Join WhatsApp

Join Now

ਅਹਿਮ ਖ਼ਬਰ: ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 6 ਸਰਕਲਾਂ ਦੀਆਂ ਪ੍ਰਧਾਨਾਂ ਸਮੇਤ 55 ਸੈਂਟਰਾਂ ਦੀਆਂ ਵਰਕਰਾਂ ਅਤੇ ਹੈਲਪਰਾਂ

On: November 21, 2026 4:25 PM

 

ਅਹਿਮ ਖ਼ਬਰ: ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 6 ਸਰਕਲਾਂ ਦੀਆਂ ਪ੍ਰਧਾਨਾਂ ਸਮੇਤ 55 ਸੈਂਟਰਾਂ ਦੀਆਂ ਵਰਕਰਾਂ ਅਤੇ ਹੈਲਪਰਾਂ

ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਮੈਡਮ ਛੀਨਾ ਨੇ ਕੀਤਾ ਵੱਡਾ ਐਲਾਨ, ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਗਰੂਰ ’ਚ ਲੱਗੇਗਾ ਅਣਮਿੱਥੇ ਸਮੇਂ ਲਈ ਧਰਨਾ

ਨਵਾਂਸ਼ਹਿਰ, 21 ਨਵੰਬਰ 2026- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਵਿਖੇ ਹੋਈ। ਯੂਨੀਅਨ ਦੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਬਲਾਕ ਪ੍ਰਧਾਨ ਕਵਿਤਾ ਸ਼ਰਮਾ ਅਤੇ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਵੱਖ-ਵੱਖ ਛੇ ਸਰਕਲਾਂ ਦੀਆਂ ਪ੍ਰਧਾਨਾਂ ਸਮੇਤ 55 ਕੇਂਦਰਾਂ ਦੀਆਂ ਵਰਕਰਾਂ ਅਤੇ ਹੈਲਪਰਾਂ ਨੇ ਜਥੇਬੰਦੀ ਨਾਲ ਜੁੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ 100 ਤੋਂ ਵੱਧ ਵਰਕਰਾਂ ਅਤੇ ਹੈਲਪਰਾਂ ਨੇ ਯੂਨੀਅਨ ਵਿੱਚ ਸ਼ਮੂਲੀਅਤ ਕਰਦਿਆਂ ਮੈਡਮ ਛੀਨਾ ਦੀ ਅਗਵਾਈ ਅਤੇ ਦੂਰਦਰਸ਼ੀ ਸੋਚ ਵਿੱਚ ਭਰੋਸਾ ਪ੍ਰਗਟਾਇਆ।

ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਪੰਜਾਬ ਪ੍ਰਧਾਨ ਦੇ ਧਿਆਨ ਵਿੱਚ ਲਿਆਂਦੀਆਂ। ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਕਰਨ ਦਾ ਭਰੋਸਾ ਦਿੱਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਸਾਲ ਚੱਲ ਰਿਹਾ ਹੈ। ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਸਮੇਂ ਹੋਈ ਮੀਟਿੰਗ ਦੌਰਾਨ ਸਰਕਾਰ ਵੱਲੋਂ ਮਾਣ-ਭੱਤਾ ਦੁੱਗਣਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕਾਂ ਦਾ ਦਰਜਾ ਦੇਣ ਦੀ ਮੰਗ ਵੀ ਕੀਤੀ ਗਈ।

ਮੈਡਮ ਛੀਨਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ 27 ਨਵੰਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀਆਂ ਮੀਟਿੰਗਾਂ ਜੇਕਰ ਬੇਸਿੱਟਾ ਰਹਿੰਦੀਆਂ ਹਨ ਤਾਂ ਜਥੇਬੰਦੀ ਵੱਲੋਂ ਸੰਗਰੂਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ ਅਤੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਜਥੇਬੰਦੀ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਇਸ ਤੋਂ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

Leave a Comment