Join WhatsApp

Join Now

ਵੱਡੀ ਖ਼ਬਰ: AAP ਨੇ ਪੰਜਾਬ ਦੇ ਮੌਜੂਦਾ 8 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ!

On: November 12, 2026 8:29 PM

 

ਵੱਡੀ ਖ਼ਬਰ: AAP ਨੇ ਪੰਜਾਬ ਦੇ ਮੌਜੂਦਾ 8 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ!

AAP ਨੇ 31 ਉਮੀਦਵਾਰਾਂ ਦਾ ਕੀਤਾ ਐਲਾਨ, ਮੰਤਰੀ ਖੁੱਡੀਆਂ ਅਤੇ ਅਨਮੋਲ ਗਗਨ ਮਾਨ ਸਮੇਤ ਕਈ ਆਗੂਆਂ ਦੇ ਪੱਤੇ ਸਾਫ਼- ਚੋਣ ਮੈਦਾਨ ਵਿੱਚ ਉਤਰੇ ਦੋ ਸੰਸਦ ਮੈਂਬਰ: ਮੀਤ ਹੇਅਰ ਬਰਨਾਲਾ ਅਤੇ ਡਾ. ਚੱਬੇਵਾਲ ਫਗਵਾੜਾ ਤੋਂ ਲੜਨਗੇ ਵਿਧਾਨ ਸਭਾ ਚੋਣ

ਚੰਡੀਗੜ੍ਹ, 12 ਨਵੰਬਰ 2026: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ 31 ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕੀਤਾ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਨਵੀਂ ਸੂਚੀ ਵਿੱਚ ਕਈ ਵੱਡੇ ਅਤੇ ਹੈਰਾਨ ਕਰਨ ਵਾਲੇ ਫੇਰਬਦਲ ਦੇਖਣ ਨੂੰ ਮਿਲੇ ਹਨ, ਜਿਸ ਤਹਿਤ ਪਾਰਟੀ ਨੇ ਮੌਜੂਦਾ ਮੰਤਰੀਆਂ ਸਮੇਤ 8 ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਥਾਂ ਨਵੇਂ ਚਿਹਰਿਆਂ ਜਾਂ ਹੋਰ ਆਗੂਆਂ ਨੂੰ ਮੌਕਾ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਹਾਈਕਮਾਨ ਵੱਲੋਂ ਜਿਨ੍ਹਾਂ 8 ਮੌਜੂਦਾ ਵਿਧਾਇਕਾਂ ਨੂੰ ਮੁੜ ਚੋਣ ਮੈਦਾਨ ਵਿੱਚ ਨਾ ਉਤਾਰਨ ਦਾ ਫ਼ੈਸਲਾ ਲਿਆ ਗਿਆ ਹੈ, ਉਨ੍ਹਾਂ ਵਿੱਚ ਕਈ ਪ੍ਰਮੁੱਖ ਨਾਂ ਸ਼ਾਮਲ ਹਨ। ਇਸ ਸੂਚੀ ਵਿੱਚ ਮੰਤਰੀ & MLA ਗੁਰਮੀਤ ਸਿੰਘ ਖੁੱਡੀਆਂ, MLA ਅਨਮੋਲ ਗਗਨ ਮਾਨ, MLA ਲਾਲਜੀਤ ਸਿੰਘ ਭੁੱਲਰ, MLA ਕੁੰਵਰ ਵਿਜੇ ਪ੍ਰਤਾਪ ਸਿੰਘ, MLA ਅਮਿਤ ਰਤਨ ਕੋਟਫੱਤਾ, MLA ਰਮਨ ਅਰੋੜਾ, MLA ਕੁਲਵੰਤ ਸਿੰਘ ਬਾਜ਼ੀਗਰ ਅਤੇ MLA ਡਾ. ਚਰਨਜੀਤ ਸਿੰਘ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਪਾਰਟੀ ਦੇ ਇਸ ਕਦਮ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਵਿੱਚ ਕਈ ਵੱਡੇ ਚਿਹਰੇ ਸ਼ਾਮਲ ਸਨ।

ਦੂਜੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਕੁੱਲ 31 ਵਿਧਾਨ ਸਭਾ ਹਲਕਿਆਂ ਦੇ ਪਿਛਲੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਇਨ੍ਹਾਂ ਵਿੱਚੋਂ 10 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਪਰ ਇਸ ਵਾਰ ਪਾਰਟੀ ਨੇ ਇਨ੍ਹਾਂ 10 ਮੌਜੂਦਾ ਵਿਧਾਇਕਾਂ ਵਿੱਚੋਂ ਸਿਰਫ਼ ਦੋ ਆਗੂਆਂ ‘ਤੇ ਹੀ ਮੁੜ ਭਰੋਸਾ ਪ੍ਰਗਟਾਇਆ ਹੈ। ਇਨ੍ਹਾਂ ਵਿੱਚ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਗਰਾਓਂ ਹਲਕੇ ਤੋਂ ਸਰਬਜੀਤ ਕੌਰ ਮਾਣੂੰਕੇ ਸ਼ਾਮਲ ਹਨ, ਜਿਨ੍ਹਾਂ ਨੂੰ ਪਾਰਟੀ ਵੱਲੋਂ ਮੁੜ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਆਪਣੀ ਰਣਨੀਤੀ ਤਹਿਤ ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਸੂਚੀ ਮੁਤਾਬਕ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੀ 31 ਅਕਤੂਬਰ ਨੂੰ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 40 ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ ਦਿੱਤੀ ਗਈ ਸੀ, ਪਰ ਦੂਜੀ ਸੂਚੀ ਵਿੱਚ ਪਾਰਟੀ ਨੇ ਆਪਣੀ ਰਣਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਵੀਰਵਾਰ ਨੂੰ ਐਲਾਨੇ ਗਏ 31 ਨਵੇਂ ਨਾਵਾਂ ਨੂੰ ਮਿਲਾ ਕੇ ਆਮ ਆਦਮੀ ਪਾਰਟੀ ਹੁਣ ਤੱਕ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੁੱਲ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

 

Leave a Comment