ਕੈਪਟਨ ਅਮਰਿੰਦਰ ਦੀ ਹੋਵੇਗੀ ਕਾਂਗਰਸ ‘ਚ ਵਾਪਸੀ? ਭਾਜਪਾ ਤੋਂ ਬਾਗੀ ਹੋ ਕੇ ਪਹੁੰਚੇ ਸੋਨੀਆ ਗਾਂਧੀ ਕੋਲ
ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪੁਰਾਣੀ ਸਾਂਝ ਨਿਭਾਉਂਦਿਆਂ ਸੋਨੀਆ ਗਾਂਧੀ ਦੇ ਪ੍ਰੋਗਰਾਮ ‘ਚ ਭਰੀ ਹਾਜ਼ਰੀ, ਘਰ ਵਾਪਸੀ ਤੋਂ ਕੀਤਾ ਸਾਫ਼ ਇਨਕਾਰ
ਨਵੀਂ ਦਿੱਲੀ, 17 ਨਵੰਬਰ 2026: ਪੰਜਾਬ ਦੇ ਸਾਬਕਾ ਸੀਐੱਮ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਕਿਤਾਬ ਦੀ ਘੁੰਡ-ਚੁਕਾਈ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਗਾਂਧੀ ਪਰਿਵਾਰ ਦੇ ਇਸ ਨਿੱਜੀ ਅਤੇ ਅਹਿਮ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਨੇ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਇਸ ਮੌਕੇ ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਵਿੱਚ ਵਾਪਸੀ ਦਾ ਫ਼ਿਲਹਾਲ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਸਮਾਗਮ ਵਿੱਚ ‘ਇੰਡੀਆ’ (INDIA) ਗੱਠਜੋੜ ਨਾਲ ਸਬੰਧਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕਈ ਵੱਡੇ ਆਗੂ ਪਹੁੰਚੇ ਹੋਏ ਸਨ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਸਭ ਦੀ ਖਿੱਚ ਦਾ ਕੇਂਦਰ ਬਣੀ ਰਹੀ।
ਜਦੋਂ ਪੱਤਰਕਾਰਾਂ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਬਾਰੇ ਸਵਾਲ ਪੁੱਛਿਆ ਗਿਆ, ਤਾਂ ਉਨ੍ਹਾਂ ਬੇਬਾਕੀ ਨਾਲ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਵੇਲੇ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਹਨ ਅਤੇ ਕਾਂਗਰਸ ਵਿੱਚ ਵਾਪਸੀ ਦੀ ਕੋਈ ਸੰਭਾਵਨਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਗਾਂਧੀ ਪਰਿਵਾਰ ਦੇ ਸਬੰਧ ਦਹਾਕਿਆਂ ਪੁਰਾਣੇ ਹਨ। ਹਾਲਾਂਕਿ, ਸਾਲ 2021 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਰੀਬ ਤਿੰਨ ਮਹੀਨੇ ਪਹਿਲਾਂ ਕਾਂਗਰਸ ਹਾਈਕਮਾਨ ਵੱਲੋਂ ਉਨ੍ਹਾਂ ਤੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਘਟਨਾਕ੍ਰਮ ਤੋਂ ਨਾਰਾਜ਼ ਹੋ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ।
ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਵੱਖਰੀ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਗਠਨ ਕੀਤਾ ਸੀ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦਾ ਰਲੇਵਾਂ ਭਾਰਤੀ ਜਨਤਾ ਪਾਰਟੀ (BJP) ਵਿੱਚ ਕਰ ਦਿੱਤਾ ਸੀ। ਉਸ ਤੋਂ ਬਾਅਦ ਉਹ ਸਰਗਰਮ ਸਿਆਸਤ ਵਿੱਚ ਕਾਫ਼ੀ ਘੱਟ ਨਜ਼ਰ ਆਉਣ ਲੱਗੇ ਸਨ।
ਲੰਘੀ ਰਾਤ ਲੰਬੇ ਅਰਸੇ ਬਾਅਦ ਸੋਨੀਆ ਗਾਂਧੀ ਦੇ ਸਮਾਗਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਸਿਆਸੀ ਮਾਹਿਰਾਂ ਵੱਲੋਂ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਸਨ, ਪਰ ਕੈਪਟਨ ਦੇ ਇਸ ਤਾਜ਼ਾ ਬਿਆਨ ਨੇ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ।
















