ਅਧਿਆਪਕਾਂ ਨੇ ਫੂਕੀਆਂ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ; ਤਰੱਕੀਆਂ ਲਈ ‘ਟੈਟ’ ਦੀ ਸ਼ਰਤ ਨੂੰ ਦੱਸਿਆ ਨੌਕਰੀ ‘ਤੇ ਕੁਹਾੜਾ

 

ਅਧਿਆਪਕਾਂ ਨੇ ਫੂਕੀਆਂ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ; ਤਰੱਕੀਆਂ ਲਈ ‘ਟੈਟ’ ਦੀ ਸ਼ਰਤ ਨੂੰ ਦੱਸਿਆ ਨੌਕਰੀ ‘ਤੇ ਕੁਹਾੜਾ

Punjab Network

Education News, 10 ਫਰਵਰੀ 2026

ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਦੀ ਨੌਕਰੀ ਵਿੱਚ ਬਣੇ ਰਹਿਣ ਅਤੇ ਤਰੱਕੀਆਂ (ਪ੍ਰਮੋਸ਼ਨਾਂ) ਲਈ ਅਧਿਆਪਕ ਯੋਗਤਾ ਪ੍ਰੀਖਿਆ (TET) ਲਾਜ਼ਮੀ ਕਰਨ ਦੇ ਫ਼ੈਸਲੇ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ।

ਇਸ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਬਠਿੰਡਾ ਵਿਖੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਇਕੱਠੇ ਹੋ ਕੇ ਸਰਕਾਰ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ, ਜਗਪਾਲ ਸਿੰਘ ਬੰਗੀ, ਰੇਸ਼ਮ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਜਿਹੜੇ ਅਧਿਆਪਕ ਪਿਛਲੇ 25-30 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ‘ਤੇ ਹੁਣ ਟੈਟ ਦੀ ਸ਼ਰਤ ਥੋਪਣਾ ਉਨ੍ਹਾਂ ਦੇ ਰੁਜ਼ਗਾਰ ‘ਤੇ ਕੁਹਾੜਾ ਚਲਾਉਣ ਦੇ ਬਰਾਬਰ ਹੈ।

ਅਧਿਆਪਕਾਂ ਨੇ ਦਲੀਲ ਦਿੱਤੀ ਕਿ ਉਹ ਭਰਤੀ ਵੇਲੇ ਤੈਅ ਸਾਰੀਆਂ ਯੋਗਤਾਵਾਂ ਪੂਰੀਆਂ ਕਰਕੇ ਨੌਕਰੀ ਵਿੱਚ ਆਏ ਸਨ। ਨੌਕਰੀ ਦੇ ਵਿਚਾਲੇ ਅਜਿਹੀਆਂ ਸ਼ਰਤਾਂ ਲਗਾਉਣਾ ਠੀਕ ਉਵੇਂ ਹੈ ਜਿਵੇਂ ਮੈਚ ਸ਼ੁਰੂ ਹੋਣ ਤੋਂ ਬਾਅਦ ਖੇਡ ਦੇ ਨਿਯਮ ਬਦਲ ਦਿੱਤੇ ਜਾਣ।

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ ‘ਤੇ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਬਹਾਨਾ ਬਣਾ ਕੇ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਸ਼ਰਤ ਵਾਪਸ ਨਾ ਲਈ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਵਿੱਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਇਸ ਕਨਵੈਨਸ਼ਨ ਦੌਰਾਨ ਅਧਿਆਪਕਾਂ ਨੇ 6 ਫਰਵਰੀ ਨੂੰ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਇੱਕ ਮਤਾ ਪਾਸ ਕਰਕੇ ਕਿਸਾਨ ਆਗੂ ਸ਼ਗਨਦੀਪ ਸਿੰਘ ਅਤੇ ਬਲਦੇਵ ਸਿੰਘ ਚੌਕੇ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ।

ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਧਿਆਪਕਾਂ ਨਾਲ ਹੁੰਦੀ ਬੇਇਨਸਾਫ਼ੀ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ।