ਵਿੱਤ ਮੰਤਰੀ ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਵੀ ਦੁੱਗਣਾ ਨਹੀਂ ਹੋਇਆ ਮਾਣ-ਭੱਤਾ, ਹੁਣ ਸੰਗਰੂਰ ‘ਚ ਹੋਵੇਗੀ ਆਰ-ਪਾਰ ਦੀ ਲੜਾਈ
ਮੀਟਿੰਗਾਂ ਦੇ ਲਾਰਿਆਂ ਤੋਂ ਅੱਕੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਢਿਆ ਸੰਘਰਸ਼, ਸੂਬਾ ਪੱਧਰੀ ਰੈਲੀ ਦਾ ਸੱਦਾ
ਮਾਣ-ਭੱਤਾ ਦੁੱਗਣਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਰੋਸ, 16 ਨੂੰ ਸੰਗਰੂਰ ਕੂਚ ਕਰਨਗੀਆਂ ਪੰਜਾਬ ਭਰ ਦੀਆਂ ਵਰਕਰਾਂ
ਸੰਗਰੂਰ, 15 ਨਵੰਬਰ 2026: ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਅਤੇ ਲਗਾਤਾਰ ਮੀਟਿੰਗਾਂ ਰੱਦ ਕਰਨ ਦੇ ਰਵੱਈਏ ਖ਼ਿਲਾਫ਼ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਵਜੋਂ ‘ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ’ ਨੇ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਮਨ ਬਣਾ ਲਿਆ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ ਆਉਣ ਵਾਲੀ 16 ਨਵੰਬਰ ਨੂੰ ਪੂਰੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਆਂਗਣਵਾੜੀ-ਕਮ-ਕਰੈੱਚ ਵਰਕਰਾਂ ਸੰਗਰੂਰ ਵਿਖੇ ਇਕੱਠੀਆਂ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੀਆਂ।
ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਵਰਕਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦੀ ਗਾਰੰਟੀ ਦਿੱਤੀ ਸੀ ਅਤੇ ਇਸ ਨੂੰ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਸੀ। ਪਰ ਹੁਣ ਜਦੋਂ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੈ, ਤਾਂ ਸਰਕਾਰ ਨੇ ਪੂਰੀ ਤਰ੍ਹਾਂ ਬੇਰੁਖ਼ੀ ਵਾਲਾ ਰਸਤਾ ਅਪਣਾਇਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕਰ ਰਹੀ ਹੈ ਤਾਂ ਜੋ ਮਸਲੇ ਨੂੰ ਲਟਕਾ ਕੇ ਆਪਣਾ ਸਮਾਂ ਪੂਰਾ ਕੀਤਾ ਜਾ ਸਕੇ।
ਪਿਛਲੇ ਘਟਨਾਕ੍ਰਮ ਦਾ ਵੇਰਵਾ ਦਿੰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ 29 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ 15 ਦਿਨਾਂ ਦੇ ਅੰਦਰ-ਅੰਦਰ ਮਾਣ-ਭੱਤਾ ਦੁੱਗਣਾ ਕਰਨ ਦਾ ਪੱਕਾ ਭਰੋਸਾ ਦਿੱਤਾ ਸੀ, ਪਰ ਵਿੱਤ ਮੰਤਰੀ ਆਪਣੇ ਬੋਲਾਂ ‘ਤੇ ਪੂਰੇ ਨਹੀਂ ਉਤਰੇ। ਇਸ ਤੋਂ ਬਾਅਦ ਜਥੇਬੰਦੀ ਵੱਲੋਂ 3 ਅਕਤੂਬਰ ਨੂੰ ਰੱਖਿਆ ਗਿਆ ਧਰਨਾ ਸਰਕਾਰ ਨੂੰ ਸਮਾਂ ਦੇਣ ਦੇ ਮਕਸਦ ਨਾਲ 15 ਦਿਨਾਂ ਲਈ ਮੁਲਤਵੀ ਕਰਕੇ 18 ਅਕਤੂਬਰ ਤੱਕ ਅੱਗੇ ਪਾਇਆ ਗਿਆ। ਤਿਉਹਾਰਾਂ ਦੇ ਸੀਜ਼ਨ ਕਾਰਨ ਇਹ ਪ੍ਰਦਰਸ਼ਨ 23 ਅਕਤੂਬਰ ਨੂੰ ਰੱਖਿਆ ਗਿਆ, ਜਿਸ ਦਿਨ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਹੋਈ।
ਆਗੂਆਂ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ 26 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਦੇ ਸਤਿਕਾਰ ਵਜੋਂ ਜਥੇਬੰਦੀ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਸੀ। ਪਰ 26 ਅਕਤੂਬਰ ਦੀ ਮੀਟਿੰਗ ਐਨ ਮੌਕੇ ‘ਤੇ ਰੱਦ ਕਰ ਦਿੱਤੀ ਗਈ। ਇਸੇ ਤਰ੍ਹਾਂ ਡੀ.ਸੀ. ਸੰਗਰੂਰ ਵੱਲੋਂ ਮੁੜ 7 ਨਵੰਬਰ ਦੀ ਮੀਟਿੰਗ ਲਈ ਪੱਤਰ ਜਾਰੀ ਕੀਤਾ ਗਿਆ, ਪਰ ਉਸ ਦਿਨ ਵੀ ਮੀਟਿੰਗ ਨਹੀਂ ਹੋ ਸਕੀ ਅਤੇ ਹੁਣ ਸਿੱਧਾ ਇੱਕ ਮਹੀਨੇ ਬਾਅਦ ਦਾ ਸਮਾਂ ਦੇ ਕੇ ਵਰਕਰਾਂ ਦੇ ਸਬਰ ਦਾ ਇਮਤਿਹਾਨ ਲਿਆ ਜਾ ਰਿਹਾ ਹੈ। ਹੁਣ ਤੱਕ ਸਰਕਾਰ ਵੱਲੋਂ ਚਾਰ ਅਹਿਮ ਮੀਟਿੰਗਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ।
ਜਥੇਬੰਦੀ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੀ ਮੁੱਖ ਮੰਗ ਮੁੱਖ ਮੰਤਰੀ ਨਾਲ ਤੁਰੰਤ ਪੈਨਲ ਮੀਟਿੰਗ ਕਰਨਾ ਅਤੇ ਚੋਣ ਵਾਅਦੇ ਮੁਤਾਬਕ ਮਾਣ-ਭੱਤਾ ਦੁੱਗਣਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਹੈ। ਮੈਡਮ ਛੀਨਾ ਨੇ ਕਿਹਾ ਕਿ 16 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਵਿੱਚ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ, ਤਾਂ ਉੱਥੇ ਹੀ ਪੱਕਾ ਮੋਰਚਾ ਲਗਾ ਕੇ ਅਣਮਿੱਥੇ ਸਮੇਂ ਲਈ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੌਰਾਨ ਨਿਕਲਣ ਵਾਲੇ ਕਿਸੇ ਵੀ ਸਿੱਟੇ ਜਾਂ ਮਾਹੌਲ ਖ਼ਰਾਬ ਹੋਣ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
















