Punjab Road Accident! ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ ਚਾਰ ਜੀਆਂ ਸਮੇਤ 5 ਲੋਕਾਂ ਦੀ ਮੌਤ
ਫਾਜ਼ਿਲਕਾ ‘ਚ ਕਹਿਰ ਬਣ ਕੇ ਵਰ੍ਹੀ ਤੇਜ਼ ਰਫ਼ਤਾਰ…. ਖੁਸ਼ੀਆਂ ਮਾਤਮ ‘ਚ ਬਦਲੀਆਂ: ਪਿੰਡ ਥੇਹ ਕਲੰਦਰ ਨੇੜੇ ਕਰੂਜ਼ਰ ਤੇ ਪਿਕਅੱਪ ਦੀ ਜ਼ਬਰਦਸਤ ਟੱਕਰ, ਬੱਚਿਆਂ ਸਮੇਤ 5 ਹਲਾਕ ਤੇ 11 ਜ਼ਖ਼ਮੀ
ਫਾਜ਼ਿਲਕਾ 16 ਨਵੰਬਰ 2026- ਫਾਜ਼ਿਲਕਾ-ਫਿਰੋਜ਼ਪੁਰ ਮੁੱਖ ਸੜਕ ‘ਤੇ ਸਥਿਤ ਪਿੰਡ ਥੇਹ ਕਲੰਦਰ ਨੇੜੇ ਐਤਵਾਰ ਰਾਤ ਕਰੀਬ 8 ਵਜੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ (Punjab Road Accident) ਵਾਪਰ ਗਿਆ। ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ ਦੀ ਜ਼ਬਰਦਸਤ ਟੱਕਰ ਵਿੱਚ ਔਰਤ ਅਤੇ ਬੱਚਿਆਂ ਸਮੇਤ ਕੁੱਲ ਪੰਜ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 11 ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਮੰਦਭਾਗੀ ਘਟਨਾ ਨੇ ਵਿਆਹ ਦੀਆਂ ਖੁਸ਼ੀਆਂ ਨੂੰ ਪਲਾਂ ਵਿੱਚ ਹੀ ਡੂੰਘੇ ਮਾਤਮ ਵਿੱਚ ਬਦਲ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਜਲਾਲਾਬਾਦ ਹਲਕੇ ਦੇ ਪਿੰਡ ਟਿਵਾਣਾ ਦਾ ਰਹਿਣ ਵਾਲਾ ਇੱਕ ਪਰਿਵਾਰ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਆਪਣੇ ਚਾਚੇ ਦੇ ਲੜਕੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਵਿਆਹ ਦੀਆਂ ਰਸਮਾਂ ਪੂਰੀਆਂ ਹੋਣ ਉਪਰੰਤ ਪਰਿਵਾਰ ਦੇ ਕਰੀਬ 13 ਮੈਂਬਰ ਇੱਕ ਕਰੂਜ਼ਰ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਟਿਵਾਣਾ ਪਰਤ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਫਾਜ਼ਿਲਕਾ-ਫਿਰੋਜ਼ਪੁਰ ਮਾਰਗ ‘ਤੇ ਪਿੰਡ ਥੇਹ ਕਲੰਦਰ ਦੇ ਨਜ਼ਦੀਕ ਪਹੁੰਚੀ, ਤਾਂ ਸਾਹਮਣਿਓਂ ਆ ਰਹੀ ਇੱਕ ਪਿਕਅੱਪ ਗੱਡੀ ਨਾਲ ਉਨ੍ਹਾਂ ਦੀ ਸਿੱਧੀ ਅਤੇ ਭਿਆਨਕ ਟੱਕਰ ਹੋ ਗਈ।
ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ ਕਰੂਜ਼ਰ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਉਹ ਬੁਰੀ ਤਰ੍ਹਾਂ ਨੁਕਸਾਨੀ ਗਈ। ਗੱਡੀ ਵਿੱਚ ਸਵਾਰ ਲੋਕ ਅੰਦਰ ਹੀ ਫਸ ਗਏ ਅਤੇ ਚਾਰੇ ਪਾਸੇ ਚੀਕ-ਚਿਹਾੜਾ ਮੱਚ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਤੁਰੰਤ ਮਦਦ ਲਈ ਦੌੜੇ ਅਤੇ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਸਮੇਤ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ। ਰਾਹਤ ਟੀਮਾਂ ਨੇ ਬੜੀ ਮੁਸ਼ੱਕਤ ਨਾਲ ਗੱਡੀ ਵਿੱਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਐਂਬੂਲੈਂਸਾਂ ਦੀ ਮਦਦ ਨਾਲ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ। ਹਸਪਤਾਲ ਵਿਖੇ ਡਾਕਟਰਾਂ ਨੇ ਜਾਂਚ ਉਪਰੰਤ ਪੰਜ ਜਣਿਆਂ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰਕ ਮੈਂਬਰ ਸੰਦੀਪ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਇਸ ਹਾਦਸੇ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਚਾਰ ਜੀਆਂ ਅਤੇ ਕਰੂਜ਼ਰ ਗੱਡੀ ਦੇ ਚਾਲਕ ਦੀ ਜਾਨ ਚਲੀ ਗਈ ਹੈ। ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਮੈਡੀਕਲ ਅਧਿਕਾਰੀ ਨੇ ਪੰਜ ਮੌਤਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦੇਸੋ ਬਾਈ, ਸਚਿਨ, ਜੌਹਨ, ਮਨਪ੍ਰੀਤ ਅਤੇ ਗੁਰਲੀਨ ਕੌਰ ਵਜੋਂ ਹੋਈ ਹੈ। ਹਸਪਤਾਲ ਵਿੱਚ ਦਾਖਲ 11 ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਦੋ ਵਿਅਕਤੀਆਂ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਉੱਚ ਪੱਧਰੀ ਇਲਾਜ ਲਈ ਹੋਰ ਵੱਡੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਤੁਰੰਤ ਮੌਕੇ ‘ਤੇ ਅਤੇ ਹਸਪਤਾਲ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਸਰ ਨਾ ਛੱਡਣ ਦੇ ਨਿਰਦੇਸ਼ ਦਿੱਤੇ। ਇਸ ਦਰਦਨਾਕ ਹਾਦਸੇ ਕਾਰਨ ਜਲਾਲਾਬਾਦ ਅਤੇ ਫਾਜ਼ਿਲਕਾ ਦੇ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।















