ਪੰਜਾਬ ਦੇ ਮੁਲਾਜ਼ਮਾਂ ਦਾ DA ਖੋਹਣ ਵਾਲੀ AAP ਸਰਕਾਰ ਨੂੰ ਸਬਕ ਸਿਖਾਉਣ ਦੀ ਤਿਆਰੀ!
ਮੁਲਾਜ਼ਮਾਂ ਦੇ ਰੁਕੇ ਡੀ.ਏ. ਅਤੇ ਭੱਤੇ ਅਕਾਲੀ ਸਰਕਾਰ ਬਣਨ ’ਤੇ ਕੀਤੇ ਜਾਣਗੇ ਜਾਰੀ : ਐਨ.ਕੇ. ਸ਼ਰਮਾ
ਪਟਿਆਲਾ 17 ਨਵੰਬਰ 2026
ਪੰਜਾਬ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੀਆਂ ਕਿਸ਼ਤਾਂ ਰੁਕੀਆਂ ਹੋਣ ਅਤੇ ਹੋਰ ਮੰਗਾਂ ਦਾ ਹੱਲ ਨਾ ਹੋਣ ਕਾਰਨ ਸਰਕਾਰ ਵਿਰੁੱਧ ਰੋਸ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਭਰੋਸਾ ਦਿੱਤਾ ਹੈ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਲੰਬੇ ਸਮੇਂ ਤੋਂ ਰੁਕੇ ਹੋਏ ਭੱਤੇ ਵੀ ਜਾਰੀ ਕੀਤੇ ਜਾਣਗੇ।
ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਰੋਕਿਆ ਹੋਇਆ ਹੈ ਅਤੇ ਨਵੀਂ ਭਰਤੀ ਦੇ ਮਾਮਲੇ ਵਿੱਚ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ।
ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਹੋਈਆਂ ਭਰਤੀਆਂ ਦਾ ਸਿਹਰਾ ਵੀ ਆਪਣੇ ਸਿਰ ਬੰਨ੍ਹ ਕੇ ਨੌਕਰੀਆਂ ਦੇਣ ਸਬੰਧੀ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕੰਮ ਨਹੀਂ ਕੀਤਾ।
ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਲੋਕ ਭਲਾਈ ਸਕੀਮਾਂ ਦੇ ਨਾਲ-ਨਾਲ ਮੁਲਾਜ਼ਮ ਵਰਗ ਦੀ ਭਲਾਈ ਨੂੰ ਵੀ ਤਰਜੀਹ ਦਿੱਤੀ ਹੈ। ਉਨ੍ਹਾਂ ਮੁਤਾਬਕ ਅਕਾਲੀ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਦਾ ਲਾਭ ਦੇਣ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ ਵਿੱਚ ਹਾਂ-ਪੱਖੀ ਭੂਮਿਕਾ ਨਿਭਾਈ ਸੀ।
ਉਨ੍ਹਾਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਡੀ.ਏ. ਦੇ ਮੁੱਦੇ ’ਤੇ ਸਰਕਾਰ ਮੁਲਾਜ਼ਮਾਂ ਨਾਲ ਟਕਰਾਅ ਵਾਲੀ ਸਥਿਤੀ ਵਿੱਚ ਹੈ ਅਤੇ ਹਾਈ ਕੋਰਟ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਉਲਝੀ ਹੋਈ ਹੈ। ਐਨ.ਕੇ. ਸ਼ਰਮਾ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਦਾ ਜਵਾਬ ਦੇਵੇਗਾ ਅਤੇ ਉਸ ਨੂੰ ਸਬਕ ਸਿਖਾਏਗਾ।
















