Join WhatsApp

Join Now

Punjab News: ਬੱਸ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇਗਾ 5-5 ਲੱਖ ਰੁਪਏ ਮੁਆਵਜ਼ਾ; ਸੀਐੱਮ ਮਾਨ ਨੇ ਕੀਤਾ ਐਲਾਨ

On: November 15, 2026 1:28 PM

 

ਬੱਸ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇਗਾ 5-5 ਲੱਖ ਰੁਪਏ ਮੁਆਵਜ਼ਾ; ਸੀਐੱਮ ਮਾਨ ਨੇ ਕੀਤਾ ਐਲਾਨ

CM ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Punjab Network 

ਚੰਡੀਗੜ੍ਹ/ਤਰਨਤਾਰਨ, 15 ਨਵੰਬਰ 2026: ਤਰਨਤਾਰਨ ਵਿਖੇ ਬੀਤੇ ਦਿਨ ਵਾਪਰੇ ਭਿਆਨਕ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਜ਼ਖਮੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸਾਂ ਜ਼ਰੀਏ ਜਾ ਰਹੇ ਸ਼ਰਧਾਲੂਆਂ ਨਾਲ ਬੀਤੇ ਦਿਨ ਹਾਦਸਾ ਵਾਪਰ ਗਿਆ ਸੀ, ਜਿਸ ਵਿੱਚ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਸਮੇਤ ਕੁੱਲ ਪੰਜ ਕੀਮਤੀ ਜਾਨਾਂ ਚਲੀਆਂ ਗਈਆਂ ਹਨ, ਜਦਕਿ 11 ਵਿਅਕਤੀ ਜ਼ਖਮੀ ਹੋਏ ਸਨ।

ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਹਾਲਾਂਕਿ ਕਿਸੇ ਵੀ ਇਨਸਾਨੀ ਜਾਨ ਦੀ ਕੋਈ ਕੀਮਤ ਨਹੀਂ ਪਾਈ ਜਾ ਸਕਦੀ, ਪਰ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਮਦਦ ਅਤੇ ਉਨ੍ਹਾਂ ਦਾ ਸਾਰਾ ਇਲਾਜ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ ਅਤੇ ਜ਼ਖਮੀਆਂ ਦੀ ਹਾਲਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ, ਜੋ ਕਿ ਅਗਲੇ ਤਿੰਨ-ਚਾਰ ਦਿਨਾਂ ਵਿੱਚ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਜਾਣਗੇ।

ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਇੱਕ ਅਚਾਨਕ ਵਾਪਰੀ ਕੁਦਰਤੀ ਘਟਨਾ ਸੀ। ਉਨ੍ਹਾਂ ਦੱਸਿਆ ਕਿ ਹਾਈਵੇਅ ‘ਤੇ ਅਚਾਨਕ ਇੱਕ ਮੋਟਰਸਾਈਕਲ ਸਵਾਰ ਵੱਲੋਂ ਕੱਟ ਮਾਰਨ ਕਾਰਨ ਬੱਸ ਚਾਲਕ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਬੱਸ ਬੇਕਾਬੂ ਹੋ ਕੇ ਦੂਜੇ ਪਾਸੇ ਜਾ ਰਹੀ ਤੀਰਥ ਯਾਤਰਾ ਦੀ ਹੀ ਦੂਜੀ ਬੱਸ ਨਾਲ ਜਾ ਟਕਰਾਈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹੁਣ ਤੱਕ 17 ਹਜ਼ਾਰ ਦੇ ਕਰੀਬ ਟ੍ਰਿਪ ਲੱਗ ਚੁੱਕੇ ਹਨ ਅਤੇ 7 ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ, ਵਾਹਗਾ ਬਾਰਡਰ ਅਤੇ ਵਰਿੰਦਾਵਨ ਵਰਗੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਇਸ ਮਾਮਲੇ ‘ਤੇ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਆਲੋਚਨਾ ਅਤੇ ਕੌਮੀ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸੰਮਨਾਂ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਹਰ ਮੁੱਦੇ ‘ਤੇ ਸਿਆਸਤ ਕਰਨ ਦਾ ਬਹਾਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ‘ਸੜਕ ਸੁਰੱਖਿਆ ਫੋਰਸ’ (SSF) ਦੇ ਯਤਨਾਂ ਸਦਕਾ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 50 ਫੀਸਦੀ ਤੱਕ ਦੀ ਕਮੀ ਆਈ ਹੈ, ਕਿਉਂਕਿ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੁਰੱਖਿਆ ਗੱਡੀਆਂ ਤਾਇਨਾਤ ਹਨ।

ਆਗਾਮੀ ਵਿਧਾਨ ਸਭਾ ਚੋਣਾਂ ਅਤੇ ਪਾਰਟੀ ਦੀਆਂ ਟਿਕਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਅਤੇ ਡਾ. ਚਰਨਜੀਤ ਸਿੰਘ ਚੰਨੀ ਦੇ ਬਿਆਨਾਂ ਸਬੰਧੀ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਟਿਕਟਾਂ ਮਿਲੀਆਂ ਹਨ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਹਨ। ਉਨ੍ਹਾਂ ਪਾਰਟੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ, ਸਰਕਾਰ ਵੱਲੋਂ ਪੌਣੇ ਪੰਜ ਸਾਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਅਤੇ ਲੋਕਾਂ ਦੇ ਕੀਮਤੀ ਸੁਝਾਅ ਲੈਣ।

 

Leave a Comment