Join WhatsApp

Join Now

Big Update! ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਜਲਦ ਐਲਾਨੇਗੀ ਉਮੀਦਵਾਰ

On: November 19, 2026 11:01 AM

 

ਵੱਡੀ ਅਪਡੇਟ! ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਜਲਦ ਐਲਾਨੇਗੀ ਉਮੀਦਵਾਰ

ਚੰਡੀਗੜ੍ਹ, 19 ਨਵੰਬਰ 2026: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਕਾਂਗਰਸ ਪਾਰਟੀ ਨੇ ਆਪਣੀਆਂ ਚੋਣ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਹਾਈ ਕਮਾਨ ਅੱਗੇ ਇਹ ਤਜਵੀਜ਼ ਰੱਖੀ ਹੈ ਕਿ ਚੋਣਾਂ ਤੋਂ ਘੱਟੋ-ਘੱਟ ਇੱਕ ਮਹੀਨਾ ਪਹਿਲਾਂ ਸਾਰੇ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇ, ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਢੁਕਵਾਂ ਸਮਾਂ ਮਿਲ ਸਕੇ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਇਸ ਮੰਗ ਦੇ ਚੱਲਦਿਆਂ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦੀ ਹੀ ਜਾਰੀ ਕੀਤੀ ਜਾ ਸਕਦੀ ਹੈ।

ਇੱਕ ਪਾਸੇ ਜਿੱਥੇ ਟਿਕਟਾਂ ਦੀ ਵੰਡ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਇਸ ਵੇਲੇ ਮਾਲਵਾ ਖੇਤਰ ਵਿੱਚ ਲਗਾਤਾਰ ਗੇੜੇ ਕੱਢ ਰਹੀ ਹੈ ਅਤੇ ਲੋਕਾਂ ਦੇ ਮੁੱਦੇ ਚੁੱਕ ਰਹੀ ਹੈ। ਇਸੇ ਕੜੀ ਤਹਿਤ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ 19 ਨਵੰਬਰ ਤੋਂ ਲੁਧਿਆਣਾ ਤੋਂ ‘ਇਨਸਾਫ਼ ਮਾਰਚ’ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਆਸੀ ਮਾਹਿਰ ਕਾਂਗਰਸ ਦੀ ਇਸ ਵਧਦੀ ਸਰਗਰਮੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੀ ਸਿੱਧੀ ਤਿਆਰੀ ਵਜੋਂ ਦੇਖ ਰਹੇ ਹਨ।

ਹਾਲਾਂਕਿ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਦੀ ਅੰਤਿਮ ਤਰੀਕ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ, ਪਰ ਸੂਤਰਾਂ ਮੁਤਾਬਕ ਪਾਰਟੀ ਵੱਲੋਂ ਗਠਿਤ ਕੀਤੀ ਗਈ ਸਕਰੀਨਿੰਗ ਕਮੇਟੀ ਜਲਦ ਹੀ ਆਪਣੀ ਰਿਪੋਰਟ ਹਾਈ ਕਮਾਨ ਨੂੰ ਸੌਂਪ ਦੇਵੇਗੀ। ਪਾਰਟੀ ਦੇ ਸੀਨੀਅਰ ਆਗੂ ਪਹਿਲਾਂ ਹੀ ਇਹ ਸੰਕੇਤ ਦੇ ਚੁੱਕੇ ਹਨ ਕਿ ਇਸ ਵਾਰ ਪੰਜਾਬ ਚੋਣਾਂ ਵਿੱਚ ਨੌਜਵਾਨ ਅਤੇ ਨਵੇਂ ਚਿਹਰਿਆਂ ਨੂੰ ਤਰਜੀਹ ਦਿੱਤੀ ਜਾ ਸਕਦੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਅਗਵਾਈ ਡਾ. ਸਿਰੀਵੇਲਾ ਪ੍ਰਸ਼ਾਦ ਕਰ ਰਹੇ ਹਨ, ਜਦੋਂ ਕਿ ਕੌਮੀ ਸਕੱਤਰ ਸਚਿਨ ਸਾਵੰਤ ਅਤੇ ਨਿਵੇਦਿਤ ਅਲਵਾ ਇਸ ਕਮੇਟੀ ਦੇ ਮੈਂਬਰ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਇੰਚਾਰਜ ਨਾਲ ਜੁੜੇ ਕੁੱਲ ਹਿੰਦ ਕਾਂਗਰਸ ਕਮੇਟੀ (AICC) ਦੇ ਸਕੱਤਰ ਇਸ ਕਮੇਟੀ ਦੇ ਵਿਸ਼ੇਸ਼ ਮੈਂਬਰ ਵਜੋਂ ਸ਼ਾਮਲ ਹਨ।

ਸਕਰੀਨਿੰਗ ਕਮੇਟੀ ਵੱਲੋਂ ਹਰੇਕ ਵਿਧਾਨ ਸਭਾ ਹਲਕੇ ਦੇ ਟਿਕਟ ਦੇ ਚਾਹਵਾਨ ਆਗੂਆਂ ਵਿੱਚੋਂ ਪ੍ਰਮੁੱਖ ਨਾਵਾਂ ਦੀ ਛਾਂਟੀ ਕਰਕੇ ਹਲਕਾ ਵਾਰ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ‘ਤੇ ਆਖ਼ਰੀ ਮੋਹਰ ਪਾਰਟੀ ਹਾਈ ਕਮਾਨ ਵੱਲੋਂ ਲਗਾਈ ਜਾਵੇਗੀ। ਪਾਰਟੀ ਸੂਤਰਾਂ ਅਨੁਸਾਰ ਕਾਂਗਰਸ ਪਹਿਲੇ ਪੜਾਅ ਵਿੱਚ ਆਪਣੇ ਵੱਡੇ ਅਤੇ ਦਿੱਗਜ ਆਗੂਆਂ ਦੀ ਸੂਚੀ ਜਾਰੀ ਕਰਨ ਦੀ ਇੱਛੁਕ ਹੈ, ਹਾਲਾਂਕਿ ਪਾਰਟੀ ਦੇ ਕੁਝ ਆਗੂ ਉਮੀਦਵਾਰਾਂ ਦੇ ਅਗੇਤੇ ਐਲਾਨ ਦੇ ਹੱਕ ਵਿੱਚ ਨਹੀਂ ਹਨ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (AAP) ਵੱਲੋਂ ਦੋ ਪੜਾਵਾਂ ਵਿੱਚ ਹੁਣ ਤੱਕ 71 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਕਾਰਨ ਵਿਰੋਧੀ ਧਿਰਾਂ ‘ਤੇ ਵੀ ਦਬਾਅ ਵਧਿਆ ਹੈ। ਕਾਂਗਰਸ ਪਾਰਟੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਹੀ ਅੰਦਰੂਨੀ ਸਰਵੇਖਣ ਸ਼ੁਰੂ ਕਰਵਾਇਆ ਹੋਇਆ ਹੈ। ਇਸ ਦੇ ਨਾਲ ਹੀ ਸੰਭਾਵੀ ਉਮੀਦਵਾਰਾਂ ਦੀ ਲੋਕਪ੍ਰਿਅਤਾ ਜਾਨਣ ਲਈ ਪਾਰਟੀ ਵੱਲੋਂ ਵੱਖਰੇ ਤੌਰ ‘ਤੇ ਵੀ ਸਰਵੇਖਣ ਕਰਵਾਇਆ ਜਾਵੇਗਾ ਅਤੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਦੀ ਰਾਏ ਵੀ ਲਈ ਜਾਵੇਗੀ।

ਸੰਗਰੂਰ ਵਿਖੇ ਹੋਈ ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਕਾਂਗਰਸ ਨੇ ਸੂਬੇ ਵਿੱਚ ਆਪਣੀ ਚੋਣ ਮੁਹਿੰਮ ਨੂੰ ਪੂਰੀ ਰਫ਼ਤਾਰ ਦੇ ਦਿੱਤੀ ਹੈ। ਪਾਰਟੀ ਦੀ ਰਣਨੀਤੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਗਾਂਧੀ ਪਰਿਵਾਰ ਦੇ ਮੈਂਬਰਾਂ ਦੀਆਂ ਪੰਜਾਬ ਵਿੱਚ ਤਿੰਨ ਵੱਡੀਆਂ ਸਿਆਸੀ ਰੈਲੀਆਂ ਕਰਵਾਉਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਇਨ੍ਹਾਂ ਰੈਲੀਆਂ ਨੂੰ ਰਾਹੁਲ ਗਾਂਧੀ ਜਾਂ ਪ੍ਰਿਯੰਕਾ ਗਾਂਧੀ ਸੰਬੋਧਨ ਕਰਨਗੇ। ਪਾਰਟੀ ਯੋਜਨਾ ਅਨੁਸਾਰ ਇਨ੍ਹਾਂ ਵਿੱਚੋਂ ਇੱਕ ਵੱਡੀ ਰੈਲੀ ਮਾਲਵਾ ਖੇਤਰ ਵਿੱਚ ਅਤੇ ਦੋ ਰੈਲੀਆਂ ਮਾਝਾ ਤੇ ਦੁਆਬਾ ਖੇਤਰਾਂ ਵਿੱਚ ਕਰਵਾਈਆਂ ਜਾਣਗੀਆਂ।

 

Leave a Comment