਿਹਾ ਹੈ ਕਿ ਇਹ ਫੈਸਲਾ ਕਿਸੇ ਸਾਜਿਸ਼ ਤਹਿਤ ਲਿਆ ਗਿਆ ਸੀ, ਤਾਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਵੱਕਾਰ ਨੂੰ ਢਾਹ ਲਾਉਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ, “ਜੇਕਰ ਸੁਖਬੀਰ ਬਾਦਲ ਇਸ ਨੂੰ ਸਾਜਿਸ਼ ਕਹਿੰਦਾ ਹੈ ਤਾਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਕਰਕੇ, ਗੁਰੂ ਦੀ ਹਜ਼ੂਰੀ ਵਿੱਚ ਆ ਕੇ ਇਹ ਗੱਲ ਸਾਬਤ ਕਰਨੀ ਚਾਹੀਦੀ ਹੈ ਅਤੇ ਸੰਗਤ ਦੇ ਸਾਹਮਣੇ ਸੱਚ ਰੱਖਣਾ ਚਾਹੀਦਾ ਹੈ।” ਗਿਆਨੀ ਰਘਬੀਰ ਸਿੰਘ ਨੇ ਆਪਣੇ ਵੱਲੋਂ ਪੂਰੀ ਦਲੇਰੀ ਅਤੇ ਨਿਰਪੱਖਤਾ ਨਾਲ ਆਪਣਾ ਪੱਖ ਰੱਖਦਿਆਂ ਕਿਹਾ ਕਿ ਸਿੰਘ ਸਾਹਿਬਾਨ ਵੱਲੋਂ ਦਿੱਤਾ ਗਿਆ ਫੈਸਲਾ ਕਿਸੇ ਵਿਅਕਤੀਗਤ ਦਵੇਸ਼ ਜਾਂ ਸਿਆਸੀ ਦਬਾਅ ਹੇਠ ਨਹੀਂ ਸੀ, ਸਗੋਂ ਇਹ ਕੀਤੇ ਗਏ ਗੁਨਾਹਾਂ ਦੀ ਗੁਰਮਤਿ ਅਨੁਸਾਰ ਲਾਈ ਗਈ ਧਾਰਮਿਕ ਸਜ਼ਾ ਸੀ।
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਲੱਗਦਾ ਹੈ ਕਿ ਇਸ ਵਿੱਚ ਸਾਡੀ ਕੋਈ ਗਲਤੀ ਜਾਂ ਸਾਜਿਸ਼ ਸੀ, ਤਾਂ ਅਸੀਂ ਅੱਜ ਵੀ ਪੰਥ ਦੇ ਸਾਹਮਣੇ ਸਮਰਪਿਤ ਹਾਂ। ਪੰਥ ਸਾਨੂੰ ਜੋ ਵੀ ਸਜ਼ਾ ਲਾਵੇਗਾ, ਅਸੀਂ ਉਸ ਨੂੰ ਖਿੜੇ ਮੱਥੇ ਭੁਗਤਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ। ਇਸ ਵੀਡੀਓ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਥਕ ਅਤੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਵਧ ਗਈ ਹੈ। ਗਿਆਨੀ ਰਘਬੀਰ ਸਿੰਘ ਦੇ ਇਸ ਬਿਆਨ ਨੇ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਮਰਥਕਾਂ ਲਈ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਥਕ ਹਲਕਿਆਂ ਦਾ ਮੰਨਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਗੁਰਮਤਿ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
















