WORLD BREAKING- ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੋ! CM ਮਾਨ ਦੀ PM ਮੋਦੀ ਨੂੰ ਵੱਡੀ ਅਪੀਲ
ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਤੁਰੰਤ ਖੋਲ੍ਹਣ ਕਰਤਾਰਪੁਰ ਲਾਂਘਾ: ਮੁੱਖ ਮੰਤਰੀ ਮਾਨ
ਪ੍ਰਕਾਸ਼ ਪੁਰਬ ‘ਤੇ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਆਸ, CM ਮਾਨ ਨੇ ਸੋਸ਼ਲ ਮੀਡੀਆ ਰਾਹੀਂ PM ਮੋਦੀ ਤੱਕ ਪਹੁੰਚਾਈ ਸੰਗਤਾਂ ਦੀ ਆਵਾਜ਼
ਪੰਜਾਬ ਵਿਧਾਨ ਸਭਾ ਦੇ ਮਤੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਸ਼ੁਰੂ ਕਰਨ ਦੀ ਕੀਤੀ ਪੁਰਜ਼ੋਰ ਮੰਗ
ਚੰਡੀਗੜ੍ਹ, 16 ਨਵੰਬਰ 2026: ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਜ਼ੋਰ ਫੜਨ ਲੱਗੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਕੇਂਦਰ ਸਰਕਾਰ ਅੱਗੇ ਇਹ ਮੰਗ ਬੜੇ ਪੁਰਜ਼ੋਰ ਢੰਗ ਨਾਲ ਰੱਖੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਇੱਕ ਵਿਸ਼ੇਸ਼ ਸੁਨੇਹਾ ਸਾਂਝਾ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪਵਿੱਤਰਤਾ ਅਤੇ ਸੰਗਤਾਂ ਦੀ ਅਥਾਹ ਸ਼ਰਧਾ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ।
ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਲਾਂਘੇ ਦੇ ਮੁੜ ਖੁੱਲ੍ਹਣ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਪਵਿੱਤਰ ਗੁਰਧਾਮ ਦੇ ਦਰਸ਼ਨ-ਦੀਦਾਰ ਕਰ ਸਕਣਗੇ, ਜਿਸ ਨਾਲ ਉਨ੍ਹਾਂ ਦੀ ਵਰ੍ਹਿਆਂ ਪੁਰਾਣੀ ਤਾਂਘ ਪੂਰੀ ਹੋਵੇਗੀ।
ਆਪਣੀ ਪੋਸਟ ਵਿੱਚ ਮੁੱਖ ਮੰਤਰੀ ਨੇ ਸਿੱਖ ਅਰਦਾਸ ਦਾ ਹਵਾਲਾ ਦਿੰਦਿਆਂ ਲਿਖਿਆ ਕਿ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਸਵੇਰੇ-ਸ਼ਾਮ ਆਪਣੀ ਅਰਦਾਸ ਵਿੱਚ ਪਰਮਾਤਮਾ ਅੱਗੇ ਇਹੋ ਬੇਨਤੀ ਕਰਦੀ ਹੈ ਕਿ ਉਨ੍ਹਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦਾ ਦਾਨ ਬਖ਼ਸ਼ਿਆ ਜਾਵੇ।
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਿਮ ਵਰ੍ਹੇ ਬਤੀਤ ਕੀਤੇ ਅਤੇ ਹੱਥੀਂ ਕਿਰਤ ਕਰਦਿਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸਰਬ-ਸਾਂਝਾ ਉਪਦੇਸ਼ ਦਿੱਤਾ। ਇਸ ਅਸਥਾਨ ਪ੍ਰਤੀ ਹਰ ਸਿੱਖ ਅਤੇ ਸ਼ਰਧਾਲੂ ਦੇ ਹਿਰਦੇ ਵਿੱਚ ਅਥਾਹ ਸਤਿਕਾਰ ਅਤੇ ਖਿੱਚ ਹੈ।
ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸੰਗਤਾਂ ਦੀ ਇਸੇ ਡੂੰਘੀ ਆਸ, ਸ਼ਰਧਾ ਅਤੇ ਭਾਵਨਾ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵੀ ਇਸ ਸਬੰਧੀ ਇੱਕ ਸਾਂਝਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸ਼ਰਧਾਲੂਆਂ ਦੀ ਆਸਥਾ ਨਾਲ ਜੁੜੇ ਇਸ ਬੇਹੱਦ ਸੰਵੇਦਨਸ਼ੀਲ ਅਤੇ ਅਹਿਮ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੀ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੇਸ਼-ਵਿਦੇਸ਼ ਵਿੱਚ ਵਸਦੀਆਂ ਕਰੋੜਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨਗੇ। ਉਨ੍ਹਾਂ ਉਮੀਦ ਜਤਾਈ ਕਿ ਪ੍ਰਕਾਸ਼ ਪੁਰਬ ਦੇ ਇਸ ਸ਼ੁਭ ਮੌਕੇ ‘ਤੇ ਕੇਂਦਰ ਸਰਕਾਰ ਵੱਲੋਂ ਸਕਾਰਾਤਮਕ ਰੁਖ਼ ਅਪਣਾਉਂਦਿਆਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਇਤਿਹਾਸਕ ਫ਼ੈਸਲਾ ਲਿਆ ਜਾਵੇਗਾ, ਤਾਂ ਜੋ ਸ਼ਰਧਾਲੂ ਮੁੜ ਇਸ ਪਵਿੱਤਰ ਧਰਤੀ ਨੂੰ ਨਤਮਸਤਕ ਹੋ ਸਕਣ।
















