Join WhatsApp

Join Now

ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ! ਵਿੱਤ ਮੰਤਰੀ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਅਹਿਮ ਬੈਠਕ, ਇੱਕ ਹਫ਼ਤੇ ‘ਚ ਮੰਗੀ ਸਟੇਟਸ ਰਿਪੋਰਟ

On: November 18, 2026 8:32 AM

 

ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ! ਵਿੱਤ ਮੰਤਰੀ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਅਹਿਮ ਬੈਠਕ, ਇੱਕ ਹਫ਼ਤੇ ‘ਚ ਮੰਗੀ ਸਟੇਟਸ ਰਿਪੋਰਟ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਦੇ ਹੁਕਮ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਨਵੰਬਰ, 2026: ਪੰਜਾਬ ਦੇ ਮੁਲਾਜ਼ਮ ਵਰਗ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਅਤੇ ਵਿਸਥਾਰਪੂਰਵਕ ਬੈਠਕਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮੰਤਵ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ, ਆਊਟਸੋਰਸ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਰੂਪ-ਰੇਖਾ ਤਿਆਰ ਕਰਨਾ ਸੀ।

ਬੈਠਕ ਦੌਰਾਨ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਵਿੱਤ ਮੰਤਰੀ ਦੇ ਸਨਮੁੱਖ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਮੁੱਖ ਮੁੱਦੇ, ਤਨਖ਼ਾਹਾਂ ਵਿੱਚ ਤਰੁੱਟੀਆਂ, ਸੇਵਾਵਾਂ ਪੱਕੀਆਂ ਕਰਨ ਅਤੇ ਹੋਰ ਵਿੱਤੀ ਤੇ ਪ੍ਰਸ਼ਾਸਕੀ ਅੜਚਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਰੱਖੀ। ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਲਿਖਤੀ ਮੰਗ-ਪੱਤਰ ਵੀ ਕੈਬਨਿਟ ਮੰਤਰੀ ਨੂੰ ਸੌਂਪੇ ਗਏ। ਮੁਲਾਜ਼ਮ ਜਥੇਬੰਦੀਆਂ ਦੇ ਸਾਰੇ ਨੁਮਾਇੰਦਿਆਂ ਦੇ ਪੱਖ ਨੂੰ ਬੜੇ ਠਰ੍ਹੰਮੇ ਅਤੇ ਧਿਆਨ ਨਾਲ ਸੁਣਨ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸੰਜੀਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਮੁਲਾਜ਼ਮ ਵਰਗ ਦੇ ਯੋਗਦਾਨ ਨੂੰ ਭਲੀ-ਭਾਂਤ ਸਮਝਦੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਮੀਟਿੰਗ ਵਿੱਚ ਵਿਚਾਰੇ ਗਏ ਵੱਖ-ਵੱਖ ਪਹਿਲੂਆਂ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਮੌਕੇ ‘ਤੇ ਮੌਜੂਦ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਬੰਧਤ ਲੋੜੀਂਦੀ ਪ੍ਰਸ਼ਾਸਕੀ ਅਤੇ ਕਾਗਜ਼ੀ ਪ੍ਰਕਿਰਿਆ ਵਿੱਚ ਤੁਰੰਤ ਤੇਜ਼ੀ ਲਿਆਂਦੀ ਜਾਵੇ। ਵਿੱਤ ਮੰਤਰੀ ਨੇ ਸਮਾਂ-ਸੀਮਾ ਤੈਅ ਕਰਦਿਆਂ ਨਿਰਦੇਸ਼ ਦਿੱਤੇ ਕਿ ਅਗਲੇ ਇੱਕ ਹਫ਼ਤੇ ਦੇ ਅੰਦਰ-ਅੰਦਰ ਇਨ੍ਹਾਂ ਮਾਮਲਿਆਂ ਸਬੰਧੀ ਮੁਕੰਮਲ ਕਾਰਵਾਈ ਕਰਕੇ ਮੌਜੂਦਾ ਸਥਿਤੀ ਦੀ ਰਿਪੋਰਟ (ਸਟੇਟਸ ਰਿਪੋਰਟ) ਪੇਸ਼ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਮੁਲਾਜ਼ਮਾਂ ਦੇ ਜਾਇਜ਼ ਕੰਮਾਂ ਅਤੇ ਮਸਲਿਆਂ ਨੂੰ ਨਿਪਟਾਉਣ ਵਿੱਚ ਕਿਸੇ ਵੀ ਪੱਧਰ ‘ਤੇ ਢਿੱਲ-ਮੱਠ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਅਹਿਮ ਬੈਠਕ ਵਿੱਚ ਸੂਬੇ ਦੀਆਂ ਪ੍ਰਮੁੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਸਰਵ ਸਿੱਖਿਆ ਅਭਿਆਨ ਦਫ਼ਤਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ ਸ਼ਾਮਲ ਸਨ।

ਇਸ ਤੋਂ ਇਲਾਵਾ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਨੇ ਵੀ ਮੀਟਿੰਗ ਵਿੱਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਿਆ।

 

Leave a Comment