Join WhatsApp

Join Now

Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ! ਪੰਜਾਬ ‘ਚ ਸੰਘਣੀ ਧੁੰਦ ਦੀ ਚੇਤਾਵਨੀ

On: November 20, 2026 5:07 PM

 

Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ! ਪੰਜਾਬ ‘ਚ ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਵਿੱਚ ਮੌਸਮ ਨੇ ਬਦਲਿਆ ਮਿਜ਼ਾਜ; ਸੰਘਣੀ ਧੁੰਦ ਕਾਰਨ ਆਵਾਜਾਈ ਹੋ ਸਕਦੀ ਹੈ ਪ੍ਰਭਾਵਿਤ, ਅਲਰਟ ਜਾਰੀ- ਫਰੀਦਕੋਟ ਰਿਹਾ ਸਭ ਤੋਂ ਠੰਢਾ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਆਸਾਰ

ਚੰਡੀਗੜ੍ਹ, 20 ਨਵੰਬਰ 2026- ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੇ ਹੁਣ ਪੂਰੀ ਤਰ੍ਹਾਂ ਦਸਤਕ ਦੇ ਦਿੱਤੀ ਹੈ ਅਤੇ ਮੌਸਮ ਨੇ ਆਪਣਾ ਮਿਜ਼ਾਜ ਬਦਲਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹੇਗਾ, ਪਰ ਸਵੇਰ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ। ਮੌਸਮ ਵਿਭਾਗ ਨੇ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ 22 ਨਵੰਬਰ ਤੱਕ ਸੂਬੇ ਵਿੱਚ ਸੰਘਣੀ ਧੁੰਦ ਸਬੰਧੀ ਵਿਸ਼ੇਸ਼ ਚਿਤਾਵਨੀ ਜਾਰੀ ਰੱਖੀ ਹੈ।

ਮੌਸਮ ਵਿਗਿਆਨੀਆਂ ਅਨੁਸਾਰ ਖ਼ਾਸ ਤੌਰ ‘ਤੇ ਪੰਜਾਬ ਦੇ ਮਾਝਾ ਅਤੇ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਪ੍ਰਬਲ ਸੰਭਾਵਨਾ ਹੈ। ਸੰਘਣੀ ਧੁੰਦ ਪੈਣ ਕਾਰਨ ਸਵੇਰ ਵੇਲੇ ਦ੍ਰਿਸ਼ਟਤਾ (Visibility) ਕਾਫ਼ੀ ਹੱਦ ਤੱਕ ਘੱਟ ਸਕਦੀ ਹੈ, ਜਿਸ ਦਾ ਸਿੱਧਾ ਅਸਰ ਆਮ ਜਨਜੀਵਨ ‘ਤੇ ਪਵੇਗਾ।

Visibility ਘੱਟ ਹੋਣ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਦੀ ਰਫ਼ਤਾਰ ਅਤੇ ਹਵਾਈ ਉਡਾਣਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪ੍ਰਸ਼ਾਸਨ ਅਤੇ ਟਰੈਫ਼ਿਕ ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਪੂਰੀ ਸਾਵਧਾਨੀ ਵਰਤਣ, ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਦੂਜੇ ਪਾਸੇ, ਧੁੰਦ ਦੇ ਨਾਲ-ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਸੂਬੇ ਵਿੱਚ ਠੁਰ-ਠੁਰ ਵਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਇਸ ਗਿਰਾਵਟ ਤੋਂ ਬਾਅਦ ਹੁਣ ਸੂਬੇ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਮੁਤਾਬਕ, ਪੰਜਾਬ ਵਿੱਚ ਫਰੀਦਕੋਟ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਅਤੇ ਉੱਤਰ-ਪੱਛਮੀ ਠੰਢੀਆਂ ਹਵਾਵਾਂ ਚੱਲਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਦਾ ਪ੍ਰਕੋਪ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ। ਸਿਹਤ ਮਾਹਿਰਾਂ ਨੇ ਵੀ ਬਦਲਦੇ ਮੌਸਮ ਅਤੇ ਵਧਦੀ ਠੰਢ ਨੂੰ ਦੇਖਦਿਆਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣੀ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਅਤੇ ਗਰਮ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਹੈ।

 

Leave a Comment